ਪ੍ਰਬੰਧ ਨੂੰ ਮੁੱਖ ਰੱਖਦੇ ਹੋਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਇੰਚਾਰਜ ਅਖੰਡਪਾਠਾਂ ਅਤੇ ਇੰਚਾਰਜ ਰਾਗੀ ਸਿੰਘਾਂ ਨੂੰ ਨੰਬਰ ਜਾਰੀ ਕੀਤੇ ਗਏ ਹਨ ਕਿਰਪਾ ਕਰਕੇ ਅੱਗੇ ਤੋਂ ਆਪ ਜੀ ਇਹਨਾਂ ਨੰਬਰਾਂ ਤੇ ਸੰਪਰਕ ਕਰਨ ਦੀ ਕ੍ਰਿਪਾਲਤਾ ਕਰਨੀ ਜੀ। ਇੰਚਾਰਜ ਰਾਗੀ ਸਿੰਘਾਂ : 75280-13134 ਇੰਚਾਰਜ ਅਖੰਡਪਾਠਾਂ : 75280-13135

ਬਜਟ ਸਬੰਧੀ ਵਿਚਾਰ ਦੇਣ ਲਈ ਸ਼੍ਰੋਮਣੀ ਕਮੇਟੀ ਨੇ ਜਾਰੀ ਕੀਤੀ ਈਮੇਲ

ਅੰਮ੍ਰਿਤਸਰ, 14 ਫ਼ਰਵਰੀ- ਇਸ ਸਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਬਜਟ ਤਿਆਰ ਕਰਨ ਲਈ ਸੰਗਤਾਂ ਦੇ ਸੁਝਾਅ ਵੀ ਅਹਿਮ ਹੋਣਗੇ। ਬਜਟ ਦੇ ਸਬੰਧ ਵਿਚ ਵਿਚਾਰ ਅਤੇ ਸੁਝਾਅ ਭੇਜਣ ਵਾਸਤੇ ਸ਼੍ਰੋਮਣੀ ਕਮੇਟੀ ਵੱਲੋਂ ਪਹਿਲੀ ਵਾਰ ਇਕ ਈਮੇਲ ਜਾਰੀ ਕੀਤੀ ਗਈ ਹੈ। ਬਜਟ ਇਜਲਾਸ ਅਗਲੇ ਮਹੀਨੇ ਮਾਰਚ ਵਿਚ ਸੱਦਿਆ ਜਾਣਾ ਹੈ, ਜਿਸ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਇਕ ਸਬ-ਕਮੇਟੀ ਗਠਤ ਕੀਤੀ ਗਈ ਹੈ। ਇਸ ਕਮੇਟੀ ਵਿਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਾਇਮਪੁਰ, ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਅੰਤ੍ਰਿੰਗ ਕਮੇਟੀ ਮੈਂਬਰ ਸ. ਜਰਨੈਲ ਸਿੰਘ ਕਰਤਾਰਪੁਰ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਗੁਰਬਖ਼ਸ਼ ਸਿੰਘ ਖਾਲਸਾ, ਸ. ਸਰਵਨ ਸਿੰਘ ਕੁਲਾਰ ਤੇ ਸ. ਕੁਲਵੰਤ ਸਿੰਘ ਮੰਨਣ ਸ਼ਾਮਲ ਹਨ।

ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਦੱਸਿਆ ਕਿ ਇਸ ਵਾਰ ਬਜਟ ਤਰਜੀਹਾਂ ਨਿਰਧਾਰਤ ਕਰਨ ਵਾਸਤੇ ਸਬ-ਕਮੇਟੀ ਦੇ ਵਿਚਾਰ ਮਸ਼ਵਰੇ ਤੋਂ ਇਲਾਵਾ ਸੰਗਤਾਂ ਦੇ ਸੁਝਾਅ ਵੀ ਲਏ ਜਾ ਰਹੇ ਹਨ। ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਵੱਲੋਂ [email protected] ਈਮੇਲ ਜਾਰੀ ਕੀਤੀ ਗਈ ਹੈ। ਇਸ ਈਮੇਲ ਨੂੰ ਸ਼੍ਰੋਮਣੀ ਕਮੇਟੀ ਦੀ ਵੈੱਬਸਾਈਟ ਅਤੇ ਸੋਸ਼ਲ ਮੀਡੀਆ ਮੰਚਾਂ ’ਤੇ ਵੀ ਉਭਾਰਿਆ ਜਾ ਰਿਹਾ ਹੈ। ਉਨ੍ਹਾਂ ਸੰਗਤਾਂ ਨੂੰ ਅਪੀਲ ਹੈ ਕਿ ਬਜਟ ਨੂੰ ਲੈ ਕੇ ਆਪੋ-ਆਪਣੇ ਕੀਮਤੀ ਸੁਝਾਅ ਭੇਜਣ, ਤਾਂ ਜੋ ਸੰਗਤ ਦੀਆਂ ਭਾਵਨਾਵਾਂ ਅਨੁਸਾਰ ਬਜਟ ਤਿਆਰ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਬਣਾਈ ਗਈ ਬਜਟ ਸਬ-ਕਮੇਟੀ ਦੀਆਂ ਇਕੱਤਰਤਾਵਾਂ ਬੀਤੇ ਇੱਕ ਮਹੀਨੇ ਤੋਂ ਜਾਰੀ ਹਨ, ਜਿਸ ਦੌਰਾਨ ਵੱਖ-ਵੱਖ ਵਿੱਤੀ ਪਹਿਲੂਆਂ ਨੂੰ ਵਿਚਾਰਿਆ ਜਾ ਰਿਹਾ ਹੈ। ਇਸ ਦੇ ਨਾਲ ਹੀ ਹੁਣ ਸੰਗਤਾਂ ਦੇ ਸੁਝਾਅ ਵੀ ਅਤਿ ਅਹਿਮ ਹੋਣਗੇ।

ਉਨ੍ਹਾਂ ਕਿਹਾ ਕਿ ਇਹ ਯਤਨ ਪਹਿਲੀ ਵਾਰ ਕੀਤਾ ਜਾ ਰਿਹਾ ਹੈ ਅਤੇ ਆਸ ਹੈ ਕਿ ਇਸ ਦੇ ਚੰਗੇ ਨਤੀਜੇ ਸਾਹਮਣੇ ਆਉਣਗੇ। ਭਾਈ ਗਰੇਵਾਲ ਅਨੁਸਾਰ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸਾਹਿਬਾਨ, ਵਿਦਿਅਕ ਅਦਾਰਿਆਂ, ਧਰਮ ਪ੍ਰਚਾਰ ਕਮੇਟੀ, ਪ੍ਰੈੱਸਾਂ ਅਤੇ ਪਬਲੀਕੇਸ਼ਨ, ਟਰੱਸਟ ਆਦਿ ਲਈ ਬਜਟ ਤਿਆਰ ਕੀਤਾ ਜਾਵੇਗਾ।