** ਚੇਤਿ ਗੋਵਿੰਦੁ ਅਰਾਧੀਐ ਹੋਵੈ ਅਨੰਦੁ ਘਣਾ ॥ ਸੰਤ ਜਨਾ ਮਿਲਿ ਪਾਈਐ ਰਸਨਾ ਨਾਮੁ ਭਣਾ॥ ** ** ਸਮੁੱਚੀ ਨਾਨਕ ਨਾਮ ਲੇਵਾ ਸੰਗਤ ਨੂੰ ਚੇਤ ਸੰਗਰਾਂਦ ਦੇ ਪਵਿੱਤਰ ਦਿਹਾੜੇ ’ਤੇ ਨਵੇਂ ਨਾਨਕਸ਼ਾਹੀ ਵਰ੍ਹੇ ਸੰਮਤ 557 ਦੀਆਂ ਲੱਖ-ਲੱਖ ਵਧਾਈਆਂ **

ਭਾਈ ਅਮਰਜੀਤ ਸਿੰਘ ਚਾਵਲਾ ਨੇ ਪ੍ਰੋ: ਕਿਰਪਾਲ ਸਿੰਘ ਬਡੂੰਗਰ, ਪ੍ਰਮੁੱਖ ਸ਼ਖਸੀਅਤਾਂ ਤੇ ਸਕੂਲਾਂ ਦੇ ਸਟਾਫ ਦਾ ਕੀਤਾ ਧੰਨਵਾਦ

ਗੁਰਦੁਆਰਾ ਬਿਭੌਰ ਸਾਹਿਬ ਵਿਖੇ ਗੁਰਮਤਿ ਸਿਖਲਾਈ ਕੈਂਪ ਦੌਰਾਨ ਖਾਲਸਾਈ ਜਾਹੋ ਜਲਾਲ ਦਾ ਪ੍ਰਗਟਾਵਾ ਕਰਦੇ ਹੋਏ ਵਿਦਿਆਰਥੀ।

ਗੁਰਮਤਿ ਸਿਖਲਾਈ ਕੈਂਪ ਦੌਰਾਨ ਵੱਖ-ਵੱਖ ਮੁਕਾਬਲਿਆਂ ਵਿਚੋਂ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਬੱਚਿਆਂ ਨੂੰ ਸਨਮਾਨਿਤ ਕਰਦੇ ਹੋਏ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ, ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ ਤੇ ਹੋਰ।

ਨੰਗਲ, 9 ਜੂਨ:-  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੱਚਿਆਂ ਅਤੇ ਨੌਜੁਆਨਾਂ ਨੂੰ ਗੁਰਮਤਿ ਨਾਲ ਜੋੜਨ ਲਈ ਗੁਰਦੁਆਰਾ ਬਿਭੌਰ ਸਾਹਿਬ ਵਿਖੇ ੪ ਜੂਨ ਤੋਂ ਆਰੰਭ ਹੋਏ ‘ਗੁਰਮਤਿ ਸਿਖਲਾਈ ਕੈਂਪ’ ਦੇ ਸਮਾਪਤੀ ਸਮਾਰੋਹ ਮੌਕੇ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ, ਸਾਬਾਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਅਤੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ ਉਚੇਚੇ ਤੌਰ ‘ਤੇ ਪਹੁੰਚੇ ਅਤੇ ਕੈਂਪ ਵਿਚ ਸ਼ਾਮਲ ਬੱਚਿਆਂ ਨਾਲ ਸਿੱਖ ਇਤਿਹਾਸ ਤੇ ਗੁਰਮਤਿ ਫਲਸਫੇ ਸਬੰਧੀ ਭਾਵਪੂਰਤ ਵਿਚਾਰਾਂ ਸਾਂਝੀਆਂ ਕੀਤੀਆਂ। ਅੱਜ ਕੈਂਪ ਦੇ ਆਖਰੀ ਦਿਨ ਦੀ ਆਰੰਭਤਾ ਬੱਚਿਆਂ ਵੱਲੋਂ ਨਿਸ਼ਾਨ ਸਾਹਿਬ ਨੂੰ ਸਲਾਮੀ ਦੇ ਕੇ ਕੀਤੀ ਗਈ। ਇਸ ਮੌਕੇ ਕੈਂਪ ਦੇ ਪ੍ਰਬੰਧਕ ਭਾਈ ਅਮਰਜੀਤ ਸਿੰਘ ਚਾਵਲਾ ਵੱਲੋਂ ਖਾਲਸਾਈ ਜਾਹੋ-ਜਲਾਲ ਨੂੰ ਪੇਸ਼ ਕਰਦਿਆਂ ‘ਪੰਥ ਤੇਰੇ ਦੀਆਂ ਗੂੰਜਾਂ ਜੁਗੋ ਜੁਗ ਪੈਣਗੀਆਂ’ ਵਾਲੇ ਜੋਸ਼ੀਲੇ ਬੋਲਿਆਂ ਰਾਹੀਂ ਬੱਚਿਆਂ ਵਿਚ ਨਵਾਂ ਜੋਸ਼ ਭਰਿਆ। ਇਸ ਤੋਂ ਬਾਅਦ ਬੱਚਿਆਂ ਦੇ ਧਾਰਮਿਕ ਕਵਿਤਾ, ਕਵੀਸ਼ਰੀ, ਦਸਤਾਰ ਤੇ ਸਿੱਖ ਇਤਿਹਾਸ ਸਬੰਧੀ ਚਿਤਰਕਾਰੀ ਮੁਕਾਬਲੇ ਕਰਵਾਏ ਗਏ ਅਤੇ ਗੁਰਮਤਿ ਗਿਆਨ ਸਬੰਧੀ ਲਿਖਤੀ ਟੈਸਟ ਵੀ ਲਿਆ ਗਿਆ। ਇਨ੍ਹਾਂ ਮੁਕਾਬਲਿਆਂ ਵਿਚ ਪਹਿਲੇ, ਦੂਜੇ ਤੇ ਤੀਜੇ ਸਥਾਨ ‘ਤੇ ਰਹਿਣ ਵਾਲੇ ਬੱਚਿਆਂ ਨੂੰ ਕ੍ਰਮਵਾਰ ੩੧੦੦, ੨੧੦੦ ਤੇ ੧੧੦੦ ਰੁਪਏ ਇਨਾਮ ਵਜੋਂ ਦਿਤੇ ਗਏ। ਇਸ ਤੋਂ ਇਲਾਵਾ ਮੁਕਾਬਲਿਆਂ ਵਿਚ ਭਾਗ ਲੈਣ ਬੱਚਿਆਂ ਨੂੰ ਮੈਡਲ, ਜਦਕਿ ਕੈਂਪ ਵਿਚ ਭਾਗ ਲੈਣ ਵਾਲੇ ਹਰ ਬੱਚੇ ਨੂੰ ਪ੍ਰਸ਼ੰਸਾ ਪੱਤਰ ਦਿੱਤੇ ਗਏ। ਕੈਂਪ ਵਿਚ ਵਧੀਆ ਕਾਰਗੁਜ਼ਾਰੀ ਲਈ ਬਾਬਾ ਅਜੈ ਸਿੰਘ ਖਾਲਸਾ ਕਾਲਜੀਏਟ ਸਕੂਲ, ਗੁਰਦਾਸ ਨੰਗਲ ਦੇ ਵਿਦਿਆਰਥੀਆਂ ਕਾਕਾ ਦਿਲਪ੍ਰੀਤ ਸਿੰਘ ਤੇ ਕਾਕਾ ਪਵਨਪ੍ਰੀਤ ਸਿੰਘ ਨੂੰ ਬੈਸਟ ਕੈਂਪਰ ਚੁਣਿਆ ਗਿਆ।
ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਆਪਣੇ ਸੰਬੋਧਨ ਵਿਚ ਬੱਚਿਆਂ ਨੂੰ ਪ੍ਰੇਰਨਾ ਕਰਦਿਆਂ ਕਿਹਾ ਕਿ ਅੱਜ ਦੇ ਸਮੇਂ ਵਿਚ ਮਨੁੱਖੀ ਵਖਰੇਵਿਆਂ ਦੀ ਆੜ ਹੇਠ ਸਮਾਜ ਵਿਚ ਵਧ ਰਹੇ ਪਾੜੇ ਨੂੰ ਰੋਕਣ ਲਈ ਗੁਰਬਾਣੀ ਤੋਂ ਸੇਧ ਪ੍ਰਾਪਤ ਕਰਨੀ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਬੱਚੇ ਅਤੇ ਨੌਜੁਆਨ ਕੌਮ ਦਾ ਭਵਿੱਖ ਹਨ ਅਤੇ ਇਸ ਭਵਿੱਖ ਦੀ ਬੇਹਤਰੀ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪੂਰਨ ਤੌਰ ‘ਤੇ ਸੁਚੇਤ ਹੈ ਜਿਸਦੇ ਅੰਤਰਗਤ ਹੀ ਇਹ ਕੈਂਪ ਲਗਾਇਆ ਗਿਆ ਹੈ। ਪ੍ਰੋ: ਬਡੂੰਗਰ ਨੇ ਆਖਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਅਜਿਹੇ ਉਪਰਾਲੇ ਨਿਰੰਤਰ ਜਾਰੀ ਰਹਿਣਗੇ ਤਾਂ ਜੋ ਬੱਚੇ ਅਕਾਦਮਿਕ ਸਿੱਖਿਆ ਦੇ ਨਾਲ-ਨਾਲ ਆਪਣੇ ਧਰਮ, ਇਤਿਹਾਸ ਤੇ ਵਿਰਾਸਤ ਦੀ ਜਾਣਕਾਰੀ ਵੀ ਪ੍ਰਾਪਤ ਸਕਣ।  
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਬੱਚਿਆਂ ਨੂੰ ਧਾਰਮਿਕ ਤੇ ਨੈਤਿਕ ਸਿੱਖਿਆ ਨਾਲ ਜੋੜਨ ਲਈ ਪ੍ਰੋ: ਕਿਰਪਾਲ ਸਿੰਘ ਬਡੂੰਗਰ ਵੱਲੋਂ ਕੀਤੇ ਗਏ ਇਸ ਸ਼ਲਾਘਾਯੋਗ ਉਪਰਾਲੇ ਲਈ ਵਧਾਈ ਦਿੰਦਿਆਂ ਕਿਹਾ ਕਿ ਅੱਜ ਦੇ ਦੌਰ ਵਿਚ ਬੱਚਿਆਂ ਨੂੰ ਆਪਣੀਆਂ ਜੜ੍ਹਾਂ ਨਾਲ ਜੋੜਨ ਲਈ ਇਹ ਗੁਰਮਤਿ ਸਿਖਲਾਈ ਕੈਂਪ ਬਹੁਤ ਪ੍ਰਭਾਵੀ ਸਾਬਤ ਹੋਵੇਗਾ।
ਕੈਂਪ ਦੀ ਅਗਵਾਈ ਕਰ ਰਹੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਪਿਛਲੇ ਇਕ ਹਫਤੇ ਤੋਂ ਕੈਂਪ ਦੌਰਾਨ ਬੱਚਿਆਂ ਨੂੰ ਅਨੁਸ਼ਾਸਨ ਵਿਚ ਰਹਿ ਕੇ ਗੁਰਮਤਿ ਦੀ ਸਿਧਾਂਤਕ ਅਤੇ ਇਤਿਹਾਸਕ ਜਾਣਕਾਰੀ ਪ੍ਰਾਪਤ ਕਰਨ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਬੱਚਿਆਂ ਨੇ ਕੌਮ ਦੇ ਵੱਖ-ਵੱਖ ਵਿਦਵਾਨਾਂ ਪਾਸੋਂ ਗੁਰਮਤਿ ਫਲਸਫੇ ਤੇ ਗੁਰਬਾਣੀ ਅਨੁਸਾਰ ਸ਼ਖਸੀਅਤ ਉਸਾਰੀ ਬਾਰੇ ਕੀਤੇ ਗਏ ਵਿਖਿਆਨਾਂ ਨੂੰ ਬਹੁਤ ਗੰਭੀਰਤਾ ਨਾਲ ਸੁਣਿਆ ਤੇ ਸਮਝਿਆ ਹੈ। ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੈਂਪ ਵਿਚ ਸਿੱਖ ਵਿਦਿਆਰਥੀਆਂ ਦੇ ਨਾਲ ਹੋਰਨਾਂ ਧਰਮਾਂ ਦੇ ਬੱਚੇ ਵੀ ਸ਼ਾਮਲ ਹੋਏ ਹਨ। ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਸਮੇਤ ਹੋਰ ਪ੍ਰਮੁੱਖ ਸ਼ਖਸੀਅਤਾਂ, ਵੱਖ-ਵੱਖ ਸਕੂਲਾਂ ਦੇ ਸਟਾਫ ਮੈਂਬਰਾਂ ਦਾ ਧੰਨਵਾਦ ਕੀਤਾ ਅਤੇ ਬੱਚਿਆਂ ਦੀ ਇਸ ਕੈਂਪ ਪ੍ਰਤੀ ਵਿਖਾਈ ਵਿਸ਼ੇਸ਼ ਰੁਚੀ ਲਈ ਪ੍ਰਸ਼ੰਸਾ ਕੀਤੀ। ਇਸ ਸਮੇਂ ਭਾਈ ਅਮਰਜੀਤ ਸਿੰਘ ਚਾਵਲਾ, ਪ੍ਰਿੰਸੀਪਲ ਸੁਰਿੰਦਰ ਸਿੰਘ, ਡਾ. ਧਰਮਿੰਦਰ ਸਿੰਘ ਉਭਾ ਤੇ ਪ੍ਰਿੰਸੀਪਲ ਸਤਵੰਤ ਕੌਰ ਵੱਲੋਂ ਪ੍ਰੋ. ਕਿਰਪਾਲ ਸਿੰਘ ਬਡੂੰਗਰ ਤੇ ਹੋਰਾਂ ਨੂੰ ਵੀ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਫੂਲਾ ਸਿੰਘ, ਮੈਂਬਰ ਸ਼੍ਰੋਮਣੀ ਕਮੇਟੀ ਪ੍ਰਿੰਸੀਪਲ ਸੁਰਿੰਦਰ ਸਿੰਘ, ਸਾਬਕਾ ਮੈਂਬਰ ਸ. ਜਗੀਰ ਸਿੰਘ ਤੇ ਸ. ਸਤਨਾਮ ਸਿੰਘ, ਬਾਬਾ ਅਵਤਾਰ ਸਿੰਘ ਟਿੱਬੀ ਸਾਹਿਬ, ਬਾਬਾ ਲਾਭ ਸਿੰਘ ਕਿਲਾ ਅਨੰਦਗੜ੍ਹ ਸਾਹਿਬ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ ਤੇ ਸ. ਸਿਮਰਜੀਤ ਸਿੰਘ, ਡਾਇਰੈਕਟਰ ਸਿਖਿਆ ਡਾ. ਧਰਮਿੰਦਰ ਸਿੰਘ ਉਭਾ, ਅਸਿਸਟੈਂਟ ਡਾਇਰੈਕਟਰ ਪ੍ਰਿੰਸੀਪਲ ਸਤਵੰਤ ਕੌਰ, ਸ. ਮਨਜੀਤ ਸਿੰਘ ਘਨੌਲੀ ਸਾਬਕਾ ਚੇਅਰਮੈਨ, ਸ. ਸਤਨਾਮ ਸਿੰਘ ਝੱਜ, ਪ੍ਰੋ: ਸੁਖਦੇਵ ਸਿੰਘ ਇੰਚਾਰਜ, ਵੱਖ-ਵੱਖ ਸਕੂਲਾਂ ਦਾ ਸਟਾਫ ਆਦਿ ਹਾਜ਼ਰ ਸਨ।