ਸ਼੍ਰੋਮਣੀ ਕਮੇਟੀ ਵੱਲੋਂ ਸਿੱਖੀ ਦੇ ਪ੍ਰਚਾਰ ਪ੍ਰਸਾਰ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ- ਗਿਆਨੀ ਜਗਤਾਰ ਸਿੰਘ

ਡਾ: ਜਸਵੰਤ ਸਿੰਘ, ਸ੍ਰ: ਹਰਬੰਸ ਸਿੰਘ ਘੁੰਮਣ ਤੇ ਸ੍ਰ: ਸੰਤੋਖ ਸਿੰਘ ਆਸਟਰੇਲੀਆ ਪ੍ਰਿੰਸੀਪਲ ਗੰਗਾ ਸਿੰਘ ਐਵਾਰਡ ਨਾਲ ਸਨਮਾਨਿਤ
ਸ਼੍ਰੋਮਣੀ ਰਾਗੀ ਭਾਈ ਬਲਬੀਰ ਸਿੰਘ, ਹਜ਼ੂਰੀ ਰਾਗੀ ਭਾਈ ਜਸਵੰਤ ਸਿੰਘ ਨੂੰ ਕੀਰਤਨ ਦੀਆਂ ਸੇਵਾਵਾਂ ਤੇ ਸ੍ਰ: ਸਤਬੀਰ ਸਿੰਘ ਸਕੱਤਰ ਨੂੰ ਧਰਮ ਪ੍ਰਚਾਰ ਲਹਿਰ ਲਈ ਨਿਭਾਈਆਂ ਉਚੇਰੀਆਂ ਸੇਵਾਵਾਂ ਲਈ ਦਿੱਤਾ ਵਿਸ਼ੇਸ਼ ਸਨਮਾਨ
22222
ਅੰਮ੍ਰਿਤਸਰ : 21 ਫਰਵਰੀ ( ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼ਹੀਦ ਸਿੱਖ ਮਿਸ਼ਨਰੀ ਕਾਲਜ ਵਿਖੇ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਨੂੰ ਸਮਰਪਿਤ ਧਰਮ ਪ੍ਰਚਾਰ ਕਮੇਟੀ ਵੱਲੋਂ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਵੱਖ-ਵੱਖ ਪੰਥ ਪ੍ਰਸਿੱਧ ਵਿਦਵਾਨਾਂ ਵਿਚੋਂ ਡਾ: ਸੁਖਦਿਆਲ ਸਿੰਘ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਸਿੰਘ ਸਭਾ ਲਹਿਰ ਦਾ ਆਲੋਚਨਾਤਮਿਕ ਪੱਖ, ਡਾ: ਜਸਵੰਤ ਸਿੰਘ ਨੇ ਸਿੰਘ ਸਭਾ ਲਹਿਰ ਦੀ ਦੇਣ ਅਤੇ ਭਾਈ ਗੁਰਬਖਸ਼ ਸਿੰਘ ਗੁਲਸ਼ਨ ਯੂ ਕੇ ਨੇ ਵਿਦਿਅਕ ਪੱਧਰ ਤੇ ਵਿਦਿਆਰਥੀਆਂ ਨਾਲ ਵਿਚਾਰਾਂ ਦੀ ਸਾਂਝ ਪਾਈ।
ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕੁਝ ਜ਼ਰੂਰੀ ਪੰਥਕ ਰੁਝੇਵਿਆਂ ਵਿੱਚ ਮਸਰੂਫ ਹੋਣ ਕਾਰਣ ਉਨ੍ਹਾਂ ਵੱਲੋਂ ਸੈਮੀਨਾਰ ਵਿੱਚ ਉਚੇਚੇ ਤੌਰ ਤੇ ਪਹੁੰਚੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਐਡੀ: ਹੈਡ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਕਿਹਾ ਕਿ ਅਨੇਕਾਂ ਕੁਰਬਾਨੀਆਂ ਦੇ ਕੇ ੧੯੨੦ ਤੋਂ ਹੋਂਦ ਵਿੱਚ ਆਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੁਆਰਾ ਬੜੇ ਹੀ ਸੁਚੱਜੈ ਢੰਗ ਨਾਲ ਗੁਰਦੁਆਰਾ ਸਾਹਿਬਾਨ ਦਾ ਪ੍ਰਬੰਧ ਚਲਾਇਆ ਜਾ ਰਿਹਾ ਹੈ ਅਤੇ ਇਸ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਸਿੱਖੀ ਦੇ ਪ੍ਰਚਾਰ ਪ੍ਰਸਾਰ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਅੱਜ ਲੋੜ ਹੈ ਕਿ ਜਿੱਥੇ ਵਿਦਿਆਰਥੀਆਂ ਨੂੰ ਦੁਨਿਆਵੀ ਵਿਦਿਆ ਦੇਣੀ ਹੈ ਓਥੇ ਆਪਣੇ ਧਰਮ ਤੇ ਗੁਰਬਾਣੀ ਨਾਲ ਜੋੜਨ ਲਈ ਸ਼ਹੀਦ ਸਿੱਖ ਮਿਸ਼ਨਰੀ ਕਾਲਜਾਂ ਵਰਗੇ ਅਦਾਰਿਆਂ ਦੀ, ਜੋ ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ-ਵੱਖ ਸ਼ਹਿਰਾਂ ਵਿੱਚ ਖੋਹਲ ਕੇ ਸਿੱਖੀ ਦੇ ਪ੍ਰਚਾਰ ਪ੍ਰਸਾਰ ਨੂੰ ਪ੍ਰਚੰਡ ਕਰ ਰਹੇ ਹਨ ਤੇ ਇਹ ਕਾਲਜ ਵੱਡੇ-ਵੱਡੇ ਰਾਗੀ ਸਿੰਘ, ਗ੍ਰੰਥੀ ਸਿੰਘ, ਕਥਾ ਵਾਚਕ ਤੇ ਪ੍ਰਚਾਰਕ ਪੈਦਾ ਕਰ ਰਹੇ ਹਨ ਜੋ ਸਿੱਖੀ ਨੂੰ ਪ੍ਰਫੁੱਲਿਤ ਕਰਨ ਲਈ ਦੇਸ਼-ਵਿਦੇਸ਼ ਵਿੱਚ ਆਪਣੀਆਂ ਵਡਮੁੱਲੀਆਂ ਸੇਵਾਵਾਂ ਨਿਭਾ ਰਹੇ ਹਨ।
ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ੍ਰ: ਸਤਬੀਰ ਸਿੰਘ ਨੇ ਕਿਹਾ ਕਿ ਗੁਰਮਤਿ ਦਾ ਪ੍ਰਚਾਰ ਕਰਨ ਵਾਲੇ ਪ੍ਰਚਾਰਕਾਂ ਦੇ ਕਿਰਦਾਰ ਨੂੰ ਹੋਰ ਉੱਚਾ ਚੁੱਕਿਆ ਜਾਵੇਗਾ ਤੇ ਇਨ੍ਹਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ ਤਾਂ ਜੋ ਇਹ ਹਰੇਕ ਤਰ੍ਹਾਂ ਨਾਲ ਗੁਰਮਤਿ ਦੀ ਗੱਲ ਕਰ ਸਕਣ। ਉਨ੍ਹਾਂ ਕਿਹਾ ਕਿ ਸਾਡਾ ਮੁੱਖ ਮਕਸਦ ਸਿਰਫ ਤੇ ਸਿਰਫ ਸਿੱਖੀ ਨੂੰ ਪ੍ਰਫੁੱਲਿਤ ਕਰਨਾ ਹੀ ਹੈ। ਉਕਤ ਬੁਲਾਰਿਆਂ ਦੇ ਇਲਾਵਾ ਸ੍ਰ: ਹਰਬੰਸ ਸਿੰਘ ਘੁੰਮਣ, ਸ੍ਰ: ਰਣਜੀਤ ਸਿੰਘ ਵਧੀਕ ਸਕੱਤਰ ਧਰਮ ਪ੍ਰਚਾਰ ਕਮੇਟੀ ਅਤੇ ਪ੍ਰਿੰਸੀਪਲ ਬਲਦੇਵ ਸਿੰਘ ਸ਼ਹੀਦ ਸਿੱਖ ਮਿਸ਼ਨਰੀ ਕਾਲਜ ਨੇ ਸੰਬੋਧਨ ਕੀਤਾ। ਪ੍ਰਿੰਸੀਪਲ ਬਲਦੇਵ ਸਿੰਘ ਨੇ ਸੈਮੀਨਾਰ ਵਿੱਚ ਸ਼ਾਮਲ ਵਿਦਵਾਨਾ, ਪ੍ਰੋਫੈਸਰਾਂ ਤੇ ਵਿਦਿਆਰਥੀਆਂ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ।
