ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਸੋਰਠਿ ਮਹਲਾ ੫ ॥ ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥ ਕੋਇ ਨ ਪਹੁਚਨਹਾਰਾ ਦੂਜਾ ਅਪੁਨੇ ਸਾਹਿਬ ਕਾ ਭਰਵਾਸਾ ॥੧॥ ਸ਼ਨਿੱਚਰਵਾਰ, ੨੧ ਹਾੜ (ਸੰਮਤ ੫੫੭ ਨਾਨਕਸ਼ਾਹੀ) ੫ ਜੁਲਾਈ, ੨੦੨੫ (ਅੰਗ: ੬੦੯)

ਅੰਮ੍ਰਿਤਸਰ, 17 ਦਸੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਅਤੇ ਉਨ੍ਹਾਂ ਦੇ ਪਿਆਰੇ ਸਿੱਖ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕਰਮਜੀਤ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ।  ਅਰਦਾਸ ਭਾਈ ਸਰਵਣ ਸਿੰਘ ਨੇ ਕੀਤੀ ਤੇ ਪਾਵਨ ਹੁਕਮਨਾਮਾ ਭਾਈ ਗੁਰਮੀਤ ਸਿੰਘ ਗ੍ਰੰਥੀ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਨੇ ਸਰਵਨ ਕਰਵਾਇਆ। ਭਾਈ ਗੁਰਮੀਤ ਸਿੰਘ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ, ਤੇ ਭਾਈ ਦਿਆਲਾ ਜੀ ਦੀ ਲਾਸਾਨੀ ਸ਼ਹਾਦਤ ਦੇ ਇਤਿਹਾਸਕ ਪ੍ਰਸੰਗ ਨੂੰ ਸੰਗਤ ਨਾਲ ਸਾਂਝਾ ਕੀਤਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਜੀ ਦੀ ਸ਼ਹਾਦਤ ਮਨੁੱਖਤਾ ਲਈ ਇੱਕ ਮਾਰਗ ਦਰਸ਼ਨ ਹੈ ਜੋ ਮਜ਼ਲੂਮਾਂ ਦੇ ਹੱਕ ਵਿਚ ਖੜ੍ਹਨ ਦਾ ਸੁਨੇਹਾ ਦਿੰਦੀ ਹੈ। ਉਨ੍ਹਾਂ ਸੰਗਤਾਂ ਨੂੰ ਗੁਰਮਤਿ ਵਿਚਾਰਧਾਰਾ ਨਾਲ ਜੁੜਨ ਅਤੇ ਬਾਣੀ ਤੇ ਬਾਣੇ ਦੇ ਧਾਰਨੀ ਬਣਨ ਦੀ ਪ੍ਰੇਰਨਾ ਵੀ ਕੀਤੀ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਵਧੀਕ ਮੈਨੇਜਰ ਸ. ਨਿਸ਼ਾਨ ਸਿੰਘ ਜਫਰਵਾਲ, ਮੀਤ ਮੈਨੇਜਰ ਸ. ਗੁਰਤਿੰਦਰਪਾਲ ਸਿੰਘ, ਸ. ਲਾਲ ਸਿੰਘ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ, ਖਜ਼ਾਨਚੀ ਸ. ਅਮਰਜੀਤ ਸਿੰਘ ਆਦਿ ਮੌਜੂਦ ਸਨ।
ਇਸੇ ਦੌਰਾਨ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਵੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗੁਰਮਤਿ ਸਮਾਗਮ ਕਰਵਾਏ ਗਏ। ਇਨ੍ਹਾਂ ਸਮਾਗਮਾ ਸਮੇਂ ਵੱਖ-ਵੱਖ ਸੇਵਾ ਸੁਸਾਇਟੀਆਂ ਦੇ ਸ਼ਬਦੀ ਜਥਿਆਂ ਨੇ ਸ਼ਬਦ ਕੀਰਤਨ ਕੀਤਾ, ਜਦਕਿ ਕੌਮ ਦੇ ਪ੍ਰਸਿੱਧ ਰਾਗੀ ਜਥਿਆਂ ਅਤੇ ਕਥਾਵਾਚਕਾਂ ਨੇ ਵੀ ਸੰਗਤ ਨੂੰ ਗੁਰਬਾਣੀ ਦੇ ਕੀਰਤਨ ਅਤੇ ਗੁਰਮਤਿ ਵਿਚਾਰਾਂ ਨਾਲ ਜੋੜਿਆ।