The website is under scheduled maintenance. Some links and features may not work properly for a short time. We apologise for the inconvenience and appreciate your patience. Normal service will resume shortly.

ਨੌਵੇਂ ਪਾਤਸ਼ਾਹ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਪਿੰਡਾਂ ਅੰਦਰ ਹੋਣਗੇ ਗੁਰਮਤਿ ਸਮਾਗਮ

ਅੰਮ੍ਰਿਤਸਰ, 8 ਫਰਵਰੀ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਧਰਮ ਪ੍ਰਚਾਰ ਲਹਿਰ ਤਹਿਤ ਅੱਜ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਹੁਸ਼ਿਆਰਪੁਰ ਤੋਂ 100 ਵਲੰਟੀਅਰ ਪ੍ਰਚਾਰਕ ਸਿੰਘਾਂ ਨੂੰ ਜਥਿਆਂ ਦੇ ਰੂਪ ਵਿੱਚ ਪਿੰਡਾਂ ਲਈ ਰਵਾਨਾ ਕੀਤਾ ਗਿਆ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਤੇ ਜਥਿਆਂ ਨੂੰ ਰਵਾਨਾ ਕਰਨ ਮੌਕੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ,  ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਤੇ ਓਐੱਸਡੀ ਸ. ਸਤਬੀਰ ਸਿੰਘ ਧਾਮੀ ਸਮੇਤ ਪ੍ਰਮੁੱਖ ਸਖਸ਼ੀਅਤਾਂ ਹਾਜਰ ਸਨ।
ਇਸੇ ਸਬੰਧੀ ਜਾਣਕਾਰੀ ਦਿੰਦਿਆਂ ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ ਤੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਪ੍ਰਬੰਧ ਵਾਲੇ ਸਿੱਖ ਮਿਸ਼ਨਰੀ ਕਾਲਜਾਂ ਅਤੇ ਗੁਰਮਤਿ ਵਿਦਿਆਲਿਆਂ ਤੋਂ ਸਿੱਖਿਆ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦੀ ਵਲੰਟੀਅਰ ਤੌਰ ’ਤੇ ਚੋਣ ਕੀਤੀ ਗਈ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਇਨ੍ਹਾਂ ਵਿੱਚੋਂ 4-4 ਸਿੰਘਾਂ ਦੇ ਜਥੇ ਬਣਾ ਕੇ ਪਿੰਡਾਂ ਵਿੱਚ ਭੇਜਿਆ ਜਾ ਰਿਹਾ ਹੈ, ਜੋ ਇਕ ਪਿੰਡ ਵਿੱਚ 10 ਦਿਨ ਦੇ ਕਰੀਬ ਰਹਿ ਕੇ ਸੰਗਤਾਂ ਨੂੰ ਗੁਰਮਤਿ ਸਿਧਾਂਤਾਂ ਤੇ ਸਿੱਖ ਇਤਿਹਾਸ ਦੀ ਜਾਣਕਾਰੀ ਦੇਣਗੇ। ਉਨ੍ਹਾਂ ਕਿਹਾ ਕਿ ਖਾਲਸਾ ਪੰਥ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨਵੰਬਰ 2025 ਵਿੱਚ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਨਾਈ ਜਾ ਰਹੀ ਹੈ, ਜਿਸ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਗੁਰਮਤਿ ਸਮਾਗਮਾਂ ਦੀ ਲੜੀ ਚਲਾਈ ਜਾਵੇਗੀ। ਇਸੇ ਤਹਿਤ ਹੀ ਤਖਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਖਾਲਸਾ ਸਾਜਨਾ ਦਿਵਸ ਵੈਸਾਖੀ ਮੌਕੇ ਵਿਸ਼ੇਸ਼ ਤੌਰ ’ਤੇ ਅੰਮ੍ਰਿਤ ਸੰਚਾਰ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੁਆਰਾ ਖਾਲਸਾ ਸਾਜਨਾ ਸਮੇਂ ਅੰਮ੍ਰਿਤ ਸੰਚਾਰ ਲਈ ਵਰਤੇ ਖੰਡੇ ਨਾਲ ਸਿੰਘ ਸਾਹਿਬਾਨ ਅੰਮ੍ਰਿਤ ਦਾ ਬਾਟਾ ਤਿਆਰ ਕਰਨਗੇ। ਉਨ੍ਹਾਂ ਕਿਹਾ ਕਿ ਇਹ ਜਥੇ ਅੰਮ੍ਰਿਤ ਸੰਚਾਰ ਲਈ ਵੀ ਸੰਗਤਾਂ ਨੂੰ ਪ੍ਰੇਰਨਾ ਕਰਨਗੇ। ਉਨ੍ਹਾਂ ਕਿਹਾ ਕਿ ਵੈਸਾਖੀ ਤੱਕ ਇਹ ਜਥੇ ਦੁਆਬਾ ਖੇਤਰ ਦੇ ਪਿੰਡਾਂ ਅੰਦਰ ਧਰਮ ਪ੍ਰਚਾਰ ਲਹਿਰ ਜਾਰੀ ਰੱਖਣਗੇ ਜਿਸ ਮਗਰੋਂ ਇਨ੍ਹਾਂ ਨੂੰ ਹੋਰ ਹਲਕਿਆਂ ਵਿੱਚ ਭੇਜਿਆ ਜਾਵੇਗਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ ਤੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਤੋਂ ਇਲਾਵਾ ਓਐੱਸਡੀ ਸ. ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸ. ਬਿਜੇ ਸਿੰਘ, ਸ. ਸੰਦੀਪ ਸਿੰਘ ਸੀਕਰੀ ਹਲਕਾ ਇੰਚਾਰਜ ਸ਼ਾਮਚੁਰਾਸੀ, ਪ੍ਰਿੰਸੀਪਲ ਬੀਬੀ ਮਨਜੀਤ ਕੌਰ, ਸ. ਮਹਿੰਦਰਪਾਲ ਸਿੰਘ ਗੁੰਬਰ, ਇੰਚਾਰਜ ਸ. ਕਰਤਾਰ ਸਿੰਘ, ਸ. ਬਹਾਲ ਸਿੰਘ, ਸ. ਗੁਰਭਾਗ ਸਿੰਘ, ਮੈਨੇਜਰ ਸ. ਅਵਤਾਰ ਸਿੰਘ, ਗੁਰਦੁਆਰਾ ਸ੍ਰੀ ਗਰਨਾ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਸਰਤਾਜ ਸਿੰਘ, ਪ੍ਰਚਾਰਕ ਭਾਈ ਕਲਿਆਣ ਸਿੰਘ, ਭਾਈ ਅਮਰਜੀਤ ਸਿੰਘ ਜੰਡੀ, ਭਾਈ ਗੁਰਜੰਟ ਸਿੰਘ ਤਿੱਬੜ, ਮੀਤ ਮੈਨੇਜਰ ਸ. ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ।