ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਮੰਗਲਵਾਰ, ੧੨ ਚੇਤ (ਸੰਮਤ ੫੫੭ ਨਾਨਕਸ਼ਾਹੀ) ੨੫ ਮਾਰਚ, ੨੦੨੫ (ਅੰਗ: ੭੨੯)

sਅੰਮ੍ਰਿਤਸਰ ੨੩ ਦਸੰਬਰ (       ) – ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਵਾਏ ਗਏ ਸਕੂਲੀ ਵਿਦਿਆਰਥੀਆਂ ਦੇ ਗੁਰਬਾਣੀ ਜਾਪ ਸਮਾਗਮ ਵਿੱਚ ਸਹਿਯੋਗ ਦੇਣ ਵਾਲੀਆਂ ਜਥੇਬੰਦੀਆਂ ਅਤੇ ਧਾਰਮਿਕ ਸ਼ਖਸੀਅਤਾਂ ਦਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋਫ਼ੈਸਰ ਕਿਰਪਾਲ ਸਿੰਘ ਬਡੂੰਗਰ ਨੇ ਧੰਨਵਾਦ ਕੀਤਾ ਹੈ।
ਪ੍ਰੋ.ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਦੁਨੀਆਂ ਦੇ ਇਤਿਹਾਸ ਵਿਚ ਹੱਕ-ਸੱਚ ਉੱਤੇ ਸਿਦਕਦਿਲੀ ਨਾਲ ਪਹਿਰਾ ਦੇਣ ਦੀ ਵਿਲੱਖਣ ਮਿਸਾਲ ਹੈ, ਜਿਸ ਦਾ ਧਿਆਨ ਧਰਦਿਆਂ ਬੀਤੇ ਕੱਲ੍ਹ ਸਮੁੱਚੇ ਪੰਜਾਬ ਦੇ ਨਾਲ-ਨਾਲ ਭਾਰਤ ਦੇ ਵੱਖ-ਵੱਖ ਸੂਬਿਆਂ ਅੰਦਰ ੨ ਲੱਖ ਤੋਂ ਜ਼ਿਆਦਾ ਸਕੂਲੀ ਵਿਦਿਆਰਥੀਆਂ ਨੇ ਜਪੁਜੀ ਸਾਹਿਬ ਅਤੇ ਚੌਪਈ ਸਾਹਿਬ ਦੇ ਜਾਪ ਕਰਕੇ ਅਰਦਾਸ ਕੀਤੀ ਹੈ।ਉਨ੍ਹਾਂ ਇਸ ਗੁਰਬਾਣੀ ਜਾਪ ਸਮਾਗਮਾਂ ਵਿੱਚ ਵੱਧ ਤੋਂ ਵੱਧ ਬੱਚਿਆਂ ਦੀ ਸ਼ਮੂਲੀਅਤ ਲਈ ਸਹਿਯੋਗ ਦੇਣ ਲਈ ਅਕਾਲ ਅਕੈਡਮੀ ਬੜੂ ਸਾਹਿਬ ਟ੍ਰਸਟ, ਖਾਲਸਾ ਕਾਲਜ ਅੰਮ੍ਰਿਤਸਰ, ਚੀਫ ਖਾਲਸਾ ਦੀਵਾਨ, ਸੰਤ ਬਾਬਾ ਸੇਵਾ ਸਿੰਘ ਖਡੂਰ ਸਾਹਿਬ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ, ਬਾਬਾ ਸੱਜਣ ਸਿੰਘ ਗੁਰੂ ਕੀ ਬੇਰ, ਚੜ੍ਹਦੀ ਕਲਾ ਸੰਸਥਾ ਪਟਿਆਲਾ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ, ਪੰਜਾਬ ਸਰਕਾਰ ਦੇ ਨਾਲ-ਨਾਲ ਸਮੂਹ ਸ਼੍ਰੋਮਣੀ ਕਮੇਟੀ ਮੈਂਬਰਾਂ, ਅਧਿਕਾਰੀਆਂ, ਪ੍ਰਚਾਰਕਾਂ, ਕਵੀਸ਼ਰ-ਢਾਡੀਆਂ, ਵੱਖ-ਵੱਖ ਸਕੂਲਾਂ ਦੇ ਪ੍ਰਿੰਸੀਪਲਾਂ, ਅਧਿਆਪਕਾਂ ਅਤੇ ਬੱਚਿਆਂ ਦੇ ਮਾਪਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਾਹਿਬਜ਼ਾਦਿਆਂ ਦੀ ਸ਼ਖ਼ਸੀਅਤ ਅਤੇ ਸ਼ਹਾਦਤ ਦੇ ਸਤਿਕਾਰ ਵਜੋਂ ਦਿੱਤਾ ਇਹ ਸਹਿਯੋਗ ਕੌਮੀ ਭਾਵਨਾ ਦਾ ਸਾਕਾਰ ਰੂਪ ਹੈ।
ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਸ੍ਰੀ ਫ਼ਤਿਹਗੜ੍ਹ ਸਾਹਿਬ ਦੀ ਪਾਵਨ ਇਤਿਹਾਸਿਕ ਧਰਤੀ ‘ਤੇ ੨੭ ਦਸੰਬਰ ਨੂੰ ਦਸਵੇਂ ਪਾਤਸ਼ਾਹ ਜੀ ਦੇ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦਾ ਸ਼ਹੀਦੀ ਦਿਹਾੜਾ ਮਨਾਉਣ ਸਮੇਂ ਮੂਲ ਮੰਤਰ ਦੇ ਜਾਪ ਕਰਦਿਆਂ ਸ਼ਰਧਾ ਤੇ ਸਤਿਕਾਰ ਭੇਟ ਕਰਨ।ਉਨ੍ਹਾਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ੩੫੦ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖ਼ਾਲਸੇ ਦੀ ਜਨਮ ਭੂਮੀ ਤਖਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਵਿਖੇ ੧੦ ਜਨਵਰੀ ੨੦੧੭ ਨੂੰ ਕਰਵਾਏ ਜਾ ਰਹੇ ਨੌਜਵਾਨ ਸਿੱਖ ਸੰਮੇਲਨ ਵਿੱਚ ਕਾਲਜਾਂ ਤੇ ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਵੀ ਕੀਤੀ।