ਸੰਗਤਾਂ ਨੂੰ ਗੁਰਮਤਿ ਵਿਚਾਰਧਾਰਾ ਨਾਲ ਜੋੜਨ ਲਈ ਆਰੰਭੀ ਗਈ ਧਰਮ ਪ੍ਰਚਾਰ ਲਹਿਰ ਨੂੰ ਦੇਸ਼ ਵਿਆਪੀ ਬਣਾਇਆ ਜਾਵੇਗਾ –ਪ੍ਰੋ. ਕਿਰਪਾਲ ਸਿੰਘ ਬਡੂੰਗਰ
ਤਲਵੰਡੀ ਸਾਬੋ, 01 ਜੁਲਾਈ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਤਖਤ ਸ੍ਰੀ ਦਮਦਮਾ ਸਾਹਿਬ ਦੇ ਇਤਿਹਾਸਕ ਅਸਥਾਨ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕਰਵਾ ਕੇ ਖਾਲਸਾਈ ਸ਼ਾਨੋ-ਸ਼ੌਕਤ ਨਾਲ ਧਰਮ ਪ੍ਰਚਾਰ ਲਹਿਰ ਦਾ ਆਰੰਭ ਕੀਤਾ ਗਿਆ, ਜਿਸ ਤਹਿਤ ਪੰਜਾਬ ਦੇ ਹਰ ਪਿੰਡ, ਸ਼ਹਿਰ ਤੇ ਕਸਬੇ ਵਿਚ ਸੰਗਤਾਂ ਨੂੰ ਗੁਰਮਤਿ ਫਲਸਫੇ, ਇਤਿਹਾਸ, ਗੁਰਮਤਿ ਰਹਿਣੀ ਅਤੇ ਗੁਰਮਤਿ ਕਦਰਾਂ-ਕੀਮਤਾਂ ਨਾਲ ਜੋੜਿਆ ਜਾਵੇਗਾ। ਧਰਮ ਪ੍ਰਚਾਰ ਲਹਿਰ ਦੀ ਆਰੰਭਤਾ ਮੌਕੇ ਇਥੇ ਕਰਵਾਏ ਗਏ ਗੁਰਮਤਿ ਸਮਾਗਮ ਵਿਚ ਜਿਥੇ ਸਿੱਖ ਕੌਮ ਦੇ ਪ੍ਰਸਿੱਧ ਰਾਗੀ ਜੱਥਿਆਂ ਭਾਈ ਲਖਵਿੰਦਰ ਸਿੰਘ, ਭਾਈ ਇੰਦਰਜੀਤ ਸਿੰਘ ਬੰਬੇ ਵਾਲੇ, ਭਾਈ ਰਾਏ ਸਿੰਘ ਅਤੇ ਭਾਈ ਹਰਜਿੰਦਰ ਸਿੰਘ ਸ੍ਰੀਨਗਰ ਵਾਲਿਆਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਜੋੜਿਆ ਉਥੇ ਪੰਥ ਪ੍ਰਸਿੱਧ ਕਥਾਵਾਚਕ ਭਾਈ ਪਿੰਦਰਪਾਲ ਸਿੰਘ ਨੇ ਗੁਰਬਾਣੀ ਸਿਧਾਂਤਾਂ ਅਨੁਸਾਰ ਕਥਾ ਵਿਚਾਰਾਂ ਕਰਕੇ ਸੰਗਤ ਨੂੰ ਗੁਰਮਤਿ ਰਹਿਣੀ ਅਨੁਸਾਰ ਜੀਵਨ ਜਿਉਣ ਦੀ ਪ੍ਰੇਰਨਾ ਕੀਤੀ। ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ, ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਅਤੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਵੀ ਸੰਗਤਾਂ ਨਾਲ ਵਿਚਾਰ ਸਾਂਝੇ ਕੀਤੇ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਗੁਰਮਤਿ ਆਸ਼ੇ ਅਨੁਸਾਰ ਜੀਵਨ ਜਿਉਣਾ ਸਿੱਖ ਦਾ ਧਰਮ ਕਰਤੱਵ ਹੈ, ਜਿਸ ਲਈ ਗੁਰਬਾਣੀ ਦੀ ਅਣਮੁੱਲੀ ਵਿਚਾਰਧਾਰਾ ਅਤੇ ਸ਼ਾਨਾਮੱਤਾ ਸਿੱਖ ਇਤਿਹਾਸ ਸਾਡੇ ਲਈ ਮਾਰਗ ਦਰਸ਼ਨ ਹੈ। ਉਨ੍ਹਾਂ ਕਿਹਾ ਕਿ ਗੁਰਬਾਣੀ ਸਾਨੂੰ ਗਿਆਨ, ਵਿਗਿਆਨ, ਸ਼ਰਧਾ, ਵਿਸ਼ਵਾਸ, ਸਮਾਜਕ ਵਿਗਿਆਨ ਤੇ ਧਰਮ ਦਰਸ਼ਨ ਸਬੰਧੀ ਸੁਚੱਜੀ ਸੇਧ ਦਿੰਦੀ ਹੈ ਜਿਸ ਤੋਂ ਅਗਵਾਈ ਲੈ ਕੇ ਸੰਪੂਰਨ ਸ਼ਖਸੀਅਤ ਉਸਾਰੀ ਕੀਤੀ ਜਾ ਸਕਦੀ ਹੈ। ਪ੍ਰੋ: ਬਡੂੰਗਰ ਨੇ ਆਖਿਆ ਕਿ ਅਜੋਕੇ ਸਮੇਂ ਵਿਚ ਗੁਰਮਤਿ ਵਿਚਾਰਧਾਰਾ ਨਾਲ ਸੰਗਤਾਂ ਨੂੰ ਜੋੜਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਰੰਭੀ ਗਈ ਇਸ ਧਰਮ ਪ੍ਰਚਾਰ ਲਹਿਰ ਨੂੰ ਦੇਸ਼ ਵਿਆਪੀ ਬਣਾਇਆ ਜਾਵੇਗਾ, ਜਿਸ ਤਹਿਤ ਪਿੰਡ ਪੱਧਰ ਤਕ ਪਹੁੰਚ ਕਰਕੇ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਦੀ ਦੇਖ-ਰੇਖ ਹੇਠ ਪ੍ਰਚਾਰਕ, ਢਾਡੀ, ਕਵੀਸ਼ਰ ਤੇ ਕਥਾਵਾਚਕ ਗੁਰਮਤਿ ਦਾ ਪ੍ਰਚਾਰ ਕਰਨਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਹਰ ਸਿੱਖ ਮਸਲੇ ‘ਤੇ ਗੰਭੀਰਤਾ ਨਾਲ ਕੰਮ ਕਰਦੀ ਹੈ ਅਤੇ ਧਰਮ ਪ੍ਰਚਾਰ ਲਈ ਵੀ ਵਿਉਂਤਬੱਧ ਢੰਗ ਨਾਲ ਕਾਰਜਸ਼ੀਲ ਹੈ। ਉਨ੍ਹਾਂ ਵਿਸ਼ੇਸ਼ ਤੌਰ ‘ਤੇ ਕਿਹਾ ਕਿ ਧਰਮ ਪ੍ਰਚਾਰ ਲਹਿਰ ਦੇ ਅੰਤਰਗਤ ਗੁਰਮਤਿ ਪ੍ਰਚਾਰ ਦੇ ਨਾਲ-ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੁਚੱਜੀ ਸੇਵਾ ਸੰਭਾਲ ਪ੍ਰਤੀ ਵੀ ਗੁਰਦੁਆਰਾ ਕਮੇਟੀਆਂ ਅਤੇ ਸੰਗਤਾਂ ਨੂੰ ਸੁਚੇਤ ਕੀਤਾ ਜਾਵੇਗਾ ਤਾਂ ਜੋ ਬੇਅਦਬੀ ਦੀਆਂ ਘਟਨਾਵਾਂ ਦਾ ਮੰਦਭਾਗਾ ਚਲਨ ਰੋਕਿਆ ਜਾ ਸਕੇ। ਉਨ੍ਹਾਂ ਆਸ ਪ੍ਰਗਟ ਕੀਤੀ ਕਿ ਇਸ ਧਰਮ ਪ੍ਰਚਾਰ ਲਹਿਰ ਦੇ ਨਿਰਸੰਦੇਹ ਹੀ ਸਾਰਥਕ ਨਤੀਜੇ ਨਿਕਲਣਗੇ।
ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਅਤੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਧਰਮ ਪ੍ਰਚਾਰ ਕਮੇਟੀ ਵੱਲੋਂ ਧਰਮ ਪ੍ਰਚਾਰ ਨੂੰ ਪ੍ਰਚੰਡ ਕਰਨ ਲਈ ਆਰੰਭੀ ਗਈ ਇਸ ਧਰਮ ਪ੍ਰਚਾਰ ਲਹਿਰ ਨੂੰ ਸਮੇਂ ਦੀ ਮੁੱਖ ਲੋੜ ਦੱਸਦਿਆਂ ਕਿਹਾ ਕਿ ਇਹ ਇਕ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ ਅਤੇ ਇਸ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਵਧਾਈ ਦੇ ਹੱਕਦਾਰ ਹਨ। ਉਨ੍ਹਾਂ ਕਿਹਾ ਕਿ ਇਸ ਲਹਿਰ ਨੂੰ ਘਰ-ਘਰ ਤਕ ਪਹੁੰਚਾਉਣ ਲਈ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਇਸ ਵਿਚ ਵਧਚੜ੍ਹ ਕੇ ਹਿੱਸਾ ਲੈਣ ਤਾਂ ਜੋ ਸਿੱਖੀ ਦੇ ਬਾਗ਼ ਨੂੰ ਹੋਰ ਪ੍ਰਫੁੱਲਤ ਕੀਤਾ ਜਾ ਸਕੇ।
ਇਸ ਮੌਕੇ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਨੇ ਸੰਗਤਾਂ ਨਾਲ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਨੌਜੁਆਨੀ ਨੂੰ ਧਰਮ ਨਾਲ ਜੋੜਨਾ ਸਾਡੀ ਸਭ ਦੀ ਸਾਂਝੀ ਜ਼ਿੰਮੇਵਾਰੀ ਹੈ ਜਿਸ ਲਈ ਧਾਰਮਿਕ ਸੰਸਥਾਵਾਂ, ਵਿਦਿਅਕ ਅਦਾਰਿਆਂ ਅਤੇ ਮਾਪਿਆਂ ਨੂੰ ਸੰਯੁਕਤ ਰੂਪ ਵਿਚ ਹੰਭਲਾ ਮਾਰਨਾ ਪਵੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਧਰਮ ਪ੍ਰਚਾਰ ਲਹਿਰ ਦੀ ਕਾਮਯਾਬੀ ਲਈ ਦਮਦਮੀ ਟਕਸਾਲ ਅਤੇ ਸੰਤ ਸਮਾਜ ਸ਼੍ਰੋਮਣੀ ਕਮੇਟੀ ਦੇ ਨਾਲ ਪੂਰਨ ਸਹਿਯੋਗ ਕਰੇਗਾ ਅਤੇ ਉਨ੍ਹਾਂ ਨੂੰ ਜੋ ਵੀ ਜ਼ਿੰਮੇਵਾਰੀ ਸੌਂਪੀ ਜਾਵੇਗੀ ਉਹ ਸਮਰਪਿਤ ਹੋ ਕੇ ਨਿਭਾਉਣਗੇ। ਇਸ ਸਮੇਂ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਧਰਮ ਪ੍ਰਚਾਰ ਲਹਿਰ ਦੀ ਰੂਪ ਰੇਖਾ ਸਬੰਧੀ ਸੰਗਤਾਂ ਨੂੰ ਜਾਣਕਾਰੀ ਦਿੱਤੀ ਇਸ ਸਮਾਗਮ ਵਿਚ ਪੁੱਜੀਆਂ ਸ਼ਖਸੀਅਤਾਂ ਅਤੇ ਸੰਗਤਾਂ ਦਾ ਧੰਨਵਾਦ ਵੀ ਕੀਤਾ।
ਇਸ ਸਮਾਗਮ ਵਿਚ ਬਾਬਾ ਅਵਤਾਰ ਸਿੰਘ ਸੁਰਸਿੰਘ ਮੁਖੀ ਦਲ ਬਾਬਾ ਬਿਧੀ ਚੰਦ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ, ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ, ਸਾਬਕਾ ਮੰਤਰੀ ਸ. ਸਿਕੰਦਰ ਸਿੰਘ ਮਲੂਕਾ, ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਾਇਮਪੁਰ, ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ, ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ, ਅੰਤ੍ਰਿੰਗ ਕਮੇਟੀ ਮੈਂਬਰ ਭਾਈ ਰਾਮ ਸਿੰਘ, ਬੀਬੀ ਜੋਗਿੰਦਰ ਕੌਰ, ਭਾਈ ਗੁਰਚਰਨ ਸਿੰਘ ਗਰੇਵਾਲ, ਸ. ਜੈਪਾਲ ਸਿੰਘ ਮੰਡੀਆਂ, ਸ. ਸਤਪਾਲ ਸਿੰਘ ਤਲਵੰਡੀ ਭਾਈ, ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਹਲਕਾ ਵਿਧਾਇਕ ਬੀਬੀ ਬਲਜਿੰਦਰ ਕੌਰ, ਬਾਬਾ ਜੋਗਾ ਸਿੰਘ, ਬਾਬਾ ਬਲਵਿੰਦਰ ਸਿੰਘ ਖਡੂਰ ਸਾਹਿਬ, ਗਿਆਨੀ ਜਗਤਾਰ ਸਿੰਘ ਹੈਡ ਗ੍ਰੰਥੀ ਤਖਤ ਸ੍ਰੀ ਦਮਦਮਾ ਸਾਹਿਬ, ਭਾਈ ਪਰਣਾਮ ਸਿੰਘ ਹੈਡ ਗ੍ਰੰਥੀ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਪਟਿਆਲਾ, ਬਾਬਾ ਜਗਜੀਤ ਸਿੰਘ ਬੜੂ ਸਾਹਿਬ, ਬਾਬਾ ਪ੍ਰੀਤਮ ਸਿੰਘ ਹਰਿਆਣਾ, ਬਾਬਾ ਦਰਸ਼ਨ ਸਿੰਘ ਟਾਹਲਾ ਸਾਹਿਬ, ਬਾਬਾ ਵੀਰ ਸਿੰਘ ਦਿਆਲਪੁਰ, ਬਾਬਾ ਸਤਨਾਮ ਸਿੰਘ ਕਿਲ੍ਹਾ ਅਨੰਦਗੜ੍ਹ, ਬਾਬਾ ਅਮਰੀਕ ਸਿੰਘ ਕਾਰ ਸੇਵਾ ਵਾਲੇ, ਬਾਬਾ ਰਾਜਾ ਸਿੰਘ ਕਾਲਝਰਾਣੀ, ਮੈਂਬਰ ਸ. ਦਿਆਲ ਸਿੰਘ ਕੋਲਿਆਂਵਾਲੀ, ਸ. ਮੋਹਣ ਸਿੰਘ ਬੰਗੀ, ਸ. ਅਮਰੀਕ ਸਿੰਘ ਕੋਟ ਸ਼ਮੀਰ, ਸ. ਗੁਰਪ੍ਰੀਤ ਸਿੰਘ ਝੱਬਰ, ਸ. ਜਗਸੀਰ ਸਿੰਘ ਮਾਂਗੇਆਣਾ, ਸ. ਹਰਪਾਲ ਸਿੰਘ ਜੱਲਾ, ਸ. ਮਿੱਠੂ ਸਿੰਘ ਕਾਹਨੇਕੇ, ਸ. ਗੁਰਤੇਜ ਸਿੰਘ ਢੱਡੇ, ਸ. ਸੁਰਜੀਤ ਸਿੰਘ ਰਾਏਪੁਰ, ਸ. ਅਵਤਾਰ ਸਿੰਘ ਵਣਵਾਲਾ, ਸ. ਮਨਜੀਤ ਸਿੰਘ ਬੱਪੀਆਣਾ, ਸ. ਹਰਤੇਜ ਸਿੰਘ ਭੁੱਲਰਵਾਲਾ, ਸ. ਬਲਦੇਵ ਸਿੰਘ ਚੂੰਘਾ, ਬਾਬਾ ਗੁਰਮੀਤ ਸਿੰਘ ਤਲੋਕੇਵਾਲਾ, ਸ. ਮੇਜਰ ਸਿੰਘ ਢਿੱਲੋਂ, ਸ. ਰਤਨ ਸਿੰਘ ਜੱਫਰਵਾਲ, ਬਾਬਾ ਸੁਖਚੈਨ ਸਿੰਘ ਧਰਮਪੁਰਾ, ਸ. ਪਰਮਜੀਤ ਸਿੰਘ ਖਾਲਸਾ, ਸ. ਜਗਜੀਤ ਸਿੰਘ ਤਲਵੰਡੀ, ਸ. ਰਜਿੰਦਰ ਸਿੰਘ ਮਹਿਤਾ, ਸ. ਸੁਖਦਰਸ਼ਨ ਸਿੰਘ ਮਰਾੜ, ਸ. ਸੁਖਦੇਵ ਸਿੰਘ ਬਾਠ, ਸ. ਨਵਤੇਜ ਸਿੰਘ ਕਾਉਣੀ, ਸ. ਗੁਰਬਚਨ ਸਿੰਘ ਕਰਮੂਵਾਲਾ, ਸ. ਲਖਬੀਰ ਸਿੰਘ ਅਰਾਈਆਵਲਾ, ਬੀਬੀ ਹਰਜੀਤ ਕੌਰ ਭੋਲੂਵਾਲਾ, ਸ. ਬਲਜੀਤ ਸਿੰਘ ਜਲਾਲਉਸਮਾਂ, ਭਾਈ ਸੁਰਿੰਦਰਪਾਲ ਸਿੰਘ ਸਟੱਡੀ ਸਰਕਲ, ਸ. ਗੋਬਿੰਦ ਸਿੰਘ ਕਾਂਝਲਾ, ਸ. ਪ੍ਰਕਾਸ਼ ਸਿੰਘ ਭੱਟੀ, ਸ. ਗੁਰਮੀਤ ਸਿੰਘ ਬੁਰਜ ਮਹਿਮਾ, ਸ. ਸੁਖਦੇਵ ਸਿੰਘ ਭੂਰਾ ਕੋਹਨਾ ਤੇ ਸ. ਬਿਜੈ ਸਿੰਘ ਬਾਦੀਆਂ ਐਡੀਸ਼ਨਲ ਸਕੱਤਰ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ ਮੀਤ ਸਕੱਤਰ, ਸ ਜਗਜੀਤ ਸਿੰਘ ਮੈਨੇਜਰ ਤਖਤ ਸ੍ਰੀ ਦਮਦਮਾ ਸਾਹਿਬ ਆਦਿ ਹਾਜ਼ਰ ਸਨ।