ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਬੁੱਧਵਾਰ, ੧੩ ਚੇਤ (ਸੰਮਤ ੫੫੭ ਨਾਨਕਸ਼ਾਹੀ) ੨੬ ਮਾਰਚ, ੨੦੨੫ (ਅੰਗ: ੭੦੬)

ਜ਼ੁਲਮ ਖਿਲਾਫ ਲੜਨ ਵਾਲੇ ਸੂਰਮਿਆਂ ਦੀ ਵਿਲੱਖਣ ਗਾਥਾ ਨਾਲ ਭਰਿਆ ਹੋਇਆ ਹੈ ਸਿੱਖ ਇਤਿਹਾਸ –ਪ੍ਰੋ: ਕਿਰਪਾਲ ਸਿੰਘ ਬਡੂੰਗਰ

ਅੰਮ੍ਰਿਤਸਰ, 8 ਅਗਸਤ- ਇਤਿਹਾਸਕ ਅਸਥਾਨ ਗੁਰਦੁਆਰਾ ਗੁਰੂ ਕਾ ਬਾਗ ਵਿਖੇ ‘ਸਾਕਾ ਗੁਰੂ ਕਾ ਬਾਗ’ ਦੀ ਯਾਦ ਵਿਚ ਕਰਵਾਏ ਗਏ ਗੁਰਮਤਿ ਸਮਾਗਮ ਮੌਕੇ ਸ਼ਹੀਦਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਿਦਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਸਿੱਖ ਇਤਿਹਾਸ ਜ਼ੁਲਮ ਖਿਲਾਫ ਲੜਨ ਵਾਲੇ ਸੂਰਮਿਆਂ ਅਤੇ ਸ਼ਹੀਦਾਂ ਦੀ ਵਿਲੱਖਣ ਗਾਥਾ ਨਾਲ ਭਰਿਆ ਹੋਇਆ ਹੈ ਜਿਸ ਤੋਂ ਸਿੱਖ ਕੌਮ ਦੀ ਨੌਜੁਆਨ ਪੀੜੀ ਨੂੰ ਪ੍ਰੇਰਨਾ ਲੈਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਦੁਨੀਆਂ ਦੇ ਧਾਰਮਿਕ ਇਤਿਹਾਸ ਵਿਚ ਏਨੀਆਂ ਕੁਰਬਾਨੀਆਂ ਹੋਰ ਕਿਧਰੇ ਨਹੀਂ ਮਿਲਦੀਆਂ ਜਿੰਨੀਆਂ ਸਿੱਖ ਕੌਮ ਦੇ ਹਿੱਸੇ ਆਈਆਂ ਹਨ। ਪ੍ਰੋ: ਬਡੂੰਗਰ ਨੇ ਕਿਹਾ ਕਿ ਗੁਰੂ ਕੇ ਬਾਗ ਦਾ ਮੋਰਚਾ ਖਾਲਸਾ ਪੰਥ ਦੀ ਸੂਰਮਗਤੀ ਅਤੇ ਗੁਰੂ ਘਰਾਂ ਦੀ ਰਖਵਾਲੀ ਦਾ ਲਖਾਇਕ ਹੈ ਜਿਸਨੇ ਸਿੱਖ ਇਤਿਹਾਸ ਨੂੰ ਨਵਾਂ ਮੋੜ ਦਿੱਤਾ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸੁਧਾਰ ਲਹਿਰ ਤਹਿਤ ਸਿੱਖਾਂ ਨੇ ਆਪਣੀਆਂ ਜਾਨਾਂ ਦੀ ਪ੍ਰਵਾਹ ਨਾ ਕਰਦਿਆਂ ਹੋਇਆਂ ਜੋ ਪੂਰਨੇ ਪਾਏ ਉਹ ਆਪਣੇ ਆਪ ਵਿਚ ਮਿਸਾਲੀ ਹਨ। ਉਨ੍ਹਾਂ ਨੌਜੁਆਨ ਪੀੜੀ ਨੂੰ ਅਪੀਲ ਕਰਦਿਆਂ ਕਿਹਾ ਕਿ ਆਪਣੇ ਮਹਾਨ ਸ਼ਹੀਦਾਂ ਦੇ ਜੀਵਨ ਤੇ ਉਨ੍ਹਾਂ ਦੇ ਯੋਗਦਾਨ ਤੋਂ ਸੇਧ ਪ੍ਰਾਪਤ ਕਰਕੇ ਧਰਮ ਅਤੇ ਆਪਣੇ ਸੱਭਿਆਚਾਰ ਦੀਆਂ ਅਮੁੱਲ ਕਦਰਾਂ-ਕੀਮਤਾਂ ਦੇ ਧਾਰਨੀ ਬਣੀਏ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਹ ਵੀ ਐਲਾਨ ਕੀਤਾ ਕਿ ਗੁਰਦੁਆਰਾ ਗੁਰੂ ਕਾ ਬਾਗ ਦੀ ਇਤਿਹਾਸਕ ਮਹੱਤਤਾ ਨੂੰ ਹੋਰ ਉਜਾਗਰ ਕੀਤਾ ਜਾਵੇਗਾ ਤਾਂ ਜੋ ਵੱਧ ਤੋਂ ਵੱਧ ਸੰਗਤਾਂ ਤੇ ਅਜੋਕੀ ਪੀੜੀ ਨੂੰ ਇਥੋਂ ਦੇ ਮਹਾਨ ਇਤਿਹਾਸ ਬਾਰੇ ਪਤਾ ਲੱਗ ਸਕੇ।
