ਸੰਗਤਾਂ ਪਹਿਲੇ ਪਾਤਸ਼ਾਹ ਦੇ ਮੁਲਵਾਨ ਉਪਦੇਸ਼ਾਂ ਨੂੰ ਜੀਵਨ ਦਾ ਹਿੱਸਾ ਬਣਾਉਣ-ਭਾਈ ਲੌਂਗੋਵਾਲ
੫੫੦ ਸਾਲਾ ਪ੍ਰਕਾਸ਼ ਪੁਰਬ ਕੌਮੀ ਇਕਜੁਟਤਾ ਨਾਲ ਮਨਾਇਆ ਜਾਵੇ-ਗਿਆਨੀ ਹਰਪ੍ਰੀਤ ਸਿੰਘ
ਬਠਿੰਡਾ, 27 ਮਾਰਚ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਡਿੱਖ (ਬਠਿੰਡਾ) ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਕੇ ਸੰਗਤ ਨਾਲ ਵਿਚਾਰ ਸਾਂਝੇ ਕੀਤੇ। ਸਮਾਗਮ ਦੌਰਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਮਨੁੱਖੀ ਜੀਵਨ ਦੀ ਹਰ ਪੱਖ ਤੋਂ ਅਗਵਾਈ ਕਰਦੀ ਹੈ ਅਤੇ ਗੁਰੂ ਸਾਹਿਬ ਜੀ ਦੇ ੫੫੦ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੁੰਦਿਆਂ ਸਾਨੂੰ ਗੁਰੂ ਸਾਹਿਬ ਜੀ ਦੇ ਮੁਲਵਾਨ ਉਪਦੇਸ਼ਾਂ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ੫੫੦ਵੇਂ ਪ੍ਰਕਾਸ਼ ਪੁਰਬ ਸਬੰਧੀ ਪੰਜਾਬ ਦੇ ਵੱਖ-ਵੱਖ ਹਲਕਿਆਂ ਤੋਂ ਇਲਾਵਾ ਦੇਸ਼ ਦੇ ਹੋਰਨਾਂ ਸੂਬਿਆਂ ਵਿਚ ਵੀ ਗੁਰਮਤਿ ਸਮਾਗਮਾਂ ਦੀ ਲੜੀ ਆਰੰਭ ਕੀਤੀ ਗਈ ਹੈ, ਜੋ ਸਾਰਾ ਸਾਲ ਜਾਰੀ ਰਹੇਗੀ। ਇਸ ਮੌਕੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਮੁੱਚੇ ਸਿੱਖ ਜਗਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਇਤਿਹਾਸਕ ਪੁਰਬ ਇਕਜੁਟਤਾ ਨਾਲ ਮਨਾਉਣ ਲਈ ਕਿਹਾ। ਉਨ੍ਹਾਂ ਆਖਿਆ ਕਿ ਇਹ ਖ਼ਾਸ ਮੌਕਾ ਕੌਮੀ ਇਕਜੁਟਤਾ ਅਤੇ ਖ਼ਾਲਸਾ ਪੰਥ ਦੀ ਚੜ੍ਹਦੀ ਕਲਾ ਦੇ ਪ੍ਰਗਟਾਵੇ ਲਈ ਵਰਤਿਆ ਜਾਣਾ ਚਾਹੀਦਾ ਹੈ ਅਤੇ ਇਸ ਸਮੇਂ ਸਾਰੀਆਂ ਧਿਰਾਂ ਇਕ ਪਲੇਟਫਾਰਮ ‘ਤੇ ਇਕੱਠੀਆਂ ਹੋਣ। ਇਸ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹਜ਼ੂਰੀ ਰਾਗੀ ਭਾਈ ਰਾਇ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਦਿੱਤ ਸਿੰਘ, ਕਥਾਵਾਚਕ ਭਾਈ ਸਰਬਜੀਤ ਸਿੰਘ ਢਟੀਆਂ ਤੇ ਭਾਈ ਨਿਰਭੈ ਸਿੰਘ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਨਾਲ ਜੋੜਿਆ।
ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰ ਸ. ਗੁਰਤੇਜ ਸਿੰਘ ਢੱਡੇ, ਸ. ਮੇਜਰ ਸਿੰਘ ਢਿੱਲੋਂ, ਸ. ਜਗਸੀਰ ਸਿੰਘ ਮਾਂਗੇਆਣਾ, ਸ. ਜਗਜੀਤ ਸਿੰਘ, ਜਥੇਦਾਰ ਫੁੰਮਣ ਸਿੰਘ, ਬੀਬੀ ਜੋਗਿੰਦਰ ਕੌਰ ਬਠਿੰਡਾ, ਬਾਬਾ ਅੰਗਰੇਜ਼ ਸਿੰਘ ਗੁਰਦੁਆਰਾ ਤਿੱਤਰਸਰ, ਸ. ਦਰਸ਼ਨ ਸਿੰਘ ਲੌਂਗੋਵਾਲ ਪੀ.ਏ., ਭਾਈ ਗੁਰਜੰਟ ਸਿੰਘ ਹੈੱਡ ਗ੍ਰੰਥੀ, ਸ. ਕਰਨ ਸਿੰਘ ਮੈਨੇਜਰ ਤਖ਼ਤ ਸ੍ਰੀ ਦਮਦਮਾ ਸਾਹਿਬ, ਸ. ਭੋਲਾ ਸਿੰਘ ਇੰਚਾਰਜ ਸਬ-ਆਫ਼ਿਸ ਧਰਮ ਪ੍ਰਚਾਰ ਕਮੇਟੀ, ਸ. ਸੁਰਜੀਤ ਸਿੰਘ ਠੀਕਰੀਵਾਲ, ਸ. ਸ਼ਮਸ਼ੇਰ ਸਿੰਘ ਚੱਠਾ, ਸ. ਅਜਾਇਬ ਸਿੰਘ, ਭਾਈ ਮੇਜਰ ਸਿੰਘ, ਭਾਈ ਸੁਖਪਾਲ ਸਿੰਘ ਡਿੱਖ, ਭਾਈ ਮੱਘਰ ਸਿੰਘ ਭੋਰਾ, ਭਾਈ ਸਿਮਰਜੀਤ ਸਿੰਘ ਮੱਤੀ, ਭਾਈ ਜੀਵਨ ਸਿੰਘ ਘਰਾਚੋਂ, ਭਾਈ ਅਮਨਦੀਪ ਸਿੰਘ ਫੱਤਾ ਸਮੇਤ ਭਰਵੀਂ ਗਿਣਤੀ ਵਿਚ ਸੰਗਤ ਹਾਜ਼ਰ ਸੀ।ਇਸ ਮੌਕੇ ਹੋਏ ਅੰਮ੍ਰਿਤ ਸੰਚਾਰ ਦੌਰਾਨ ੩੯ ਪ੍ਰਾਣੀਆਂ ਨੇ ਅੰਮ੍ਰਿਤਪਾਨ ਕੀਤਾ, ਜਿਨ੍ਹਾਂ ਨੂੰ ਧਰਮ ਪ੍ਰਚਾਰ ਕਮੇਟੀ ਸ਼੍ਰੋਮਣੀ ਕਮੇਟੀ ਵੱਲੋਂ ਕਕਾਰ ਭੇਟਾ ਰਹਿਤ ਦਿੱਤੇ ਗਏ।