ਪ੍ਰਬੰਧ ਨੂੰ ਮੁੱਖ ਰੱਖਦੇ ਹੋਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਇੰਚਾਰਜ ਅਖੰਡਪਾਠਾਂ ਅਤੇ ਇੰਚਾਰਜ ਰਾਗੀ ਸਿੰਘਾਂ ਨੂੰ ਨੰਬਰ ਜਾਰੀ ਕੀਤੇ ਗਏ ਹਨ ਕਿਰਪਾ ਕਰਕੇ ਅੱਗੇ ਤੋਂ ਆਪ ਜੀ ਇਹਨਾਂ ਨੰਬਰਾਂ ਤੇ ਸੰਪਰਕ ਕਰਨ ਦੀ ਕ੍ਰਿਪਾਲਤਾ ਕਰਨੀ ਜੀ। ਇੰਚਾਰਜ ਰਾਗੀ ਸਿੰਘਾਂ : 75280-13134 ਇੰਚਾਰਜ ਅਖੰਡਪਾਠਾਂ : 75280-13135

ਗ੍ਰੰਥੀਆਂ ਤੇ ਅਖੰਡਪਾਠੀਆਂ ਲਈ ਗੁਰਬਾਣੀ ਦੇ ਸ਼ੁੱਧ ਉਚਾਰਨ ਦੀ ਜਾਣਕਾਰੀ ਜ਼ਰੂਰੀ -ਗਿਆਨੀ ਹਰਪ੍ਰੀਤ ਸਿੰਘ

ਸ੍ਰੀ ਮੁਕਤਸਰ ਸਾਹਿਬ, ੧ ਜੂਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਗ੍ਰੰਥੀ ਤੇ ਪਾਠੀ ਸਿੰਘਾਂ ਨੂੰ ਗੁਰਬਾਣੀ ਦੇ ਸ਼ੁੱਧ ਉਚਾਰਨ ਦੀ ਸਿੱਖਿਆ ਦੇਣ ਲਈ ਤਖਤ ਸਾਹਿਬਾਨ ਦੀ ਅਗਵਾਈ ਵਿਚ ਆਰੰਭੀ ਗਈ ਗੁਰਬਾਣੀ ਪਾਠ ਬੋਧ ਸਮਾਗਮਾਂ ਦੀ ਲੜੀ ਤਹਿਤ ਅੱਜ ਇਥੇ ਪਾਠ ਬੋਧ ਸਮਾਗਮ ਸ਼ੁਰੂ ਕੀਤਾ ਗਿਆ, ਜੋ ਇੱਕ ਮਹੀਨਾ ਚੱਲੇਗਾ। ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਵਿਖੇ ਅਜਾਇਬਘਰ ਦੇ ਹਾਲ ਵਿਚ ਸ਼ੁਰੂ ਹੋਏ ਇਸ ਸਮਾਗਮ ਵਿਚ ੩੧੦ ਗ੍ਰੰਥੀ ਤੇ ਅਖੰਡਪਾਠੀ ਗੁਰਬਾਣੀ ਉਚਾਰਨ ਦੀ ਸਿੱੱਖਿਆ ਲੈਣ ਲਈ ਪਹੁੰਚੇ। ਪਾਠ ਬੋਧ ਸਮਾਗਮ ਦੀ ਆਰੰਭਤਾ ਸਮੇਂ ਭਾਈ ਗੋਪਾਲ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਆਰੰਭਤਾ ਦੀ ਅਰਦਾਸ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੀਤੀ।

