ਦਸਮ ਪਾਤਸ਼ਾਹ ਜੀ ਦੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ੨ ਲੱਖ ਤੋਂ ਵੱਧ ਸਕੂਲੀ ਬੱਚਿਆਂ ਨੂੰ ਗੁਰਬਾਣੀ ਦੇ ਜਾਪ ਕਰਵਾਏ
10 ਜਨਵਰੀ ਨੂੰ 2017 ਨੂੰ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਵੇਗਾ ਨੌਜਵਾਨ ਸਿੱਖ ਸੰਮੇਲਨ
ਅੰਮ੍ਰਿਤਸਰ 22 ਦਸੰਬਰ ( ) – ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੱਚੇ-ਬੱਚੀਆਂ ਨੂੰ ਸਾਕਾ ਚਮਕੌਰ ਸਾਹਿਬ ਤੇ ਸਾਕਾ ਸਰਹਿੰਦ ਦੀ ਦਰਦਨਾਕ ਦਾਸਤਾਨ ਦੇ ਰੂਬਰੂ ਕਰਵਾਉਣ ਅਤੇ ਸਾਹਿਬਜ਼ਾਦਿਆਂ ਨੂੰ ਸ਼ਰਧਾ-ਸਤਿਕਾਰ ਭੇਟ ਕਰਨ ਲਈ ਸਕੂਲਾਂ-ਕਾਲਜਾਂ ਦੇ ਬੱਚੇ-ਬੱਚੀਆਂ ਨੂੰ ਗੁਰਬਾਣੀ ਜਾਪ ਨਾਲ ਜੋੜਿਆ ਗਿਆ।ਅੱਜ ਵਿਸ਼ਾਲ ਪੱਧਰ ਤੇ ਆਯੋਜਿਤ ਕੀਤੇ ਗਏ ਸਮਾਗਮਾਂ ਤਹਿਤ ਵੱਖ-ਵੱਖ ਥਾਵਾਂ ਵਿਖੇ ਵਿਦਿਅਕ ਸੰਸਥਾਵਾਂ ਅੰਦਰ ਸਵੇਰੇ ੧੧ ਵਜੇ ਜਪੁਜੀ ਸਾਹਿਬ ਤੇ ਚੌਪਈ ਸਾਹਿਬ ਦੇ ਜਾਪ ਕੀਤੇ ਗਏ ਅਤੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਅਰਦਾਸ ਕੀਤੀ ਗਈ।ਇਨ੍ਹਾਂ ਸਮਾਗਮਾਂ ਵਿੱਚ ਪੰਜਾਬ ਭਰ ਤੋਂ ਇਲਾਵਾ ਭਾਰਤ ਦੇ ਵੱਖ-ਵੱਖ ਸੂਬਿਆਂ ਅੰਦਰ ੨ ਲੱਖ ਤੋਂ ਵੱਧ ਬੱਚੇ-ਬੱਚੀਆਂ ਨੇ ਹਿੱਸਾ ਲਿਆ ਅਤੇ ਸਾਹਿਬਜ਼ਾਦਿਆਂ ਦੀਆਂ ਸ਼ਹਾਦਤਾਂ ਦਾ ਧਿਆਨ ਧਰਦਿਆਂ ਅਕੀਦਤ ਭੇਟ ਕੀਤੀ ਗਈ।
ਇਸ ਸਬੰਧ ਵਿੱਚ ਲਗਭਗ ਪਿਛਲੇ ਇਕ ਮਹੀਨੇ ਤੋਂ ਕੀਤੇ ਜਾ ਰਹੇ ਯਤਨਾਂ ਤਹਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਸਕੂਲਾਂ ਦੇ ਨਾਲ-ਨਾਲ ਹੋਰਨਾਂ ਸਿੱਖਿਆ ਸੰਸਥਾਵਾਂ ਵਿੱਚ ਵੀ ਬੱਚਿਆਂ ਨੂੰ ਜਪੁਜੀ ਸਾਹਿਬ, ਚੌਪਈ ਸਾਹਿਬ ਦੇ ਪਾਠ ਦ੍ਰਿੜ੍ਹ ਕਰਵਾਏ ਗਏ ਸਨ ਅਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੇ ਇਤਿਹਾਸ ਤੋਂ ਜਾਣੂ ਕਰਵਾਇਆ ਗਿਆ ਸੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਵੱਲੋਂ ਇਸ ਸਬੰਧੀ ਵਿਸ਼ੇਸ਼ ਇਕੱਤਰਤਾਵਾਂ ਕਰ ਕੇ ਪ੍ਰਚਾਰਕਾਂ, ਢਾਡੀ=ਕਵੀਸ਼ਰਾਂ, ਸਕੂਲਾਂ-ਕਾਲਜਾਂ ਦੇ ਪ੍ਰਿੰਸੀਪਲਾਂ ਅਤੇ ਗੁਰੂ-ਘਰਾਂ ਦੇ ਮੈਨੇਜਰਾਂ ਨੂੰ ਸ਼੍ਰੋਮਣੀ ਕਮੇਟੀ ਦੇ ਮੈਂਬਰ ਸਾਹਿਬਾਨ ਦੇ ਸਹਿਯੋਗ ਨਾਲ ਵੱਧ ਤੋਂ ਵੱਧ ਬੱਚੇ ਬੱਚੀਆਂ ਨੂੰ ਇਸ ਦਾ ਹਿੱਸਾ ਬਣਾਉਣ ਲਈ ਪ੍ਰੇਰਿਤ ਕੀਤਾ ਗਿਆ ਸੀ।
ਇਸੇ ਤਹਿਤ ਅੱਜ ਸ੍ਰੀ ਅੰਮ੍ਰਿਤਸਰ ਵਿਖੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕਰੀਬ ਅੱਠ ਹਾਜ਼ਰ ਬੱਚਿਆਂ ਨੇ ਗੁਰਬਾਣੀ ਜਾਪ ਸਮਾਗਮ ਵਿੱਚ ਹਿੱਸਾ ਲਿਆ।ਇਸ ਮੌਕੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਵਿਸ਼ੇਸ਼ ਤੌਰ ‘ਤੇ ਪਹੁੰਚੇ ਕੇ ਬੱਚਿਆਂ ਨੂੰ ਸਾਹਿਬਜ਼ਾਦਿਆਂ ਦੇ ਇਤਿਹਾਸ ਅਤੇ ਲਾਸਾਨੀ ਸ਼ਹਾਦਤਾਂ ਸਬੰਧੀ ਵਿਚਾਰ ਸਾਂਝੇ ਕੀਤੇ।ਪ੍ਰੋਫ਼ੈਸਰ ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਦਸਮ ਪਾਤਸ਼ਾਹ ਜੀ ਦੇ ਸਾਹਿਬਜ਼ਾਦਿਆਂ ਦੀਆਂ ਸ਼ਹਾਦਤਾਂ ਸਿੱਖ ਕੌਮ ਦੇ ਇਤਿਹਾਸ ਦਾ ਉਹ ਲਾਸਾਨੀ ਪੰਨਾ ਹੈ, ਜਿਸ ਨੂੰ ਪੜ੍ਹ-ਸੁਣ ਕੇ ਸਿੱਖ ਨੌਜਵਾਨੀ ਨੇ ਸੇਧ ਅਤੇ ਅਗਵਾਈ ਪ੍ਰਾਪਤ ਕਰਨੀ ਹੈ।ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਗੁਰਬਾਣੀ, ਗੁਰਮਤਿ ਸਿਧਾਂਤਾਂ, ਸਿੱਖ ਇਤਿਹਾਸ ਅਤੇ ਸਿੱਖ ਰਹਿਤ ਮਰਯਾਦਾ ਨਾਲ ਜੋੜਨ ਲਈ ਮਾਪੇ ਅਤੇ ਅਧਿਆਪਕ ਵੱਡੀ ਭੂਮਿਕਾ ਨਿਭਾਅ ਸਕਦੇ ਹਨ।ਉਨ੍ਹਾਂ ਕਿਹਾ ਕਿ ਛੋਟੀ ਉਮਰ ਵਿੱਚ ਬੱਚਿਆਂ ਅੰਦਰ ਧਰਮ ਅਤੇ ਵਿਰਸੇ ਦੀ ਸੋਝੀ ਦੀ ਜਾਗ ਉਨ੍ਹਾਂ ਦੇ ਜੀਵਨ ਦਾ ਸਦੀਵ ਕਾਲ ਹਿੱਸਾ ਬਣ ਸਕਦੀ ਹੈ।ਇਸ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਭਾਈ ਜਗਦੀਪ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਨੇ ਗੁਰਮਤਿ ਵਿਚਾਰਾਂ ਸਾਝੀਆਂ ਕੀਤੀਆਂ।
ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਵਿਖੇ ਪ੍ਰੈੱਸ ਨਾਲ ਜਾਣਕਾਰੀ ਸਾਂਝੀ ਕਰਦਿਆਂ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਉਮਰ ਦੀ ਆਰੰਭਿਕ ਅਵਸਥਾ ਦੇ ਧਾਰਨੀ ਦਸਮ ਪਾਤਸ਼ਾਹ ਜੀ ਦੇ ਸਾਹਿਬਜ਼ਾਦਿਆਂ ਦੀਆਂ ਸ਼ਹਾਦਤਾਂ ਦੀ ਭਾਵਨਾ ਦਾ ਬੱਚੇ-ਬੱਚੀਆਂ ਅਤੇ ਨੌਜਵਾਨੀ ਅੰਦਰ ਸੰਚਾਰ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਾਹਿਬਜ਼ਾਦਿਆਂ ਦੇ ਜੀਵਨ ਤੇ ਸ਼ਹਾਦਤ ਸਬੰਧੀ ਜਾਣਕਾਰੀ ਦੇਣ ਦਾ ਯਤਨ ਕੀਤਾ ਹੈ।ਉਨ੍ਹਾਂ ਦੱਸਿਆ ਕਿ ਪ੍ਰਾਪਤ ਰਿਪੋਰਟਾਂ ਅਨੁਸਾਰ ਅੱਜ ਵੱਖ-ਵੱਖ ਥਾਵਾਂ ਤੇ ਕਰੀਬ ੨ ਲੱਖ ਤੋਂ ਵੱਧ ਬੱਚੇ ਬੱਚੀਆਂ ਨੇ ਗੁਰਬਾਣੀ ਦਾ ਜਾਪ ਕੀਤਾ ਹੈ।ਉਨ੍ਹਾਂ ਦੱਸਿਆ ਕਿ ਇਸ ਕਾਰਜ ਵਿਚ ਸ਼੍ਰੋਮਣੀ ਕਮੇਟੀ ਦੇ ਸਕੂਲਾਂ ਤੋਂ ਇਲਾਵਾ ਬਹੁਤ ਸਾਰੇ ਹੋਰ ਵਿਦਿਅਕ ਅਦਾਰਿਆਂ ਅਤੇ ਸੰਸਥਾਵਾਂ ਨੇ ਵੀ ਸਹਿਯੋਗ ਦਿੱਤਾ ਹੈ।ਇਸ ਉਪਰਾਲੇ ਦਾ ਹਿੱਸਾ ਬਣਨ ਵਾਲਿਆਂ ਵਿੱਚ ਅਕਾਲ ਅਕੈਡਮੀ ਬੜੂ ਸਾਹਿਬ ਟ੍ਰਸਟ, ਖਾਲਸਾ ਕਾਲਜ ਅੰਮ੍ਰਿਤਸਰ, ਚੀਫ ਖਾਲਸਾ ਦੀਵਾਨ, ਸੰਤ ਬਾਬਾ ਸੇਵਾ ਸਿੰਘ ਖਡੂਰ ਸਾਹਿਬ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ, ਬਾਬਾ ਸੱਜਣ ਸਿੰਘ ਗੁਰੂ ਕੀ ਬੇਰ, ਚੜ੍ਹਦੀ ਕਲਾ ਸੰਸਥਾ ਪਟਿਆਲਾ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕਰਦਿਆਂ ਪ੍ਰੋ. ਬਡੂੰਗਰ ਨੇ ਕਿਹਾ ਕਿ ਇਹ ਕਾਰਜ ਸਾਰਾ ਸਾਲ ਚੱਲਦਾ ਰਹੇਗਾ ਅਤੇ ਬੱਚਿਆਂ ਅਤੇ ਨੌਜਵਾਨਾਂ ਅੰਦਰ ਸਿੱਖ ਵਿਰਾਸਤ ਨਾਲ ਜੁੜਨ ਦੀ ਭਾਵਨਾ ਨੂੰ ਪੱਕਿਆਂ ਕਰਨ ਲਈ ਯਤਨ ਨਿਰੰਤਰ ਜਾਰੀ ਰਹਿਣਗੇ।