** ਚੇਤਿ ਗੋਵਿੰਦੁ ਅਰਾਧੀਐ ਹੋਵੈ ਅਨੰਦੁ ਘਣਾ ॥ ਸੰਤ ਜਨਾ ਮਿਲਿ ਪਾਈਐ ਰਸਨਾ ਨਾਮੁ ਭਣਾ॥ ** ** ਸਮੁੱਚੀ ਨਾਨਕ ਨਾਮ ਲੇਵਾ ਸੰਗਤ ਨੂੰ ਚੇਤ ਸੰਗਰਾਂਦ ਦੇ ਪਵਿੱਤਰ ਦਿਹਾੜੇ ’ਤੇ ਨਵੇਂ ਨਾਨਕਸ਼ਾਹੀ ਵਰ੍ਹੇ ਸੰਮਤ 557 ਦੀਆਂ ਲੱਖ-ਲੱਖ ਵਧਾਈਆਂ **

ਪੰਚਮ ਪਾਤਸ਼ਾਹ ਨੇ ਲੋਕ ਪੀੜਾ ਤੇ ਲੋਕਾਈ ਦੇ ਦਰਦ ਨੂੰ ਆਪਣੇ ਪਿੰਡੇ ‘ਤੇ ਝਲਦਿਆਂ ਲਾਸਾਨੀ ਸ਼ਹਾਦਤ ਦਿੱਤੀ- ਜਥੇਦਾਰ ਅਵਤਾਰ ਸਿੰਘ

ਸੰਗਤਾਂ ਵੱਲੋਂ ਠੰਢੇ-ਮਿੱਠੇ ਜਲ ਦੀਆਂ ਛਬੀਲਾਂ ਤੇ ਲੰਗਰ ਲਗਾਏ ਗਏ

12ਅੰਮ੍ਰਿਤਸਰ : 08 ਜੂਨ (        ) ਬਾਣੀ ਦੇ ਬੋਹਿਥ, ਸਾਂਤੀ ਦੇ ਪੁੰਜ, ਰੱਬੀ ਰੰਗ ਵਿੱਚ ਅਭੇਦ, ਦੁੱਖ ਹਰਤਾ, ਦੀਨ ਦੁਨੀ ਦੇ ਸ਼ਾਹਿਨਸ਼ਾਹ, ਮਹਾਨ ਤਪੱਸਵੀ, ਕੌਮੀ ਉਸਰੱਈਏ, ਦਿੱਬ ਦ੍ਰਿਸ਼ਟੀ ਦੇ ਮਾਲਿਕ, ਪੰਚਮ ਪਾਤਸ਼ਾਹ, ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰ ਸਾਲ ਦੀ ਤਰ੍ਹਾਂ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ। ਸਵੇਰੇ ਅੰਮ੍ਰਿਤ ਵੇਲੇ ਤੋਂ ਹੀ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਦੇ ਰਮਣੀਕ ਅਸਥਾਨ ਤੇ ਸੰਗਤਾਂ ਸਤਿਨਾਮੁ ਵਾਹਿਗੁਰੂ ਦਾ ਜਾਪੁ ਅਤੇ ਸੇਵਾ ਕਰਦੀਆਂ ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਦੇ ਚਰਨਾਂ ਵਿੱਚ ਜੁੜ ਗਈਆਂ। ਸਵੇਰੇ ਆਸਾ ਜੀ ਦੀ ਵਾਰ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਭਾਈ ਇੰਦਰਜੀਤ ਸਿੰਘ ਦੇ ਹਜ਼ੂਰੀ ਰਾਗੀ ਜਥੇ ਨੇ ਵਿਰਾਗਮਈ ਬਾਣੀ ਦਾ ਕੀਰਤਨ ਕੀਤਾ। ਇਸ ਉਪਰੰਤ ਸ੍ਰੀ ਅਖੰਡਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਅਤੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕੁਲਵਿੰਦਰਜੀਤ ਸਿੰਘ ਦੇ ਜਥੇ ਨੇ ਸੰਗਤਾਂ ਨੂੰ ਅੰਮ੍ਰਿਤਮਈ ਬਾਣੀ ਦੇ ਕੀਰਤਨ ਦੁਆਰਾ ਨਿਹਾਲ ਕੀਤਾ।ਅਰਦਾਸ ਉਪਰੰਤ ਹੁਕਮਨਾਮਾ ਗਿਆਨੀ ਸਕੱਤਰ ਸਿੰਘ ਮੁੱਖ ਗ੍ਰੰਥੀ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਨੇ ਲਿਆ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਏ ਮੁਖ ਵਾਕ ਦੀ ਕਥਾ ਸਿੰਘ ਸਾਹਿਬ ਗਿਆਨੀ ਜਸਵੰਤ ਸਿੰਘ ਨੇ ਕੀਤੀ। ਇਸ ਉਪਰੰਤ ਪੰਥ ਪ੍ਰਸਿੱਧ ਢਾਡੀ ਤੇ ਕਵੀਸ਼ਰੀ ਜਥਿਆਂ ‘ਚ ਭਾਈ ਜਸਬੀਰ ਸਿੰਘ ਵਲਟੋਹਾ, ਭਾਈ ਦਵਿੰਦਰ ਸਿੰਘ, ਭਾਈ ਰਣਜੀਤ ਸਿੰਘ, ਭਾਈ ਦਲਬੀਰ ਸਿੰਘ ਤੇ ਭਾਈ ਗੁਲਜ਼ਾਰ ਸਿੰਘ ਖੇੜਾ ਦੇ ਜਥਿਆਂ ਨੇ ਸ਼ਹੀਦੀ ਵਾਰਾਂ ਗਾ ਕੇ ਸੰਗਤਾਂ ਨੂੰ ਗੁਰ-ਇਤਿਹਾਸ ਨਾਲ ਜੋੜਿਆ। ਨਾਮਵਰ ਕਵੀਆਂ ਨੇ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਲਾਸਨੀ ਸ਼ਹਾਦਤ ਨਾਲ ਸਬੰਧਤ ਆਪਣੀ-ਆਪਣੀ ਕਲਮ ਤੋਂ ਉੱਕਰੀਆਂ ਸਤਰਾਂ ਦੁਆਰਾ ਸੰਗਤਾਂ ਦੀਆਂ ਅੱਖਾਂ ਨੂੰ ਨਮ ਕਰ ਦਿੱਤਾ। ਇਸ ਗੁਰਮਤਿ ਸਮਾਗਮ ਸਮੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਟਾਫ਼ ਦੇ ਇਲਾਵਾ ਭਾਰੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।
ਇਸ ਮਹਾਨ ਸ਼ਹੀਦੀ ਦਿਹਾੜੇ ਤੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ਨਤਮਸਤਿਕ ਹੁੰਦੇ ਹੋਏ ਕਿਹਾ ਕਿ ਗੁਰੂ ਨਾਨਕ ਦੇ ਗੱਦੀ ਤੇ ਬਿਰਾਜਮਾਨ ਪੰਜਵੀਂ ਜੋਤ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਸਿੱਖ ਇਤਿਹਾਸ ਵਿੱਚ ਇਕ ਵਿਲੱਖਣ ਸਥਾਨ ਰੱਖਦੀ ਹੈ। ਉਨ੍ਹਾਂ ਕਿਹਾ ਕਿ ‘ਸ਼ਹਾਦਤ’ ਸ਼ਬਦ ਪੜ੍ਹਦਿਆਂ, ਸੁਣਦਿਆਂ ਹੀ ਪੰਚਮ ਗੁਰੂ ਸਾਹਿਬ ਦੇ ਦਰਸ਼ਨ ਹੋ ਜਾਂਦੇ ਹਨ। ਉਨ੍ਹਾਂ ਕਿਹਾ ਕਿ ਆਪ ਨੇ ਲੋਕ ਪੀੜਾ ਅਤੇ ਲੋਕਾਈ ਦੇ ਦਰਦ ਨੂੰ ਆਪਣੇ ਪਿੰਡੇ ‘ਤੇ ਝਲਦਿਆਂ ਅਦੁੱਤੀ ਸ਼ਹਾਦਤ ਦਿੱਤੀ, ਜਿਸ ਦਾ ਸਿੱਖ ਲਹਿਰ ਅਤੇ ਪੰਜਾਬ ਦੇ ਇਤਿਹਾਸ ਵਿਚ ਬਹੁਤ ਹੀ ਦੂਰਗਾਮੀ ਅਸਰ ਹੋਇਆ। ਸਿੱਖ ਲਹਿਰ ਨੇ ਇਕ ਨਵਾਂ ਮੋੜ ਲਿਆ ਅਤੇ ਲੋਕ ਕਲਿਆਣਕਾਰੀ ਸ਼ਕਤੀ ਜ਼ੋਰਦਾਰ ਤਰੀਕੇ ਨਾਲ ਉੱਭਰੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਇਸ ਪਾਵਨ ਸ਼ਹੀਦੀ ਦਾ ਮੂਲ ਤੇ ਮੁੱਖ ਕਾਰਨ ਸਿੱਖ ਸਿਧਾਂਤ ਤੇ ਆਚਾਰ ਵਿਹਾਰ ਦਾ ਨਿਆਰਾਪਨ ਹੀ ਸੀ, ਜਿਸ ਦੇ ਦਿਨੋ ਦਿਨ ਵਧ ਰਹੇ ਤੇਜ ਪ੍ਰਤਾਪ ਨੂੰ ਬਰਦਾਸ਼ਤ ਕਰਨਾ ਇਸਲਾਮੀ ਸਰਕਾਰ ਤੇ ਉਸ ਦੇ ਤੁਅੱਸਬੀ ਬਾਦਸ਼ਾਹ, ਕਰਮਮਾਂਡੀ, ਧਰਮ ਤੇ ਉਸ ਦੇ ਕੱਟੜਪੰਥੀ ਠੇਕੇਦਾਰਾਂ ਲਈ ਮੁਸ਼ਕਿਲ ਹੋ ਚੁੱਕਾ ਸੀ। ਪੰਜਵੇਂ ਪਾਤਸ਼ਾਹ ਜੀ ਦੀ ਚੜ੍ਹਦੀ ਕਲਾ, ਬੇਬਾਕ ਬਿਆਨ ਤੇ ਨਿਧੜਕ ਐਲਾਨ ਜਿੱਥੇ ਉਨ੍ਹਾਂ ਦੇ ਧਰਮ-ਕਰਮ ਦੀ ਵਿਲੱਖਣਤਾ, ਆਚਾਰ-ਸਦਾਚਾਰ ਦੀ ਨਿਆਰਤਾ, ਕਥਨੀ-ਕਰਨੀ ਦੀ ਸੁਤੰਤਰਤਾ, ਸੁਭਾਅ ਦੀ ਨਿਰਭੈਤਾ ਅਤੇ ਸਿੱਖ ਲਹਿਰ ਦੇ ਅੱਗੇ ਵਧਣ ਦਾ ਸੂਚਕ ਸੀ, ਓਥੇ ਕਰਮਕਾਂਡੀ ਤੁਅੱਸਬੀ ਸ਼ਕਤੀਆਂ ਨੂੰ ਭਾਰੀ ਚੈਲੰਜ ਸੀ। ਉਨ੍ਹਾਂ ਇਸ ਪਾਵਨ-ਪਵਿੱਤਰ ਦਿਹਾੜੇ ਤੇ ਸੰਗਤਾਂ ਨੂੰ ਸੰਦੇਸ਼ ਦੇਂਦਿਆਂ ਕਿਹਾ ਕਿ ਆਓ ! ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ‘ਤੇ ਗੁਰੂ ਜੀ ਦੀ ਮਹਾਨ ਕੁਰਬਾਨੀ ਤੇ ਸ਼ਹੀਦੀ ਫਲਸਫੇ ਨੂੰ ਹਿਰਦਿਆਂ ‘ਚ ਵਸਾ ਲੋਕਾਈ ਦੀ ਸੇਵਾ ਵਿਚ ਜੁਟ ਜਾਈਏ ਅਤੇ ਜ਼ਬਰ-ਜ਼ੁਲਮ ਵਿਰੁੱਧ ਸੰਘਰਸ਼ਸ਼ੀਲ ਹੋਈਏ।
ਇਸ ਪਵਿੱਤਰ ਦਿਹੜੇ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਗੁਰਦੁਆਰਾ ਸ਼ਹੀਦਗੰਜ ਸਾਹਿਬ ਬਾਬਾ ਦੀਪ ਸਿੰਘ ਜੀ, ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸਮੁੱਚੀਆਂ ਸੰਗਤਾਂ ਵੱਲੋਂ ਠੰਢੇ-ਮਿੱਠੇ ਜਲ ਦੀਆਂ ਛਬੀਲਾਂ ਤੇ ਲੰਗਰ ਲਗਾਏ ਗਏ।