[embedyt] https://www.youtube.com/watch?v=8vcrhvmlSbA[/embedyt]
ਸ੍ਰੀ ਅਨੰਦਪੁਰ ਸਾਹਿਬ, 11 ਫ਼ਰਵਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅੱਜ ਇਥੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਧਰਮ ਪ੍ਰਚਾਰ ਲਹਿਰ ਤਹਿਤ ਕਰਵਾਏ ਗਏ ਇਕ ਵਿਸ਼ਾਲ ਗੁਰਮਤਿ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਗੁਰਬਾਣੀ, ਸਿੱਖ ਇਤਿਹਾਸ ਅਤੇ ਗੁਰਮਤਿ ਰਹਿਣੀ ਨਾਲ ਅਜੋਕੀ ਨੌਜੁਆਨੀ ਨੂੰ ਜੋੜਨਾ ਵਰਤਮਾਨ ਸਮੇਂ ਦੀ ਵੱਡੀ ਲੋੜ ਹੈ ਅਤੇ ਇਸੇ ਕਰਕੇ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਰਮ ਪ੍ਰਚਾਰ ਲਹਿਰ ਨੂੰ ਹੋਰ ਪ੍ਰਚੰਡ ਕਰਨ ਲਈ ਵਿਉਂਤਬੰਦੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਨੇ ਸਿੱਖ ਕੌਮ ਨੂੰ ਜੋ ਮਾਰਗ ਦਰਸ਼ਨ ਦਿੱਤਾ, ਉਹ ਦੁਨੀਆਂ ਨਾਲੋਂ ਨਿਵੇਕਲਾ ਹੈ। ਉਨ੍ਹਾਂ ਕਿਹਾ ਕਿ ਬੇਸ਼ੱਕ ਅੱਜ ਦੇ ਪ੍ਰਸੰਗ ਵਿਚ ਧਰਮ ਪ੍ਰਚਾਰ ਕਰਨ ਦੇ ਸਰੋਕਾਰ ਬਦਲੇ ਹਨ ਪਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਰ ਤਰ੍ਹਾਂ ਗੁਰਮਤਿ ਸੱਭਿਆਚਾਰ ਦੇ ਪ੍ਰਸਾਰ ਲਈ ਵਚਨਬੱਧ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਜਿਥੇ ਰਵਾਇਤੀ ਪ੍ਰਚਾਰ ਤਰੀਕਿਆਂ ਨੂੰ ਅਪਣਾ ਕੇ ਧਰਮ ਪ੍ਰਚਾਰ ਨੂੰ ਅੱਗੇ ਵਧਾਇਆ ਜਾ ਰਿਹਾ ਹੈ ਉਥੇ ਹੀ ਪਿੰਡਾਂ ਦੀ ਸੱਥਾਂ, ਸਕੂਲਾਂ, ਕਾਲਜਾਂ ਦੇ ਨਾਲ-ਨਾਲ ਪਰਿਵਾਰਕ ਮਿਲਣੀਆਂ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅਜੋਕੀਆਂ ਚੁਣੌਤੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਅੱਜ ਸਮਾਜ ਨੂੰ ਨਸ਼ੇ, ਭਰੂਣ ਹੱਤਿਆ, ਵਾਤਾਵਰਣ ਦੀ ਦੂਸ਼ਤਤਾ ਦੇ ਨਾਲ-ਨਾਲ ਕਈ ਮਾਨਸਿਕ ਸਮੱਸਿਆਵਾਂ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ, ਜਿਨ੍ਹਾਂ ਵਿੱਚੋਂ ਨਿਕਲਣ ਲਈ ਗੁਰਮਤਿ ਜੁਗਤ ਨੂੰ ਅਪਣਾਉਣਾ ਪਵੇਗਾ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਧਰਮ ਪ੍ਰਚਾਰ ਲਹਿਰ ਦਾ ਹਿੱਸਾ ਬਣ ਕੇ ਸਮਾਜ ਨੂੰ ਸਿਹਤਮੰਦ ਅਤੇ ਨਰੋਆ ਬਣਾਉਣ ਲਈ ਆਪੋ-ਆਪਣਾ ਯੋਗਦਾਨ ਪਾਈਏ। ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਦੀ ਪਾਵਨ ਧਰਤੀ ਸਦਾ ਹੀ ਸਿੱਖ ਧਰਮ ਦੇ ਪ੍ਰਚਾਰ ਦਾ ਕੇਂਦਰੀ ਧੁਰਾ ਰਹੀ ਹੈ ਅਤੇ ਇਸੇ ਮਹੱਤਤਾ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਵੱਲੋਂ ਇਥੇ ਵਿਸ਼ੇਸ਼ ਤੌਰ ਤੇ ਧਰਮ ਪ੍ਰਚਾਰ ਕੇਂਦਰ ਸਥਾਪਿਤ ਕੀਤਾ ਗਿਆ ਹੈ, ਤਾਂ ਜੋ ਇਸ ਇਲਾਕੇ ਵਿਚ ਧਰਮ ਪ੍ਰਚਾਰ ਸਰਗਰਮੀਆਂ ਨੂੰ ਸੁਚਾਰੂ ਢੰਗ ਨਾਲ ਚਲਾਇਆ ਜਾ ਸਕੇ। ਉਨ੍ਹਾਂ ਧਰਮ ਪ੍ਰਚਾਰ ਲਈ ਕੀਤੇ ਜਾ ਰਹੇ ਵਿਸ਼ੇਸ਼ ਉਪਰਾਲਿਆਂ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਪ੍ਰਸ਼ੰਸਾ ਕਰਦਿਆਂ ਸੰਗਤਾਂ ਨੂੰ ਇਸ ਵਿਚ ਵੱਧ ਚੜ੍ਹ ਕੇ ਹਿੱਸਾ ਪਾਉਣ ਦੀ ਅਪੀਲ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਤੇ ਹਲਕਾ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਸਿੱਖ ਵਿਰਸੇ ਦੀ ਵਿਲੱਖਣਤਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਮੁੱਚਾ ਸਿੱਖ ਇਤਿਹਾਸ ਹੀ ਹੱਕ ਸੱਚ, ਨਿਆਂ, ਹਮਦਰਦੀ ਆਦਿ ਦੀ ਉਘੜਵੀਂ ਮਿਸਾਲ ਹੈ ਅਤੇ ਸਿੱਖ ਇਤਿਹਾਸ ਤੋਂ ਅਗਵਾਈ ਲੈ ਕੇ ਸਾਨੂੰ ਆਪਣੇ ਜੀਵਨ ਦੀਆਂ ਸੇਧਾਂ ਨਿਰਧਾਰਤ ਕਰਨੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਤੋਂ ਟੁੱਟ ਕੇ ਅਸੀਂ ਸੁਖ਼ਦ ਜੀਵਨ ਦੀ ਕਾਮਨਾ ਨਹੀਂ ਕਰ ਸਕਦੇ। ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰ ਪ੍ਰਿੰਸੀਪਲ ਸੁਰਿੰਦਰ ਸਿੰਘ, ਬੀਬੀ ਪਰਮਜੀਤ ਕੌਰ ਲਾਂਡਰਾਂ, ਸ. ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ, ਭਾਈ ਪ੍ਰਿਤਪਾਲ ਸਿੰਘ ਲੁਧਿਆਣਾ ਅਤੇ ਸ. ਦਿਲਜੀਤ ਸਿੰਘ ਬੇਦੀ ਨੇ ਵੀ ਵਿਚਾਰ ਪ੍ਰਗਟ ਕੀਤੇ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਸਾਂਝੇ ਰੂਪ ਵਿਚ ਸਨਮਾਨਿਤ ਵੀ ਕੀਤਾ। ਇਸ ਤੋਂ ਪਹਿਲਾਂ ਸਿੱਖ ਕੌਮ ਦੇ ਪ੍ਰਸਿੱਧ ਰਾਗੀ, ਢਾਡੀ ਅਤੇ ਕਵੀਸ਼ਰ ਜਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਕੌਮ ਦੇ ਸ਼ਾਨਾਮੱਤੇ ਇਤਿਹਾਸ ਨਾਲ ਜੋੜਿਆ। ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਫੂਲਾ ਸਿੰਘ, ਗਿਆਨੀ ਹਰਪਾਲ ਸਿੰਘ ਫ਼ਤਹਿਗੜ੍ਹ ਸਾਹਿਬ, ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਰਵਿੰਦਰ ਸਿੰਘ ਚੱਕ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਪ੍ਰਿੰਸੀਪਲ ਸੁਰਿੰਦਰ ਸਿੰਘ, ਸ. ਦਵਿੰਦਰ ਸਿੰਘ ਖੱਟੜਾ, ਸ. ਜੰਗਬਹਾਦਰ ਸਿੰਘ ਰਾਏ, ਸ. ਪ੍ਰਿਤਪਾਲ ਸਿੰਘ ਲੁਧਿਆਣਾ, ਬੀਬੀ ਰਣਜੀਤ ਕੌਰ ਮਾਹਿਲਪੁਰ, ਸ. ਗੁਰਬਖ਼ਸ਼ ਸਿੰਘ ਖ਼ਾਲਸਾ, ਸ. ਦਲਜੀਤ ਸਿੰਘ ਭਿੰਡਰ, ਬੀਬੀ ਪਰਮਜੀਤ ਕੌਰ ਲਾਂਡਰਾਂ, ਸ. ਚਰਨਜੀਤ ਸਿੰਘ ਕਾਲੇਵਾਲ, ਸ. ਅਜਮੇਰ ਸਿੰਘ ਖੇੜਾ, ਸ. ਰਵਿੰਦਰ ਸਿੰਘ ਖ਼ਾਲਸਾ, ਬੀਬੀ ਹਰਜਿੰਦਰ ਕੌਰ ਪਵਾਤ, ਸ. ਰਘਬੀਰ ਸਿੰਘ ਸਹਾਰਨਮਾਜਰਾ, ਸ. ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ, ਬਾਬਾ ਚਰਨਜੀਤ ਸਿੰਘ ਊਨਾ ਵਾਲੇ, ਬਾਬਾ ਗੁਰਪ੍ਰੀਤ ਸਿੰਘ ਹਰੀਆਂ ਵੇਲਾਂ, ਬਾਬਾ ਭਗਤ ਸਿੰਘ ਬੁੱਢਾਦਲ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ, ਪ੍ਰੋ. ਬਲਵਿੰਦਰ ਸਿੰਘ ਜੌੜਾਸਿੰਘਾ, ਡਾ. ਪਰਮਜੀਤ ਸਿੰਘ ਸਰੋਆ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਸ. ਰਣਜੀਤ ਸਿੰਘ, ਸੂਚਨਾ ਅਧਿਕਾਰੀ ਸ. ਹਰਦੇਵ ਸਿੰਘ, ਸ. ਜਗਦੇਵ ਸਿੰਘ ਕੁੱਕੂ, ਜਥੇਦਾਰ ਸੰਤੋਖ ਸਿੰਘ, ਸ. ਸ਼ਰਨਜੀਤ ਸਿੰਘ ਤਾਲਮੇਲ ਕਮੇਟੀ ਨੰਗਲ, ਸ. ਬਲਵਿੰਦਰ ਸਿੰਘ, ਸ. ਮਨਜਿੰਦਰ ਸਿੰਘ ਬਰਾੜ, ਸ. ਸਵਿੰਦਰ ਸਿੰਘ ਮਟੋਰ, ਪ੍ਰਿੰਸੀਪਲ ਜਸਬੀਰ ਸਿੰਘ, ਪ੍ਰਿੰਸੀਪਲ ਪ੍ਰੀਤਮਹਿੰਦਰ ਸਿੰਘ, ਡਾ. ਕਸ਼ਮੀਰ ਸਿੰਘ, ਡਾ. ਕੁਲਦੀਪ ਕੌਰ, ਡਾ. ਗੁਰਚਰਨ ਸਿੰਘ ਲਾਂਬਾ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।