ਜਲਦੀ ਹੀ ਸੀਟੀ ਸਕੈਨ ਅਤੇ ਡਾਇਲਸਸ ਮਸ਼ੀਨਾਂ ਲਗਾਈਆਂ ਜਾਣਗੀਆਂ
ਮੀਰੀ ਪੀਰੀ ਮੈਡੀਕਲ ਕਾਲਜ ਦੇ ਦੌਰੇ ਦੌਰਾਨ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ ਪ੍ਰੋ: ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼੍ਰੋਮਣੀ ਕਮੇਟੀ।
ਅੰਮ੍ਰਿਤਸਰ, 28 ਜੂਨ -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼ਾਹਬਾਦ ਮਾਰਕੰਡਾ (ਹਰਿਆਣਾ) ਵਿਖੇ ਚੱਲਦੇ ਮੀਰੀ-ਪੀਰੀ ਮੈਡੀਕਲ ਕਾਲਜ ਵਿਚ ਬਿਹਤਰ ਸਿਹਤ ਸਹੂਲਤਾਂ ਅਤੇ ਉੱਚ-ਮਿਆਰੀ ਮੈਡੀਕਲ ਸਿੱਖਿਆ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ, ਜਿਸ ਤਹਿਤ ਕਾਲਜ ਵਿਖੇ ਲੋੜੀਂਦੀਆਂ ਜ਼ਰੂਰਤਾਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ। ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਮੀਰੀ-ਪੀਰੀ ਮੈਡੀਕਲ ਕਾਲਜ ਵਿਖੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਕੀਤੇ ਗਏ ਦੌਰੇ ਉਪਰੰਤ ਕੀਤਾ। ਉਨ੍ਹਾਂ ਕਿਹਾ ਕਿ ਹਰਿਆਣਾ ਰਾਜ ਦੇ ਲੋਕਾਂ ਲਈ ਹਸਪਤਾਲ ਵਿਖੇ ਜਲਦੀ ਹੀ ਸੀਟੀ ਸਕੈਨ ਅਤੇ ਡਾਇਲਸਸ ਮਸ਼ੀਨਾਂ ਵੀ ਲਗਾਈਆਂ ਜਾਣਗੀਆਂ। ਇਸ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਹਸਪਤਾਲ ਵਿਖੇ ਦਾਖ਼ਲ ਮਰੀਜ਼ਾਂ ਨਾਲ ਗੱਲਬਾਤ ਕੀਤੀ ਗਈ ਜਿਸ ‘ਤੇ ਮਰੀਜ਼ਾਂ ਨੇ ਮਿਲ ਰਹੀਆਂ ਸਿਹਤ ਸਹੂਲਤਾਂ ਪ੍ਰਤੀ ਸੰਤੁਸ਼ਟੀ ਦਾ ਪ੍ਰਗਟਾਵਾ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਹਸਪਤਾਲ ਅਤੇ ਕਾਲਜ ਦੇ ਮੁਲਾਜ਼ਮਾਂ ਦੀਆਂ ਮੁਸ਼ਕਲਾਂ ਸੁਣ ਕੇ ਉਨ੍ਹਾਂ ਦੇ ਜਲਦੀ ਹੱਲ ਦਾ ਭਰੋਸਾ ਵੀ ਦਿੱਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਾਇਮਪੁਰ, ਸਾਬਕਾ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਕਰਨਾਲ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸ. ਤਜਿੰਦਰਪਾਲ ਸਿੰਘ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਨਜੀਤ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਹਾਇਕ ਸ. ਭਗਵੰਤ ਸਿੰਘ ਧੰਗੇੜਾ ਅਤੇ ਮੈਡੀਕਲ ਕਾਲਜ ਦਾ ਸਟਾਫ਼ ਹਾਜ਼ਰ ਸੀ।