ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਸ਼ੁੱਕਰਵਾਰ, ੨੭ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੯ ਮਈ, ੨੦੨੫ (ਅੰਗ: ੬੯੪)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 20 ਮਈ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

ਸ਼੍ਰੋਮਣੀ ਕਮੇਟੀ ਦਾ 100 ਸਾਲਾ ਇਤਿਹਾਸ, ਜੈਤੋ ਦੇ ਮੋਰਚੇ ਸਬੰਧੀ ਖੋਜ ਭਰਪੂਰ ਪੁਸਤਕ ਵੀ ਹੋਵੇਗੀ ਸੰਗ੍ਰਹਿਤ
ਸਿੱਖ ਇਤਿਹਾਸ ਰੀਸਰਚ ਬੋਰਡ ਦੀ ਇਕੱਤਰਤਾ ’ਚ ਲਏ ਗਏ ਕਈ ਫੈਸਲੇ
ਅੰਮ੍ਰਿਤਸਰ, 29 ਅਪ੍ਰੈਲ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਬਾਰੇ ਇਕ ਸੁੰਦਰ ਸਚਿੱਤਰ ਪੁਸਤਕ ਛਾਪਣ ਅਤੇ ਸਿੱਖ ਧਰਮ ਇਤਿਹਾਸ ਦੀਆਂ ਨਵੀਆਂ ਪ੍ਰਕਾਸ਼ਨਾਵਾਂ ਸਬੰਧੀ ਅਹਿਮ ਫੈਸਲੇ ਕੀਤੇ ਹਨ। ਇਥੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ ਸਿੱਖ ਇਤਿਹਾਸ ਰੀਸਰਚ ਬੋਰਡ ਦੀ ਇਕੱਤਰਤਾ ਦੌਰਾਨ ਭਵਿੱਖੀ ਖੋਜ ਕਾਰਜਾਂ ਵਿਚ ਜੈਤੋ ਦੇ ਮੋਰਚੇ ਦੀ ਪਹਿਲੀ ਸ਼ਤਾਬਦੀ ਮੌਕੇ ਖੋਜ ਭਰਪੂਰ ਪੁਸਤਕ ਤਿਆਰ ਕਰਨ, ਸ਼੍ਰੋਮਣੀ ਕਮੇਟੀ ਦਾ 100 ਸਾਲਾ ਇਤਿਹਾਸ ਸੰਗ੍ਰਹਿਤ ਕਰਨ ਸਮੇਤ ਬੀਤੇ ਸਮੇਂ ਅੰਦਰ ਪ੍ਰਕਾਸ਼ਤ ਕੀਤੇ ਅਹਿਮ ਦਸਤਾਵੇਜ਼ਾਂ ਨੂੰ ਮੁੜ ਛਾਪਣ ਦੀ ਪ੍ਰਵਾਨਗੀ ਦਿੱਤੀ ਗਈ ਹੈ।
ਇਕੱਤਰਤਾ ਦੇ ਫੈਸਲਿਆਂ ਸਬੰਧੀ ਐਡਵੋਕੇਟ ਧਾਮੀ ਨੇ ਦੱਸਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਇਤਿਹਾਸ ਅਤੇ ਇਥੇ ਦੇ ਅਸਥਾਨਾਂ ਬਾਰੇ ਇਕ ਅਹਿਮ ਦਸਤਾਵੇਜੀ ਪੁਸਤਕ ਤਿਆਰ ਕੀਤੀ ਜਾਵੇਗੀ। ਇਸ ਵਿਚ ਇਤਿਹਾਸਕ ਵੇਰਵਿਆਂ ਅਤੇ ਹਵਾਲਿਆਂ ਤੋਂ ਇਲਾਵਾ ਵੱਖ-ਵੱਖ ਤਸਵੀਰਾਂ ਵੀ ਦਰਜ ਕੀਤੀਆਂ ਜਾਣਗੀਆਂ। ਇਹ ਯਾਦਗਾਰੀ ਪੁਸਤਕ ਅੰਗਰੇਜ਼ੀ ਭਾਸ਼ਾ ਵਿਚ ਹੋਵੇਗੀ ਜੋ ਇਥੇ ਪੁੁੱਜਣ ਵਾਲੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਦੇਣ ਤੋਂ ਇਲਾਵਾ ਦੇਸ਼ ਵਿਦੇਸ਼ ਦੀਆਂ ਅਹਿਮ ਥਾਵਾਂ ’ਤੇ ਭੇਜੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸਿੱਖ ਇਤਿਹਾਸ ਰੀਸਰਚ ਬੋਰਡ ਵੱਲੋਂ ਸ਼੍ਰੋਮਣੀ ਕਮੇਟੀ ਦਾ 100 ਸਾਲਾ ਇਤਿਹਾਸ ਕਲਮਬੱਧ ਕਰਨ ਦਾ ਵੀ ਫੈਸਲਾ ਕੀਤਾ ਗਿਆ ਹੈ। ਇਸ ਤੋਂ ਪਹਿਲਾਂ 50 ਸਾਲਾ ਇਤਿਹਾਸ ਸ਼੍ਰੋਮਣੀ ਕਮੇਟੀ ਵੱਲੋਂ ਸੰਗ੍ਰਹਿਤ ਕੀਤਾ ਗਿਆ ਸੀ। ਹੁਣ ਸ਼੍ਰੋਮਣੀ ਕਮੇਟੀ ਆਪਣਾ 100 ਸਾਲਾ ਸਫ਼ਰ ਤੈਅ ਕਰ ਚੁੱਕੀ ਹੈ ਅਤੇ ਇਸ ਦੌਰਾਨ ਲਏ ਗਏ ਅਹਿਮ ਫੈਸਲਿਆਂ, ਪੰਥਕ ਕਾਰਜਾਂ ਅਤੇ ਪ੍ਰਾਪਤੀਆਂ ਨੂੰ ਲੋਕਾਂ ਤਕ ਪਹੁੰਚਾਇਆ ਜਾਵੇਗਾ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਬੀਤੇ ਸਮੇਂ ’ਚ ਸਿੱਖ ਇਤਿਹਾਸ ਰੀਸਰਚ ਬੋਰਡ ਵੱਲੋਂ ਕਈ ਅਹਿਮ ਖੋਜ ਕਾਰਜ ਕੀਤੇ ਗਏ ਸਨ, ਜਿਨ੍ਹਾਂ ਵਿਚ ‘ਇਤਿਹਾਸਕ ਪੱਤਰ’ ਨਾਂ ਦਾ ਖੋਜ ਪਰਚਾ ਵੀ ਸ਼ਾਮਲ ਹੈ। ਇਸ ਖੋਜ ਪਰਚੇ ਦੇ ਪੁਰਾਣੇ ਅੰਕ ਬੇਹੱਦ ਮਹੱਤਵਪੂਰਨ ਹਨ, ਜਿਨ੍ਹਾਂ ਨੂੰ ਮੁੜ ਪ੍ਰਕਾਸ਼ਤ ਕੀਤਾ ਜਾਵੇਗਾ ਅਤੇ ਇਸ ਮਗਰੋਂ ਇਸ ਦੀ ਨਵੀਂ ਲੜੀ ਅੱਗੇ ਵਧਾਉਣ ਬਾਰੇ ਵੀ ਵਿਚਾਰ ਕੀਤੀ ਜਾਵੇਗੀ। ਇਸ ਦਾ ਮੰਤਵ ਸਿੱਖ ਖੋਜਕਾਰਾਂ ਨੂੰ ਇਤਿਹਾਸ ਦੇ ਵਿਸ਼ੇ ’ਤੇ ਖੋਜ ਵੱਲ ਰੁਚਿਤ ਕਰਨਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਗੁਰਦੁਆਰਾ ਸੁਧਾਰ ਲਹਿਰ, ਸ਼੍ਰੋਮਣੀ ਕਮੇਟੀ, ਸ਼੍ਰੋਮਣੀ ਅਕਾਲੀ ਦਲ ਅਤੇ ਗਦਰ ਲਹਿਰ ਬਾਰੇ ਤਤਕਾਲੀ ਅਖ਼ਬਾਰਾਂ ਦੇ ਅਧਾਰ ’ਤੇ ਖੋਜ ਕਾਰਜ ਵੀ ਕਰਵਾਏ ਜਾਣਗੇ। ਇਸ ਦੇ ਨਾਲ ਹੀ ਸੋਸ਼ਲ ਮੀਡੀਆ ’ਤੇ ਸਿੱਖ ਵਿਰੋਧੀ ਬਿਰਤਾਂਤ ਦੇ ਜਵਾਬ ਲਈ ਸਰਗਰਮ ਮੰਚ ਸਥਾਪਤ ਕਰਨ ਲਈ ਵੀ ਕਾਰਜ ਕੀਤੇ ਜਾਣਗੇ। ਇਸ ਸਬੰਧੀ ਤਿੰਨ ਮੈਂਬਰੀ ਕਮੇਟੀ ਬਣਾਈ ਗਈ ਹੈ, ਜੋ ਰੂਪ ਰੇਖਾ ਤਿਆਰ ਕਰੇਗੀ।
ਇਕੱਤਰਤਾ ’ਚ ਐਡਵੋਕੇਟ ਧਾਮੀ ਤੋਂ ਇਲਾਵਾ ਸਿੱਖ ਇਤਿਹਾਸ ਰੀਸਰਚ ਬੋਰਡ ਦੇ ਮੈਂਬਰ ਇੰਚਾਰਜ ਭਾਈ ਅਮਰਜੀਤ ਸਿੰਘ ਚਾਵਲਾ, ਬੋਰਡ ਦੇ ਮੈਂਬਰ ਡਾ. ਬਲਵੰਤ ਸਿੰਘ ਢਿੱਲੋਂ, ਡਾ. ਪਰਮਵੀਰ ਸਿੰਘ, ਡਾ. ਪ੍ਰਭਜੋਤ ਕੌਰ, ਸ. ਹਰਵਿੰਦਰ ਸਿੰਘ ਖਾਲਸਾ, ਵਿਸ਼ੇਸ਼ ਇਨਵਾਈਟੀ ਡਾ. ਕੇਹਰ ਸਿੰਘ, ਡਾ. ਇੰਦਰਜੀਤ ਸਿੰਘ ਗੋਗੋਆਣੀ, ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਮੀਤ ਸਕੱਤਰ ਸ. ਸ਼ਾਹਬਾਜ਼ ਸਿੰਘ, ਇੰਚਾਰਜ ਸ. ਜੋਗੇਸ਼ਵਰ ਸਿੰਘ, ਸ. ਬਗੀਚਾ ਸਿੰਘ, ਸਕਾਲਰ ਡਾ. ਰਣਜੀਤ ਕੌਰ, ਸ. ਅਰਮਨ ਸਿੰਘ ਆਦਿ ਹਾਜ਼ਰ ਸਨ।