ਇਸ ਮੌਕੇ ਸਾਬਕਾ ਵਿਧਾਇਕ ਸ. ਅਮਰਪਾਲ ਸਿੰਘ ਬੋਨੀ, ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਸੁਰਜੀਤ ਸਿੰਘ ਭਿੱਟੇਵਡ, ਮੈਂਬਰ ਸ. ਜੋਧ ਸਿੰਘ ਸਮਰਾ ਤੇ ਸ. ਕੁਲਦੀਪ ਸਿੰਘ ਤੇੜਾ ਨੇ ਵੀ ਸੰਗਤਾਂ ਨਾਲ ਵਿਚਾਰ ਸਾਂਝੇ ਕਰਦਿਆਂ ਸਾਕਾ ਗੁਰੂ ਕਾ ਬਾਗ ਦੇ ਸ਼ਹੀਦਾਂ ਦੀਆਂ ਕੁਰਬਾਨੀਆਂ ਤੋਂ ਕੌਮ ਨੂੰ ਪ੍ਰੇਰਨਾ ਲੈਣ ਦੀ ਅਪੀਲ ਕੀਤੀ। ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੂੰ ਸ਼੍ਰੋਮਣੀ ਕਮੇਟੀ ਦੇ ਸਥਾਨਕ ਮੈਂਬਰਾਂ ਵੱਲੋਂ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਾਕਾ ਗੁਰੂ ਕਾ ਬਾਗ ਦੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਵੀ ਕੀਤਾ। ਇਸ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਮਾਨ ਸਿੰਘ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕਰਦਿਆਂ ਗੁਰਸਿੱਖੀ ਜੀਵਨ ਦੇ ਧਾਰਨੀ ਬਣਨ ਦੀ ਪ੍ਰੇਰਨਾ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਗੁਰਦੁਆਰਾ ਸਾਹਿਬ ਵਿਖੇ ਬਣੀ ਮਾਤਾ ਗੁਜਰ ਕੌਰ ਜੀ ਨਿਵਾਸ ਦਾ ਰਸਮੀ ਤੌਰ ‘ਤੇ ਉਦਘਾਟਨ ਵੀ ਕੀਤਾ।
ਇਸ ਮੌਕੇ ਸਾਬਕਾ ਵਿਧਾਇਕ ਸ. ਅਮਰਪਾਲ ਸਿੰਘ ਬੋਨੀ ਅਜਨਾਲਾ, ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਸੁਰਜੀਤ ਸਿੰਘ ਭਿੱਟੇਵਡ, ਮੈਂਬਰ ਸ. ਜੋਧ ਸਿੰਘ ਸਮਰਾ, ਸ. ਕੁਲਦੀਪ ਸਿੰਘ ਤੇੜਾ, ਬੀਬੀ ਸਵਰਨ ਕੌਰ ਤੇੜਾ, ਬਾਬਾ ਬੋਹੜ ਸਿੰਘ, ਬਾਬਾ ਚਰਨ ਸਿੰਘ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾ ਕੋਹਨਾ, ਸ. ਕੁਲਵਿੰਦਰ ਸਿੰਘ ਰਮਦਾਸ ਮੀਤ ਸਕੱਤਰ, ਸ. ਭਗਵੰਤ ਸਿੰਘ ਧੰਗੇੜਾ ਨਿੱਜੀ ਸਹਾਇਕ, ਸ. ਕਰਮਬੀਰ ਸਿੰਘ ਇੰਚਾਰਜ, ਸ. ਬਲਦੇਵ ਸਿੰਘ ਤੇੜਾ, ਸ. ਪ੍ਰਗਟ ਸਿੰਘ ਤੇ ਸ. ਹਰਜਿੰਦਰ ਸਿੰਘ ਮੈਨੇਜਰ, ਸ. ਅਜੀਤ ਸਿੰਘ, ਪ੍ਰਿੰਸੀਪਲ ਪ੍ਰਭਜੋਤ ਕੌਰ, ਪ੍ਰਿੰਸੀਪਲ ਰਾਜਵਿੰਦਰ ਕੌਰ, ਸ. ਜੋਰਾਵਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।