ਅੰਮ੍ਰਿਤਸਰ, 19 ਅਗਸਤ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਾਈ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ਵਿਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਲਕੇ 20 ਅਗਸਤ 2022 ਨੂੰ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ। ਇਸ ਸਮਾਗਮ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਅਤੇ ਸਿੰਘ ਸਾਹਿਬਾਨ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰੀ ਭਰਨਗੀਆਂ। ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪਰਮਜੀਤ ਸਿੰਘ ਸਰੋਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੇ ਕੁਝ ਸਾਲਾਂ ਤੋਂ ਸ਼੍ਰੋਮਣੀ ਕਮੇਟੀ ਤੇ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧ ਵੱਲੋਂ ਭਾਈ ਮੱਖਣ ਸ਼ਾਹ ਲੁਬਾਣਾ ਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ਵਿਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਦੀ ਸ਼ੁਰੂਆਤ ਕੀਤੀ ਗਈ ਹੈ। ਜਿਸ ਤਹਿਤ ਇਸ ਵਾਰ ਇਹ ਸਮਾਗਮ ਭਲਕੇ 20 ਅਗਸਤ ਨੂੰ ਕੀਤਾ ਜਾਵੇਗਾ। ਇਸ ਸਬੰਧ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਰਾਗੀ, ਢਾਡੀ ਜਥੇ ਸੰਗਤ ਨੂੰ ਗੁਰੂ ਜਸ ਸਰਵਣ ਕਰਵਾਉਣਗੇ। ਉਨ੍ਹਾਂ ਦੱਸਿਆ ਕਿ ਅਮਰੀਕਾ ਤੋਂ ਗੁਰਦੁਆਰਾ ਭਾਈ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਨਿਊਯਾਰਕ ਦੀ ਪ੍ਰਬੰਧਕ ਕਮੇਟੀ ਦੇ ਨੁਮਾਇੰਦੇ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਵਿਸ਼ੇਸ਼ ਤੌਰ ’ਤੇ ਸਮਾਗਮ ਵਿਚ ਸ਼ਿਰਕਤ ਕਰਨਗੀਆਂ।