ਇਸ ਮੌਕੇ ਵਿਚਾਰ ਸਾਂਝੇ ਕਰਦਿਆਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਗ੍ਰੰਥੀ ਤੇ ਅਖੰਡਪਾਠੀ ਸਿੰਘਾਂ ਲਈ ਗੁਰਬਾਣੀ ਦੀ ਸੰਥਿਆ ਬੇਹੱਦ ਜ਼ਰੂਰੀ ਹੈ, ਕਿਉਂਕਿ ਸ਼ੁੱਧ ਉਚਾਰਨ ਨਾਲ ਹੀ ਗੁਰਬਾਣੀ ਦੇ ਸਹੀ ਅਰਥਾਂ ਨੂੰ ਸਮਝਿਆ ਜਾ ਸਕਦਾ ਹੈ। ਉਨ੍ਹਾਂ ਆਸ ਪ੍ਰਗਟ ਕੀਤੀ ਕਿ ਸੰਥਿਆ ਪ੍ਰਾਪਤ ਕਰਨ ਵਾਲੇ ਗ੍ਰੰਥੀ ਜਿਥੇ ਗੁਰਬਾਣੀ ਦੇ ਸ਼ੁੱਧ ਉਚਾਰਨ ਲਈ ਆਪ ਸੁਚੇਤ ਹੋਣਗੇ, ਉਥੇ ਹੀ ਉਹ ਸੰਗਤਾਂ ਨੂੰ ਵੀ ਗੁਰਬਾਣੀ ਦੇ ਸ਼ੁੱਧ ਉਚਾਰਨ ਦੇ ਮਹੱਤਵ ਬਾਰੇ ਜਾਗਰੂਕ ਕਰਨਗੇ। ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਕਮੇਟੀ ਵੱਲੋਂ ਗੁਰਬਾਣੀ ਪਾਠ ਬੋਧ ਸਮਾਗਮਾਂ ਦੀ ਲੜੀ ਚਲਾਉਣ ਲਈ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਸ਼ਲਾਘਾ ਵੀ ਕੀਤੀ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਫੈਸਲੇ ਅਨੁਸਾਰ ਪਾਠ ਬੋਧ ਸਮਾਗਮ ਦੌਰਾਨ ਸੰਥਿਆ ਪ੍ਰਾਪਤ ਕਰਨ ਵਾਲਿਆਂ ਨੂੰ ਪ੍ਰਮਾਣ ਪੱਤਰ ਅਤੇ ਵਿਸ਼ੇਸ਼ ਸਨਮਾਨ ਦਿੱਤੇ ਜਾਣਗੇ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਨਵਤੇਜ ਸਿੰਘ ਕਾਉਣੀ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸ. ਮਨਜੀਤ ਸਿੰਘ ਬੱਪੀਆਣਾ, ਧਰਮ ਪ੍ਰਚਾਰ ਕਮੇਟੀ ਦੇ ਵਧੀਕ ਸਕੱਤਰ ਪ੍ਰੋ. ਬਲਵਿੰਦਰ ਸਿੰਘ ਜੌੜਾਸਿੰਘਾ ਅਤੇ ਸ਼੍ਰੋਮਣੀ ਕਮੇਟੀ ਦੇ ਉਪ ਦਫਤਰ ਤਖਤ ਸ੍ਰੀ ਦਮਦਮਾ ਸਾਹਿਬ ਦੇ ਵਧੀਕ ਸਕੱਤਰ ਸ. ਕੇਵਲ ਸਿੰਘ ਭੂਰਾ ਕੋਹਨਾ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਗੁਰਬਾਣੀ ਪਾਠ ਬੋਧ ਸਮਾਗਮ ਵਿਚ ਸੰਥਿਆ ਪ੍ਰਾਪਤ ਕਰਨ ਵਾਲਿਆਂ ਨੂੰ ਵਡਭਾਗਾ ਦੱਸਿਆ। ਸਟੇਜ ਦੀ ਸੇਵਾ ਪ੍ਰਚਾਰਕ ਭਾਈ ਸੁਰਜੀਤ ਸਿੰਘ ਸਭਰਾ ਨੇ ਨਿਭਾਈ। ਇਸ ਦੌਰਾਨ ਆਈਆਂ ਹੋਈਆਂ ਪ੍ਰਮੁੱਖ ਸ਼ਖਸੀਅਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ।

ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਜਥੇਦਾਰ ਅਵਤਾਰ ਸਿੰਘ ਵਣਵਾਲਾ, ਸ਼੍ਰੋਮਣੀ ਕਮੇਟੀ ਮੈਂਬਰ ਸ. ਸੁਖਦੇਵ ਸਿੰਘ ਬਾਠ, ਸ. ਸਰੂਪ ਸਿੰਘ, ਸ. ਕੌਰ ਸਿੰਘ ਬਹਾਵਵਾਲਾ, ਜਥੇਦਾਰ ਹੀਰਾ ਸਿੰਘ ਚੜੇਵਾਣ, ਸ. ਬਿੰਦਰ ਸਿੰਘ ਗੋਨੇਵਾਲਾ, ਸ. ਬਲਦੇਵ ਸਿੰਘ ਮੈਨੇਜਰ, ਸ. ਬਲਵਿੰਦਰ ਸਿੰਘ ਗ੍ਰੰਥੀ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ, ਪ੍ਰਚਾਰਕ ਭਾਈ ਸੁਰਜੀਤ ਸਿੰਘ ਸਭਰਾ, ਭਾਈ ਪ੍ਰਮਿੰਦਰ ਸਿੰਘ, ਭਾਈ ਲਖਬੀਰ ਸਿੰਘ ਆਦਿ ਮੌਜੂਦ ਸਨ।