** ਚੇਤਿ ਗੋਵਿੰਦੁ ਅਰਾਧੀਐ ਹੋਵੈ ਅਨੰਦੁ ਘਣਾ ॥ ਸੰਤ ਜਨਾ ਮਿਲਿ ਪਾਈਐ ਰਸਨਾ ਨਾਮੁ ਭਣਾ॥ ** ** ਸਮੁੱਚੀ ਨਾਨਕ ਨਾਮ ਲੇਵਾ ਸੰਗਤ ਨੂੰ ਚੇਤ ਸੰਗਰਾਂਦ ਦੇ ਪਵਿੱਤਰ ਦਿਹਾੜੇ ’ਤੇ ਨਵੇਂ ਨਾਨਕਸ਼ਾਹੀ ਵਰ੍ਹੇ ਸੰਮਤ 557 ਦੀਆਂ ਲੱਖ-ਲੱਖ ਵਧਾਈਆਂ **


ਅੰਮ੍ਰਿਤਸਰ, ੨੨ ਫਰਵਰੀ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਅਤੇ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਸਾਲਾਨਾ ਯਾਦ ਵਿਚ ‘ਸ਼ਹੀਦ ਸਿੱਖ ਮਿਸ਼ਨਰੀ ਕਾਲਜ’ ਵਿਖੇ ਦੋ ਰੋਜ਼ਾ ਗੁਰਮਤਿ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ ਨੇ ਵਿਦਿਆਰਥੀਆਂ ਅਤੇ ਆਈ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਿੱਖ ਮਿਸ਼ਨੀ ਕਾਲਜ ਵੱਲੋਂ ਸਿਖਲਾਈ ਪ੍ਰਾਪਤ ਕਰ ਚੁੱਕੇ ਵਿਦਿਆਰਥੀਆਂ ਨੇ ਦੇਸ਼ ਵਿਦੇਸ਼ ਵਿਚ ਆਪਣਾ ਨਾਮ ਉੱਚਾ ਕੀਤਾ ਅਤੇ ਸਿੱਖ ਧਰਮ ਲਈ ਵੱਡਮੁੱਲੀਆਂ ਸੇਵਾਵਾਂ ਦਿੱਤੀਆਂ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਦਿਆਂ ਕਿਹਾ ਕਿ ਇਮਾਨਦਾਰੀ ਅਤੇ ਮਿਹਨਤ ਨਾਲ ਕੀਤੇ ਕੰਮ ਕਰਕੇ ਇਕ ਵੱਖਰੀ ਪਛਾਣ ਬਣਦੀ ਹੈ। ਉਨ੍ਹਾਂ ਕਿਹਾ ਕਿ ਸਿੱਖ ਇਤਿਹਾਸ ਗੁਰੂ ਸਾਹਿਬ ਵੱਲੋਂ ਦਰਸਾਏ ਫ਼ਲਸਫ਼ੇ ਅਤੇ ਸਿਧਾਂਤਾਂ ‘ਤੇ ਚੱਲ ਕੇ ਸ਼ਹਾਦਤਾਂ ਦੇਣ ਵਾਲੇ ਅਣ-ਗਿਣਤ ਸਿੱਖਾਂ ਨਾਲ ਭਰਿਆ ਪਿਆ ਹੈ। ਉਨ੍ਹਾਂ ਸ੍ਰੀ ਨਨਕਾਣਾ ਸਾਹਿਬ ਦੇ ਸਾਕੇ ਦੌਰਾਨ ਸ਼ਹੀਦ ਹੋਏ ਸਿੰਘਾਂ ਨੂੰ ਸ਼ਰਧਾ ਅਤੇ ਸਤਿਕਾਰ ਭੇਟ ਕਰਦਿਆਂ ਸਿੱਖ ਇਤਿਹਾਸ ਦੇ ਇਨ੍ਹਾਂ ਪੰਨਿਆਂ ਤੋਂ ਪ੍ਰੇਰਣਾ ਲੈਣ ਦੀ ਅਪੀਲ ਕੀਤੀ। ਇਸੇ ਦੌਰਾਨ ਸੈਮੀਨਾਰ ਦੌਰਾਨ ਪਹੁੰਚੇ ਸੀਨੀਅਰ ਵਿਦਿਆਰਥੀ ਜਿਨ੍ਹਾਂ ਨੇ ਪੰਥ ਵਿਚ ਵੱਡੇ ਮੁਕਾਮ ਹਾਸਲ ਕੀਤੇ ਹਨ ਉਨ੍ਹਾਂ ਦਾ ਵਿਸ਼ੇਸ਼ ਤੌਰ ‘ਤੇ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ‘ਤੇ ਸ. ਬਲਵਿੰਦਰ ਸਿੰਘ ਜੌੜਾਸਿੰਘਾ ਸਕੱਤਰ ਧਰਮ ਪ੍ਰਚਾਰ ਕਮੇਟੀ, ਸ਼ਹੀਦ ਸਿੱਖ ਮਿਸ਼ਨਰੀ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਮਨਜੀਤ ਕੌਰ, ਪ੍ਰੋ. ਅਮਰਜੀਤ ਕੌਰ ਸਮੇਤ ਵੱਖ-ਵੱਖ ਮਿਸ਼ਨਰੀ ਕਾਲਜਾਂ ਦਾ ਸਟਾਫ਼ ਅਤੇ ਸਿਖਿਆਰਥੀ ਹਾਜ਼ਰ ਸਨ।