ਅੰਮ੍ਰਿਤਸਰ, 21 ਫ਼ਰਵਰੀ- ਸੰਨ 1921 ਵਿਚ ਵਾਪਰੇ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਜਗਤਾਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਸਰਵਣ ਕਰਵਾਇਆ। ਇਸ ਮੌਕੇ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਦਿਆਂ ਕਿਹਾ ਕਿ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਨੂੰ ਅਖੌਤੀ ਮਹੰਤਾਂ ਤੋਂ ਅਜ਼ਾਦ ਕਰਵਾਉਣ ਲਈ ਸਿੱਖ ਯੋਧਿਆਂ ਨੇ ਜਿਸ ਦ੍ਰਿੜ੍ਹਤਾ ਅਤੇ ਦਲ੍ਹੇਰੀ ਦਾ ਪ੍ਰਗਟਾਵਾ ਕੀਤਾ, ਉਹ ਸਿੱਖ ਕੌਮ ਨੂੰ ਸੰਗਠਤ ਕਰਨ ਵਿਚ ਮੀਲ-ਪੱਥਰ ਸਾਬਤ ਹੋਇਆ। ਉਨ੍ਹਾਂ ਕਿਹਾ ਕਿ ਕੌਮ ਦੇ ਇਨ੍ਹਾਂ ਮਹਾਨ ਸ਼ਹੀਦਾਂ ਤੋਂ ਸੇਧ ਲੈ ਕੇ ਪੰਥਕ ਪਹਿਰੇਦਾਰੀ ਕਰਨੀ ਚਾਹੀਦੀ ਹੈ।
ਸਮਾਗਮ ਸਮੇਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ, ਵਧੀਕ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸਤਨਾਮ ਸਿੰਘ ਮਾਂਗਾਸਰਾਏ, ਮੀਤ ਸਕੱਤਰ ਸ. ਸੁਖਦੇਵ ਸਿੰਘ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸ. ਬਘੇਲ ਸਿੰਘ, ਵਧੀਕ ਮੈਨੇਜਰ ਸ. ਨਿਸ਼ਾਨ ਸਿੰਘ, ਸ. ਇਕਬਾਲ ਸਿੰਘ ਮੁਖੀ, ਸ. ਸਤਨਾਮ ਸਿੰਘ ਰਿਆੜ, ਸ. ਨਿਸ਼ਾਨ ਸਿੰਘ ਜੱਫਰਵਾਲ, ਸ. ਬਿਕਰਮਜੀਤ ਸਿੰਘ ਝੰਗੀ, ਪ੍ਰਚਾਰਕ ਭਾਈ ਤਰਸੇਮ ਸਿੰਘ, ਢਾਡੀ ਭਾਈ ਗੁਰਪ੍ਰੀਤ ਸਿੰਘ ਭੰਗੂ ਆਦਿ ਮੌਜੂਦ ਸਨ।
