ਪ੍ਰਬੰਧ ਨੂੰ ਮੁੱਖ ਰੱਖਦੇ ਹੋਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਇੰਚਾਰਜ ਅਖੰਡਪਾਠਾਂ ਅਤੇ ਇੰਚਾਰਜ ਰਾਗੀ ਸਿੰਘਾਂ ਨੂੰ ਨੰਬਰ ਜਾਰੀ ਕੀਤੇ ਗਏ ਹਨ ਕਿਰਪਾ ਕਰਕੇ ਅੱਗੇ ਤੋਂ ਆਪ ਜੀ ਇਹਨਾਂ ਨੰਬਰਾਂ ਤੇ ਸੰਪਰਕ ਕਰਨ ਦੀ ਕ੍ਰਿਪਾਲਤਾ ਕਰਨੀ ਜੀ। ਇੰਚਾਰਜ ਰਾਗੀ ਸਿੰਘਾਂ : 75280-13134 ਇੰਚਾਰਜ ਅਖੰਡਪਾਠਾਂ : 75280-13135

ਡਾਇਰੈਕਟੋਰੇਟ ਵਿੱਦਿਆ ਵੱਲੋਂ ਸਿੱਖ ਇਤਿਹਾਸ ਨੂੰ ਦਰਸਾਉਂਦੀ ਚਿੱਤਰ ਪ੍ਰਦਰਸ਼ਨੀ ਲਗਾਈ ਗਈ
ਪੇਂਟਿੰਗ, ਸੁੰਦਰ ਦਸਤਾਰ, ਕਵੀਸ਼ਰੀ, ਕਵਿਤਾ, ਵਾਰ ਗਾਇਨ ਮੁਕਾਬਲੇ ਵੀ ਕਰਵਾਏ ਗਏ

3
 ਸ੍ਰੀ ਫ਼ਤਹਿਗੜ੍ਹ ਸਾਹਿਬ ੨੫ ਦਸੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਕਲਗੀਧਰ ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮਾਤਾ ਗੁਜਰ ਕੌਰ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਤੇ ਸਾਹਿਬਜ਼ਾਦਾ ਬਾਬਾ ਫ਼ਤਹਿ ਸਿੰਘ ਦੀ ਸ਼ਹਾਦਤ ਜਬਰ ਤੇ ਜ਼ੁਲਮ ਦੇ ਵਿਰੁੱਧ ਫਤਹਿ ਦਾ ਐਲਾਨਨਾਮਾ ਸੀ, ਜਿਸ ਨੇ ਜਾਲਮ ਮੁਗਲੀਆ ਹਕੂਮਤ ਦੀਆਂ ਜੜ੍ਹਾਂ ਪੁੱਟਣ ਦੀ ਬੁਨਿਆਦ ਰੱਖੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਦੇ ਡਾਇਰੈਕਟੋਰੇਟ ਆਫ ਐਜੂਕੇਸ਼ਨ ਵੱਲੋਂ ਮਾਤਾ ਗੁਜਰੀ ਕਾਲਜ ਫਤਹਿਗੜ੍ਹ ਸਾਹਿਬ ਵਿਖੇ ਅੱਜ ਵੱਖ ਵੱਖ ਕਾਲਜਾਂ ਦੇ ਵਿਦਿਆਰਥੀਆਂ ਦੇ ਕਰਵਾਏ ਗਏ ਕਵੀਸ਼ਰੀ, ਕਵਿਤਾ, ਵਾਰ ਗਾਇਨ, ਕੋਰਿਓਗ੍ਰਾਫੀ ਤੇ ਸੁੰਦਰ ਦਸਤਾਰ ਮੁਕਾਬਲਿਆਂ ਸਮੇਂ ਆਪਣੇ ਸੰਬੋਧਨ ਵਿਚ ਕੀਤਾ। ਉਨ੍ਹਾਂ ਕਿਹਾ ਕਿ ਸਾਹਿਬਜ਼ਾਦਿਆਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨਾ ਸਾਡਾ ਸਭ ਦਾ ਕੌਮੀ ਫਰਜ਼ ਹੈ, ਜਿਸ ਦੀ ਪੂਰਤੀ ਲਈ ਸਮੁੱਚੀ ਕੌਮ ਨੂੰ ਉਨ੍ਹਾਂ ਦਾ ਸ਼ਹੀਦੀ ਦਿਹਾੜਾ ਉੱਚੀ-ਸੁੱਚੀ ਸੋਚ ਰੱਖਦਿਆਂ ਪੂਰਨ ਸਾਦਗੀ ਨਾਲ ਮਨਾਉਣਾ ਚਾਹੀਦਾ ਹੈ। ਉਨ੍ਹਾਂ ਨੇ ਨੌਜਵਾਨ ਪੀੜੀ ਨੂੰ ਸਾਹਿਬਜ਼ਾਦਿਆਂ ਦੇ ਜੀਵਨ ਤੋਂ ਪ੍ਰੇਰਨਾ ਲੈਂਦਿਆਂ ਹੱਕ-ਸੱਚ ਅਤੇ ਸਿਦਕਦਿਲੀ ਦੀ ਭਾਵਨਾ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣ ਅਤੇ ਬਾਣੀ ਅਤੇ ਬਾਣੇ ਦੇ ਧਾਰਨੀ ਬਣਨ ਦੀ ਅਪੀਲ ਵੀ ਕੀਤੀ। ਇਸ ਦੌਰਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਮਾਤਾ ਗੁਜਰੀ ਕਾਲਜ ਵੱਲੋਂ ਤਿਆਰ ਕੀਤਾ ਛੋਟੇ ਸਾਹਿਬਜ਼ਾਦਿਆਂ ਨੂੰ ਸਮਰਪਿਤ ਵਿਸ਼ੇਸ਼ ਕੈਲੰਡਰ ਵੀ ਜੈਕਾਰਿਆਂ ਦੀ ਗੂੰਜ ਵਿਚ ਜਾਰੀ ਕੀਤਾ ਅਤੇ ਨਾਲ ਹੀ ਸ਼੍ਰੋਮਣੀ ਕਮੇਟੀ ਦੇ ਡਾਇਰੈਟਰ ਵਿੱਦਿਆ ਡਾ. ਧਰਮਿੰਦਰ ਸਿੰਘ ਉੱਭਾ ਦੇ ਵਿਸ਼ੇਸ਼ ਉਪਰਾਲੇ ਸਦਕਾ ਛੋਟੇ ਸਾਹਿਬਜ਼ਾਦਿਆਂ ਦੇ ਜੀਵਨ ਨਾਲ ਸਬੰਧਤ ਤਿਆਰ ਕੀਰਵਾਈ ਗਈ ਤਸਵੀਰ ਵੀ ਜਾਰੀ ਕੀਤੀ। ਇਸ ਦੌਰਾਨ ਅਯੋਜਿਤ ਕੀਤੇ ਗਏ ਕਵੀਸ਼ਰੀ, ਕਵਿਤਾ, ਵਾਰ ਗਾਇਨ, ਸੁੰਦਰ ਦਸਤਾਰ ਤੇ ਕੋਰਿਓਗ੍ਰਾਫੀ ਮੁਕਾਬਲਿਆਂ ਵਿਚ ਵੱਖ-ਵੱਖ ੪੧ ਕਾਲਜਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਪੂਰਵਕ ਭਾਗ ਲੈ ਕੇ ਆਪੋ ਆਪਣੀ ਪ੍ਰਤਿਭਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਪੇਂਟਿੰਗ ਮੁਕਾਬਲੇ ਵੀ ਕਰਵਾਏ ਗਏ, ਜਿਸ ਵਿਚ ੧੬ ਕਾਲਜਾਂ ਦੇ ਵਿਦਿਆਰਥੀਆਂ ਨੇ ਸਾਹਿਬਜ਼ਾਦਿਆਂ ਦੇ ਜੀਵਨ ਨਾਲ ਸਬੰਧਤ ਇਤਿਹਾਸ ਨੂੰ ਚਿਤਰ ਕਲਾ ਦੁਆਰਾ ਰੂਪਮਾਨ ਕੀਤਾ।