ਪਿਛਲੇ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਿੱਖ ਇਤਿਹਾਸ ਤੇ ਸਿੱਖ ਪੰਥ ਲਈ ਉਚੇਰੀਆਂ ਸੇਵਾਵਾਂ ਨਿਭਾਉਣ ਲਈ ਡਾ: ਜਸਵੰਤ ਸਿੰਘ, ਗਿਆਨੀ ਸੰਤੋਖ ਸਿੰਘ ਆਸਟਰੇਲੀਆ ਤੇ ਸ੍ਰ: ਹਰਬੰਸ ਸਿੰਘ ਘੁੰਮਣ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਐਡੀ: ਹੈਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਅਤੇ ਸ੍ਰ: ਸਤਬੀਰ ਸਿੰਘ ਸਕੱਤਰ ਧਰਮ ਪ੍ਰਚਾਰ ਕਮੇਟੀ ਵੱਲੋਂ ਪ੍ਰਿੰਸੀਪਲ ਗੰਗਾ ਸਿੰਘ ਐਵਾਰਡ ਨਾਲ ਮੋਮੈਂਟੋ, ਸਿਰੋਪਾਓ ਤੇ ਲੋਈ ਦੇ ਕੇ ਸਨਮਾਨਿਤ ਕੀਤਾ।ਸਤਿਗੁਰੂ ਜੀ ਦੀ ਇਲਾਹੀ ਬਾਣੀ ਦੇ ਕੀਰਤਨ ਦੀਆਂ ਸੇਵਾਵਾਂ ਨਿਭਾਉਣ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਸ਼੍ਰੋਮਣੀ ਰਾਗੀ ਭਾਈ ਬਲਬੀਰ ਸਿੰਘ, ਭਾਈ ਜਸਵੰਤ ਸਿੰਘ ਤੇ ਧਰਮ ਪ੍ਰਚਾਰ ਲਹਿਰ ਲਈ ਨਿਭਾਈਆਂ ਉਚੇਰੀਆਂ ਸੇਵਾਵਾਂ ਲਈ ਸ੍ਰ: ਸਤਬੀਰ ਸਿੰਘ ਸਕੱਤਰ ਧਰਮ ਪ੍ਰਚਾਰ ਕਮੇਟੀ ਨੂੰ ਵਿਸ਼ੇਸ਼ ਸਨਮਾਨਾ ਨਾਲ ਨਿਵਾਜਿਆ ਗਿਆ।

ਇਸ ਮੌਕੇ ਸ੍ਰ: ਸੰਤੋਖ ਸਿੰਘ ਤੇ ਸ੍ਰ: ਜਗਜੀਤ ਸਿੰਘ ਮੀਤ ਸਕੱਤਰ, ਪ੍ਰੋ: ਸੁਰਜੀਤ ਸਿੰਘ, ਪ੍ਰੋ: ਪੁਸ਼ਪਿੰਦਰ ਕੌਰ, ਪ੍ਰੋ: ਸੁਖਜਿੰਦਰ ਸਿੰਘ, ਪ੍ਰੋ: ਸੁਖਵਿੰਦਰ ਸਿੰਘ, ਪ੍ਰੋ: ਰਜਵੰਤ ਕੌਰ, ਪ੍ਰੋ: ਅਮਰਜੀਤ ਕੌਰ, ਇੰਦਰ ਮੋਹਣ ਸਿੰਘ ‘ਅਨਜਾਣ’, ਸ੍ਰ: ਜਗਰੂਪ ਸਿੰਘ, ਸ੍ਰ: ਹਰਵਿੰਦਰ ਸਿੰਘ, ਸ੍ਰ: ਗੁਰਿੰਦਰ ਸਿੰਘ ਠਰੂ , ਸ੍ਰ: ਦਰਸ਼ਨ ਸਿੰਘ , ਸ੍ਰ: ਹਰਦੀਪ ਸਿੰਘ ਜੌਹਲ, ਭਾਈ ਜਗਦੇਵ ਸਿੰਘ ਹੈਡ ਪ੍ਰਚਾਰਕ, ਭਾਈ ਸਰਵਣ ਸਿੰਘ ਤੇ ਭਾਈ ਕੁਲਰਾਜ ਸਿੰਘ ਪ੍ਰਚਾਰਕ ਅਤੇ ਸ਼ਹੀਦ ਸਿੱਖ ਮਿਸ਼ਨਰੀ ਕਾਲਜ ਦਾ ਸਮੁੱਚਾ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।