** ਚੇਤਿ ਗੋਵਿੰਦੁ ਅਰਾਧੀਐ ਹੋਵੈ ਅਨੰਦੁ ਘਣਾ ॥ ਸੰਤ ਜਨਾ ਮਿਲਿ ਪਾਈਐ ਰਸਨਾ ਨਾਮੁ ਭਣਾ॥ ** ** ਸਮੁੱਚੀ ਨਾਨਕ ਨਾਮ ਲੇਵਾ ਸੰਗਤ ਨੂੰ ਚੇਤ ਸੰਗਰਾਂਦ ਦੇ ਪਵਿੱਤਰ ਦਿਹਾੜੇ ’ਤੇ ਨਵੇਂ ਨਾਨਕਸ਼ਾਹੀ ਵਰ੍ਹੇ ਸੰਮਤ 557 ਦੀਆਂ ਲੱਖ-ਲੱਖ ਵਧਾਈਆਂ **

ਭਾਈ ਲੌਂਗੋਵਾਲ ਦੀ ਅਗਵਾਈ ਵਿਚ ਰੂਪ ਰੇਖਾ ਤੇ ਪ੍ਰਬੰਧਾਂ ਸਬੰਧੀ ਹੋਈ ਇਕੱਤਰਤਾ

ਸੁਲਤਾਨਪੁਰ ਲੋਧੀ, ੨੧ ਦਸੰਬਰ- ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਤੋਂ ੭ ਜਨਵਰੀ ੨੦੧੯ ਨੂੰ ਆਰੰਭ ਕੀਤੇ ਜਾਣ ਵਾਲੇ ਨਗਰ ਕੀਰਤਨ ਦੀਆਂ ਤਿਆਰੀਆਂ ਸਬੰਧੀ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਹੇਠ ਇਥੇ ਵਿਸ਼ੇਸ਼ ਇਕੱਤਰਤਾ ਕੀਤੀ ਗਈ। ਇਸ ਦੌਰਾਨ ਫੈਸਲਾ ਕੀਤਾ ਗਿਆ ਕਿ ਪੰਜਾਬ ਭਰ ਵਿਚ ਸਜਾਏ ਜਾਣ ਵਾਲੇ ਇਸ ਨਗਰ ਕੀਰਤਨ ਨੂੰ ‘ਸ਼ਬਦ ਗੁਰੂ ਯਾਤਰਾ’ ਵਜੋਂ ਸਜਾਇਆ ਜਾਵੇਗਾ, ਜੋ ੭ ਜਨਵਰੀ ਨੂੰ ਆਰੰਭ ਹੋ ਕੇ ਸਾਰੇ ਪੰਜਾਬ ਦੇ ਸ਼ਹਿਰਾਂ, ਨਗਰਾਂ ਤੇ ਪਿੰਡਾਂ ਵਿੱਚੋਂ ਹੁੰਦਾ ਹੋਇਆ ੧੭ ਅਪ੍ਰੈਲ ੨੦੧੯ ਨੂੰ ਵਾਪਸ ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਹੀ ਸੰਪੂਰਣ ਹੋਵੇਗਾ। ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪੰਜ ਸੌ ਪੰਜਾਹ ਸਾਲਾ ਪ੍ਰਕਾਸ਼ ਪੁਰਬ ਸਿੱਖ ਜਗਤ ਅਤੇ ਗੁਰੂ ਨਾਨਕ ਨਾਮ ਲੇਵਾ ਸੰਗਤ ਵੱਲੋਂ ਸ਼ਾਨੌ-ਸ਼ੌਕਤ ਨਾਲ ਮਨਾਇਆ ਜਾ ਰਿਹਾ ਹੈ ਅਤੇ ਇਸੇ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਨੇ ਇਹ ਵਿਸ਼ਾਲ ਨਗਰ ਕੀਰਤਨ ਸਜਾਉਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਸ ਨਗਰ ਕੀਰਤਨ ਦਾ ਮੰਤਵ ਸੰਗਤ ਅੰਦਰ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਪ੍ਰੇਰਣਾ ਅਤੇ ਉਤਸ਼ਾਹ ਪੈਦਾ ਕਰਨਾ ਹੈ। ਉਨ੍ਹਾਂ ਜਾਣਕਾਰੀ ਦਿੱਤੀ ਕਿ ਇਹ ਨਗਰ ਕੀਰਤਨ ਆਪਣੇ ਆਪ ਵਿਚ ਅਲੌਕਿਕ ਹੋਵੇਗਾ। ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਤੇ ਪੰਜ ਪਿਆਰਿਆਂ ਦੀ ਅਗਵਾਈ ‘ਚ ਨਗਰ ਕੀਰਤਨ ਦੌਰਾਨ ਗੁਰੂ ਸਾਹਿਬ ਦੇ ਇਤਿਹਾਸਕ ਸ਼ਸਤਰਾਂ, ਬਸਤਰਾਂ ਵਾਲੀ ਬੱਸ ਵੀ ਸ਼ਾਮਲ ਹੋਵੇਗੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਮੈਂਬਰਾਨ ਵੱਲੋਂ ਧਾਰਮਿਕ ਸਭਾ-ਸੁਸਾਇਟੀਆਂ, ਸਿੱਖ ਜਥੇਬੰਦੀਆਂ, ਵੱਖ-ਵੱਖ ਰਾਜਸੀ ਪਾਰਟੀਆਂ, ਸਮਾਜਿਕ ਆਗੂਆਂ ਅਤੇ ਸੰਗਤਾਂ ਨੂੰ ਪ੍ਰੇਰਣਾ ਕਰਨ ਲਈ ਰਾਬਤਾ ਬਣਾਇਆ ਜਾਵੇਗਾ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਇਸ ਇਤਿਹਾਸਕ ਨਗਰ ਕੀਰਤਨ ਵਿਚ ਸ਼ਾਮਲ ਹੋਣ ਅਤੇ ਆਪੋ-ਆਪਣੇ ਇਲਾਕੇ ਵਿਚ ਇਸ ਦਾ ਵੱਧ ਚੜ੍ਹ ਕੇ ਸਵਾਗਤ ਕਰਨ। ਇਸ ਮੌਕੇ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਸੀਨੀਅਰ ਆਗੂ ਬੀਬੀ ਉਪਿੰਦਰਜੀਤ ਕੌਰ, ਸ. ਚਰਨਜੀਤ ਸਿੰਘ ਬਰਾੜ, ਅੰਤਿੰ੍ਰਗ ਮੈਂਬਰ ਸ. ਖ਼ੁਸ਼ਵਿੰਦਰ ਸਿੰਘ ਭਾਟੀਆ, ਸ. ਭੁਪਿੰਦਰ ਸਿੰਘ ਭਲਵਾਨ, ਸ. ਸ਼ਿੰਗਾਰਾ ਸਿੰਘ ਲੋਹੀਆਂ, ਸ. ਜਰਨੈਲ ਸਿੰਘ ਕਰਤਾਰਪੁਰ, ਮੈਂਬਰ ਸ. ਸਰਵਣ ਸਿੰਘ ਕੁਲਾਰ, ਬੀਬੀ ਗੁਰਪ੍ਰੀਤ ਕੌਰ ਰੂਹੀ, ਸ. ਅਮਰਜੀਤ ਸਿੰਘ ਭਲਾਈਪੁਰ, ਸ. ਰਣਜੀਤ ਸਿੰਘ ਕਾਹਲੋਂ, ਸ. ਸਤਵਿੰਦਰ ਸਿੰਘ ਟੌਹੜਾ, ਸ. ਸੁਖਵਰਸ਼ ਸਿੰਘ ਪੰਨੂੰ, ਭਾਈ ਅਜਾਇਬ ਸਿੰਘ ਅਭਿਆਸੀ, ਸ. ਕੁਲਵੰਤ ਸਿੰਘ ਮੰਨਣ, ਸ. ਪਰਮਜੀਤ ਸਿੰਘ ਖ਼ਾਲਸਾ ਬਰਨਾਲਾ, ਬੀਬੀ ਦਵਿੰਦਰ ਕੌਰ ਕਾਲੜਾ, ਸ. ਪਰਮਜੀਤ ਸਿੰਘ ਰਾਏਪੁਰ, ਸ. ਜਰਨੈਲ ਸਿੰਘ ਡੋਗਰਾਂ ਵਾਲਾ, ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ. ਬਿਜੈ ਸਿੰਘ, ਨਿੱਜੀ ਸਕੱਤਰ ਇੰਜ: ਸੁਖਮਿੰਦਰ ਸਿੰਘ, ਮੀਤ ਸਕੱਤਰ ਸ. ਕਰਮਬੀਰ ਸਿੰਘ ਕਿਆਮਪੁਰ, ਹੈੱਡ ਗ੍ਰੰਥੀ ਭਾਈ ਸੁਰਜੀਤ ਸਿੰਘ ਸਭਰਾ, ਸ. ਦਰਸ਼ਨ ਸਿੰਘ ਪੀ.ਏ., ਮੈਨੇਜਰ ਸ. ਜਰਨੈਲ ਸਿੰਘ, ਸ. ਜਸਬੀਰ ਸਿੰਘ ਜੱਸੀ ਲੌਂਗੋਵਾਲ ਆਦਿ ਮੌਜੂਦ ਸਨ।