2
ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਡਾਇਰੈਕਟੋਰੇਟ ਆਫ ਐਜੂਕੇਸ਼ਨ ਵੱਲੋਂ ਸਿੱਖ ਇਤਿਹਾਸ ਤੇ ਵਿਰਸੇ ਨੂੰ ਦਰਸਾਉਂਦੀ ਹੋਈ ਚਿੱਤਰ ਪ੍ਰਦਰਸ਼ਨੀ ਦਾ ਵੀ ਰਸਮੀ ਤੌਰ ਤੇ ਉਦਘਾਟਨ ਕੀਤਾ ਅਤੇ ਕੈਂਸਰ ਕੇਅਰ ਚੇਰੀਟੇਬਲ ਸੁਸਾਇਟੀ ਵੱਲੋਂ ਮਾਤਾ ਗੁਜਰੀ ਕਾਲਜ ਫਤਹਿਗੜ੍ਹ ਸਾਹਿਬ ਦੇ ਸਹਿਯੋਗ ਨਾਲ ਲਗਾਏ ਗਏ ਕੈਂਸਰ ਚੈਕਅਪ ਕੈਂਪ ਅਤੇ ਰੈੱਡ ਕਰਾਸ ਸੁਸਾਇਟੀ ਵੱਲੋਂ ਲਗਾਏ ਗਏ ਮੈਡੀਕਲ ਕੈਂਪ ਦਾ ਵੀ ਨਰੀਖਣ ਕੀਤਾ।
ਇਸ ਮੌਕੇ ਡਾ. ਧਰਮਿੰਦਰ ਸਿੰਘ ਉੱਭਾ ਡਾਇਰੈਕਟਰ ਵਿੱਦਿਆ, ਡਾ. ਪਰਮਜੀਤ ਸਿੰਘ ਸਰੋਆ ਤੇ ਸ. ਕੇਵਲ ਸਿੰਘ ਐਡੀ. ਸਕੱਤਰ, ਸ. ਕੁਲਵਿੰਦਰ ਸਿੰਘ ਰਮਦਾਸ, ਸ. ਸਿਮਰਜੀਤ ਸਿੰਘ ਤੇ ਸ. ਹਰਜੀਤ ਸਿੰਘ ਮੀਤ ਸਕੱਤਰ, ਡਾ. ਜਤਿੰਦਰ ਸਿੰਘ ਪ੍ਰਿਸੀਪਲ ਮਾਤਾ ਗੁਜਰੀ ਕਾਲਜ, ਪ੍ਰਿੰ. ਪ੍ਰੀਤ ਮਹਿੰਦਰ ਸਿੰਘ, ਪ੍ਰਿੰ. ਕਸ਼ਮੀਰ ਸਿੰਘ, ਪ੍ਰਿੰ. ਪ੍ਰਭਜੀਵਨ ਸਿੰਘ, ਪ੍ਰਿੰ. ਜਸਵੀਰ ਸਿੰਘ, ਪ੍ਰਿੰ. ਸਾਹਿਬ ਸਿੰਘ, ਡਾ. ਜਤਿੰਦਰ ਕੌਰ, ਪ੍ਰਿੰ. ਹਰਬੰਸ ਕੌਰ ਆਦਿ ਹਾਜ਼ਰ ਸਨ।