ਉਨ੍ਹਾਂ ਦੱਸਿਆ ਕਿ ੧੦ ਜਨਵਰੀ ੨੦੧੭ ਨੂੰ ਖ਼ਾਲਸੇ ਦੀ ਜਨਮ ਭੂਮੀ ਤਖਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਵਿਖੇ ਕਾਲਜਾਂ ਦੇ ਨੌਜਾਵਾਨਾਂ ਦਾ ਇਕ ਵਿਸ਼ੇਸ਼ ਧਾਰਮਿਕ ਸੰਮੇਲਨ ਕਰਵਾਇਆ ਜਾਵੇਗਾ, ਜਿਸ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਨਿਰੋਲ ਪੰਥਕ ਵਿਚਾਰਧਾਰਾ ਨੂੰ ਪ੍ਰਚਾਰਨ ਵਾਲੇ ਸਿੱਖ ਵਿਦਵਾਨਾਂ ਵੱਲੋਂ ਗੁਰਮਤਿ ਸਿਧਾਂਤਾਂ, ਗੁਰ ਇਤਿਹਾਸ ਅਤੇ ਸਿੱਖ ਰਹਿਤ ਮਰਯਾਦਾ ਸਬੰਧੀ ਜਾਣਕਾਰੀ ਨੌਜਵਾਨਾਂ ਨੂੰ ਦਿੱਤੀ ਜਾਵੇਗੀ।ਪ੍ਰੋ. ਬਡੂੰਗਰ ਨੇ ਦੱਸਿਆ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ੩੫੦ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵੱਖ-ਵੱਖ ਗੁਰਮਤਿ ਸਮਾਗਮ, ਨਗਰ ਕੀਤਰਨ ਅਤੇ ਸੈਮੀਨਾਰ ਕਰਵਾਏ ਜਾ ਰਹੇ ਹਨ ਅਤੇ ਸ਼੍ਰੋਮਣੀ ਕਮੇਟੀ ਇਸ ਸਬੰਧੀ ਵਿਸ਼ਾਲ ਪੱਧਰ ‘ਤੇ ਉਪਰਾਲੇ ਕਰ ਰਹੀ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਭਾਈ ਰਾਮ ਸਿੰਘ, ਸ. ਗੁਰਮੇਲ ਸਿੰਘ ਸੰਗਤਪੁਰਾ ਤੇ ਸ. ਸੁਰਜੀਤ ਸਿੰਘ ਭਿੱਟੇਵੱਡ, ਬੀਬੀ ਕਿਰਨਜੋਤ ਕੌਰ ਮੈਂਬਰ, ਸ. ਅਜੈਬ ਸਿੰਘ ਅਭਿਆਸੀ ਮੈਂਬਰ ਧਰਮ ਪ੍ਰਚਾਰ ਕਮੇਟੀ, ਸ. ਹਰਚਰਨ ਸਿੰਘ ਮੁੱਖ ਸਕੱਤਰ, ਡਾ. ਰੂਪ ਸਿੰਘ ਸਕੱਤਰ, ਸ. ਸੁਖਦੇਵ ਸਿੰਘ ਭੂਰਾ ਕੋਹਨਾ ਨਿਜੀ ਸਕੱਤਰ, ਐਡੀ. ਸਕੱਤਰ ਡਾ. ਪਰਮਜੀਤ ਸਿੰਘ ਸਰੋਆ, ਸ. ਰਣਜੀਤ ਸਿੰਘ, ਸ. ਬਿਜੈ ਸਿੰਘ, ਸ. ਬਲਵਿੰਦਰ ਸਿੰਘ ਜੌੜਾਸਿੰਘਾ ਤੇ ਸ. ਕੇਵਲ ਸਿੰਘ, ਮੀਤ ਸਕੱਤਰ ਸ. ਸਕੱਤਰ ਸਿੰਘ, ਸ. ਕੁਲਵਿੰਦਰ ਸਿੰਘ ਰਮਦਾਸ, ਸ. ਜਗਜੀਤ ਸਿੰਘ,ਸ. ਹਰਜਿੰਦਰ ਸਿੰਘ, ਸ. ਹਰਿੰਦਰਪਾਲ ਸਿੰਘ, ਸ. ਮਹਿੰਦਰ ਸਿੰਘ, ਸ. ਜਸਵਿੰਦਰ ਸਿੰਘ ਦੀਨਪੁਰ ਤੇ ਸ. ਗੁਰਮੀਤ ਸਿੰਘ ਬੁੱਟਰ, ਸ. ਸੁਲੱਖਣ ਸਿੰਘ ਮੈਨੇਜਰ, ਸ. ਮਲਕੀਤ ਸਿੰਘ ਬਹਿੜਵਾਲ ਸ/ਸੁਪ੍ਰਿੰਟੈਂਡੈਂਟ ਅਤੇ ਵੱਖ-ਵੱਖ ਸਕੂਲਾਂ ਦੇ ਅਧਿਆਪਕ ਤੇ ਬੱਚੇ ਹਾਜ਼ਰ ਸਨ।