ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਸੋਰਠਿ ਮਹਲਾ ੫ ਘਰੁ ੧ ਤਿਤੁਕੇ ੴ ਸਤਿਗੁਰ ਪ੍ਰਸਾਦਿ ॥ ਕਿਸ ਹਉ ਜਾਚੀ ਕਿਸੁ ਆਰਾਧੀ ਜਾ ਸਭੁ ਕੋ ਕੀਤਾ ਹੋਸੀ ॥ ਜੋ ਜੋ ਦੀਸੈ ਵਡਾ ਵਡੇਰਾ ਸੋ ਸੋ ਖਾਕੂ ਰਲਸੀ ॥ ਨਿਰਭਉ ਨਿਰੰਕਾਰੁ ਭਵ ਖੰਡਨੁ ਸਭਿ ਸੁਖ ਨਵ ਨਿਧਿ ਦੇਸੀ ॥੧॥ ਐਤਵਾਰ, ੨੨ ਹਾੜ (ਸੰਮਤ ੫੫੭ ਨਾਨਕਸ਼ਾਹੀ) ੬ ਜੁਲਾਈ, ੨੦੨੫ (ਅੰਗ: ੬੦੮)

ਅੰਮ੍ਰਿਤਸਰ, 8 ਜਨਵਰੀ-
ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜੈਤੋ ਦੇ ਮੋਰਚੇ ਦੀ ਪਹਿਲੀ ਸ਼ਤਾਬਦੀ ਮਨਾਉਣ ਲਈ ਤਿਆਰੀਆਂ ਆਰੰਭ ਦਿੱਤੀਆਂ ਹਨ। ਇਹ ਸ਼ਤਾਬਦੀ 21 ਫ਼ਰਵਰੀ 2024 ਨੂੰ ਮਨਾਈ ਜਾਣੀ ਹੈ। ਜੈਤੋ ਦੇ ਮੋਰਚੇ ਦੇ 100 ਸਾਲਾ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਗਠਤ ਕੀਤੀ ਗਈ ਸਬ-ਕਮੇਟੀ ਵੱਲੋਂ ਪ੍ਰੋਗਰਾਮਾਂ ਦੀ ਰੂਪ ਰੇਖਾ ਤੈਅ ਕਰਨ ਲਈ ਵਿਚਾਰ-ਵਟਾਂਦਰਾ ਕੀਤਾ ਜਾ ਰਿਹਾ ਹੈ। ਅੱਜ ਇਸ ਕਮੇਟੀ ਦੀ ਗੁਰਦੁਆਰਾ ਗੰਗਸਰ ਸਾਹਿਬ ਜੈਤੋ ਵਿਖੇ ਹੋਈ ਇਕੱਤਰਤਾ ਵਿਚ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ, ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਸ. ਸ਼ੇਰ ਸਿੰਘ ਮੰਡਵਾਲਾ, ਬੀਬੀ ਗੁਰਿੰਦਰ ਕੌਰ ਭੋਲੂਵਾਲਾ, ਸ. ਹਰਵਿੰਦਰ ਸਿੰਘ ਖਾਲਸਾ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਇੰਚਾਰਜ ਸ. ਕਰਤਾਰ ਸਿੰਘ ਅਤੇ ਗੁਰਦੁਆਰਾ ਗੰਗਸਰ ਸਾਹਿਬ ਜੈਤੋ ਦੇ ਮੈਨੇਜਰ ਸ. ਸੁਖਰਾਜ ਸਿੰਘ ਸ਼ਾਮਲ ਹੋਏ।
ਸ਼ਤਾਬਦੀ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ ਨੇ ਦੱਸਿਆ ਕਿ 21 ਫ਼ਰਵਰੀ 2024 ਨੂੰ ਮੁੱਖ ਸਮਾਗਮ ਗੁਰਦੁਆਰਾ ਗੰਗਸਰ ਸਾਹਿਬ ਜੈਤੋ ਵਿਖੇ ਹੋਵੇਗਾ। ਉਨ੍ਹਾਂ ਦੱਸਿਆ ਕਿ ਸ਼ਤਾਬਦੀ ਦੇ ਸਬੰਧ ਵਿਚ ਸੰਗਤਾਂ ਅੰਦਰ ਜਾਗਰੂਕਤਾ ਲਈ ਧਰਮ ਪ੍ਰਚਾਰ ਕਮੇਟੀ ਵੱਲੋਂ ਵੱਖ-ਵੱਖ ਪਿੰਡਾਂ ਵਿਚ ਧਾਰਮਿਕ ਦੀਵਾਨਾਂ ਦੀ ਲੜੀ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੈਤੋ ਦੇ ਮੋਰਚੇ ਦੀ ਸ਼ਤਾਬਦੀ ਸਿੱਖ ਜਗਤ ਲਈ ਬੇਹੱਦ ਅਹਿਮ ਹੈ, ਕਿਉਂਕਿ ਇਸ ਨੇ ਸਿੱਖ ਕੌਮ ਨੂੰ ਸੰਗਠਤ ਕਰਨ ਵਿਚ ਅਹਿਮ ਭੂਮਿਕਾ ਨਿਭਾਈ ਸੀ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਇਸ ਸ਼ਤਾਬਦੀ ਦੇ ਸਮਾਗਮਾਂ ਵਿਚ ਵੱਧਚੜ੍ਹ ਕੇ ਸ਼ਮੂਲੀਅਤ ਕੀਤੀ ਜਾਵੇ ਅਤੇ ਆਪਣੇ ਸ਼ਾਨਾਮੱਤੇ ਇਤਿਹਾਸ ਸਬੰਧੀ ਆਪਣੀ ਅਗਲੀ ਪੀੜ੍ਹੀ ਤੱਕ ਚੇਤੰਨਤਾ ਫੈਲਾਈ ਜਾਵੇ।
ਇਕੱਤਰਤਾ ਮੌਕੇ ਸ. ਸੂਬਾ ਸਿੰਘ ਬਾਦਲ ਹਲਕਾ ਇੰਚਾਰਜ, ਸ. ਗੁਰਚੇਤ ਸਿੰਘ ਢਿੱਲੋਂ, ਸ. ਰਾਜਪਾਲ ਸਿੰਘ ਸਰਪੰਚ, ਸ. ਲਖਵਿੰਦਰ ਸਿੰਘ ਰਸੀਵਰ ਗੁਰਦੁਆਰਾ ਗੁਰੂ ਕੀ ਢਾਬ ਆਦਿ ਵੀ ਹਾਜ਼ਰ ਸਨ।