ਐਡਵੋਕੇਟ ਧਾਮੀ ਨੇ ਅਦਾਰਿਆਂ ਦੇ ਮੁਖੀਆਂ ਨੂੰ ਬਕਾਇਆ ਤਨਖ਼ਾਹਾਂ ਦੀ ਰਾਸ਼ੀ ਦੇ ਚੈਕ ਦਿੱਤੇ
ਅੰਮ੍ਰਿਤਸਰ, 18 ਮਈ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਵਿਦਿਅਕ ਅਦਾਰਿਆਂ ਦੇ ਸਟਾਫ ਦੀਆਂ ਬਕਾਇਆ ਤਨਖ਼ਾਹਾਂ ਦੀ 25 ਕਰੋੜ ਦੇ ਕਰੀਬ ਰਾਸ਼ੀ ਜਾਰੀ ਕੀਤੀ ਗਈ ਹੈ। ਬੀਤੇ ਕੱਲ੍ਹ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਵਿੱਚੋਂ 13 ਕਰੋੜ 63 ਲੱਖ ਰੁਪਏ ਦੇ ਚੈੱਕ ਵੱਖ-ਵੱਖ ਸਕੂਲਾਂ ਕਾਲਜਾਂ ਦੇ ਮੁਖੀਆਂ ਨੂੰ ਦਿੱਤੇ। ਇਸ ਮੌਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਕੋਰੋਨਾ ਅਤੇ ਸਰਕਾਰ ਵੱਲੋਂ ਐਸਸੀ ਸਕਾਲਰਸ਼ਿਪ ਦੀ ਅਦਾਇਗੀ ਨਾ ਕਰਨ ਕਾਰਨ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਕਈ ਵਿਦਿਅਕ ਅਦਾਰੇ ਵਿੱਤੀ ਸੰਕਟ ਦਾ ਸਾਹਮਣਾ ਕਰ ਰਹੇ ਸਨ, ਜਿਸ ਕਰਕੇ ਪਿਛਲੇ ਸਮੇਂ ਦੌਰਾਨ ਸਟਾਫ ਦੀਆਂ ਤਨਖ਼ਾਹਾਂ ਬਕਾਇਆ ਸਨ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਬੰਧ ਹੇਠਲੇ 29 ਕਾਲਜ ਅਤੇ 44 ਸਕੂਲਾਂ ਦੇ ਸਟਾਫ ਦੀਆਂ ਤਨਖ਼ਾਹਾਂ ਬਕਾਇਆ ਸਨ, ਜਿਨ੍ਹਾਂ ਵਿੱਚੋਂ 9 ਕਾਲਜਾਂ ਦੇ ਸਟਾਫ ਨੂੰ 8 ਕਰੋੜ 72 ਲੱਖ 12 ਹਜ਼ਾਰ ਦੇ ਕਰੀਬ ਦੀ ਅਦਾਇਗੀ ਕੀਤੀ ਗਈ ਹੈ। ਇਸੇ ਤਰ੍ਹਾਂ 19 ਸਕੂਲਾਂ ਦੇ ਸਟਾਫ ਨੂੰ ਵੀ 4 ਕਰੋੜ 91 ਲੱਖ 53 ਹਜ਼ਾਰ ਦੇ ਕਰੀਬ ਦੀ ਅਦਾਇਗੀ ਕਰ ਦਿੱਤੀ ਗਈ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਕਿਹਾ ਕਿ ਬਾਕੀ ਰਹਿੰਦੇ ਸਕੂਲਾਂ ਅਤੇ ਕਾਲਜਾਂ ਦੀਆਂ ਤਨਖ਼ਾਹਾਂ ਦੀ ਰਾਸ਼ੀ ਦੇ ਚੈੱਕ ਵੀ ਤਿਆਰ ਹਨ, ਜੋ ਜਲਦ ਹੀ ਵਿਦਿਅਕ ਅਦਾਰਿਆਂ ਨੂੰ ਦਿੱਤੇ ਜਾਣਗੇ। ਇਸ ਮੌਕੇ ਉਨ੍ਹਾਂ ਪ੍ਰਿੰਸੀਪਲਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਵਿਦਿਅਕ ਅਦਾਰਿਆਂ ਵਿਚ ਬੱਚਿਆਂ ਦੇ ਦਾਖਲੇ ਵੱਲ ਵਿਸ਼ੇਸ਼ ਧਿਆਨ ਦੇਣ ਅਤੇ ਅਦਾਰਿਆਂ ਨੂੰ ਸਵੈ-ਨਿਰਭਰ ਬਣਾਉਣ ਲਈ ਯਤਨ ਕਰਨ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ ਸਿੰਘ, ਅੰਤ੍ਰਿੰਗ ਮੈਂਬਰ ਸ. ਗੁਰਿੰਦਰਪਾਲ ਸਿੰਘ ਗੋਰਾ, ਸ. ਬਲਵਿੰਦਰ ਸਿੰਘ ਵੇਈਂਪੂਈਂ, ਸ. ਹਰਜਾਪ ਸਿੰਘ ਸੁਲਤਾਨਵਿੰਡ, ਭਾਈ ਗੁਰਚਰਨ ਸਿੰਘ ਗਰੇਵਾਲ, ਸ. ਸੁਰਜੀਤ ਸਿੰਘ ਭਿੱਟੇਵੱਡ, ਸ. ਅਵਤਾਰ ਸਿੰਘ ਰਿਆ, ਸ. ਗੁਰਨਾਮ ਸਿੰਘ ਜੱਸਲ, ਵਧੀਕ ਸਕੱਤਰ ਸ. ਸੁਖਮਿੰਦਰ ਸਿੰਘ, ਡਿਪਟੀ ਡਾਇਰੈਕਟਰ ਬੀਬੀ ਸਤਵੰਤ ਕੌਰ, ਇੰਚਾਰਜ ਸ. ਕਾਰਜ ਸਿੰਘ ਅਤੇ ਵੱਖ-ਵੱਖ ਕਾਲਜਾਂ ਅਤੇ ਸਕੂਲਾਂ ਦੇ ਪ੍ਰਿੰਸੀਪਲ ਮੌਜੂਦ ਸਨ।