ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ੩੫੦ ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਪੂਰੇ ਜਾਹੋ ਜਲਾਲ ਨਾਲ ਗੁਰਦੁਆਰਾ ਦਮਦਮਾ ਸਾਹਿਬ ਪੀਲੀਭੀਤ ਤੋਂ ਅਗਲੇ ਪੜਾਅ ਲਈ ਰਵਾਨਾ
ਅੰਮ੍ਰਿਤਸਰ ੨੬ ਦਸੰਬਰ ( ) ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ੩੫੦ ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ-ਕੀਰਤਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਆਪਣੇ ੭ਵੇਂ ਦਿਨ ਲਈ ਗੁਰਦੁਆਰਾ ਦਮਦਮਾ ਸਾਹਿਬ, ਗੋਮਤੀ ਪੁਲ, ਪੂਰਨਪੁਰ, ਜ਼ਿਲ੍ਹਾ ਪੀਲੀਭੀਤ (ਉੱਤਰ ਪ੍ਰਦੇਸ਼) ਤੋਂ ਸ੍ਰੀ ਪਟਨਾ ਸਾਹਿਬ ਲਈ ਰਵਾਨਾ ਹੋਇਆ । ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ‘ਚ ਵਿਸ਼ਾਲ ਨਗਰ ਕੀਰਤਨ ਦੀ ਅਰੰਭਤਾ ਦੀ ਅਰਦਾਸ ਗੁਰਦੁਆਰਾ ਦਮਦਮਾ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਹਰਪਾਲ ਸਿੰਘ ਨੇ ਕੀਤੀ ਉਪਰੰਤ ਪਵਿੱਤਰ ਹੁਕਮਨਾਮਾ ਲਿਆ। ਸਤਿਨਾਮੁ ਵਾਹਿਗਰੂ ਦਾ ਜਾਪੁ ਕਰਨ ਉਪਰੰਤ ਪੰਜ ਪਿਆਰੇ ਸਾਹਿਬਾਨ ਤੇ ਨਿਸ਼ਾਨਚੀ ਸਿੰਘਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੀਤ ਸਕੱਤਰ ਸ੍ਰ: ਚਾਨਣ ਸਿੰਘ ਨੇ ਸਿਰੋਪਾਓ ਦੇ ਕੇ ਦਸਮੇਸ਼ ਪਿਤਾ ਦੇ ਜਨਮ ਅਸਥਾਨ ਸ੍ਰੀ ਪਟਨਾ ਸਾਹਿਬ ਲਈ ਜੈਕਾਰਿਆਂ ਦੀ ਗੂੰਜ ਨਾਲ ਰਵਾਨਾ ਕੀਤਾ।
ਇਸ ਮੌਕੇ ‘ਤੇ ਸ੍ਰ: ਚਾਨਣ ਸਿੰਘ ਮੀਤ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਾਹਿਬ-ਏ-ਕਮਾਲ, ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਦੀਆਂ ਸੰਗਤਾਂ ਨੂੰ ਵਧਾਈਆਂ ਦਿੰਦਿਆਂ ਕਿਹਾ ਕਿ ਸ਼ਾਹਿ ਸ਼ਾਹਨਸ਼ਾਹ, ਮਰਦ ਅਗੰਮੜਾ, ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਬਹੁਪੱਖੀ ਸਖ਼ਸ਼ੀਅਤ ਦੇ ਮਾਲਕ ਸਨ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਇਕ ਅਨੁਭਵੀ ਦਿਬ-ਦ੍ਰਿਸ਼ਟੀ ਵਾਲੇ ਧਾਰਮਿਕ ਨੇਤਾ, ਕਲਿਆਣਕਾਰੀ ਸੋਚ ਵਾਲੇ ਸਮਾਜਿਕ ਆਗੂ, ਨਿਧੜਕ ਸੂਰਮੇ ਤੇ ਜਰਨੈਲ ਹੋਣ ਦੇ ਨਾਲ-ਨਾਲ ਵਿਦਵਾਨ-ਸਾਹਿਤਕਾਰ ਵੀ ਸਨ। ਉਨ੍ਹਾਂ ਦਾ ਜੀਵਨ-ਮਨੋਰਥ ਦੁਸ਼ਟਾਂ-ਦੋਖੀਆਂ ਨੂੰ ਪਛਾੜ ਕੇ ਧਰਮ ਦੀ ਸਥਾਪਨਾ ਕਰਨਾ ਸੀ। ਉਹ ਅਕਾਲ ਪੁਰਖ ਦੇ ਹੁਕਮ ਅਧੀਨ ਸ੍ਰਿਸ਼ਟੀ ਦਾ ਪਾਰ ਉਤਾਰਾ ਕਰਨ ਵਾਸਤੇ ਇਸ ਦੁਨੀਆਂ ਉਤੇ ਪ੍ਰਗਟ ਹੋਏ ਸਨ। ਉਨ੍ਹਾਂ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਦਸਮੇਸ਼ ਪਿਤਾ ਦੇ ੩੫੦ ਸਾਲਾ ਜਨਮ ਦਿਹਾੜੇ ‘ਤੇ ਅੰਮ੍ਰਿਤ ਦੀ ਦਾਤ ਪ੍ਰਾਪਤ ਕਰ ਕੇ ਗੁਰੂ ਵਾਲੇ ਬਨਣ ਲਈ ਅਪੀਲ ਕੀਤੀ । ਉਨ੍ਹਾਂ ਗੁਰਦੁਆਰਾ ਦਮਦਮਾ ਸਾਹਿਬ ਦੇ ਪ੍ਰਬੰਧਕਾਂ ਅਤੇ ਓਥੋਂ ਦੀਆਂ ਸਮੁੱਚੀਆਂ ਸੰਗਤਾਂ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧੰਨਵਾਦ ਕੀਤਾ।
ਫੁੱਲਾਂ ਨਾਲ ਸਜ਼ੀ ਪਾਲਕੀ ਸਾਹਿਬ ਵਾਲੀ ਗੱਡੀ ਵਿੱਚ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸੁਸ਼ੋਭਿਤ ਸਨ ਤੇ ਪਿੱਛੇ-ਪਿੱਛੇ ਗੁਰੂ ਸਾਹਿਬ ਜੀ ਦੇ ਸ਼ਸਤਰਾਂ-ਬਸਤਰਾਂ ਵਾਲੀ ਗੱਡੀ ਜਾ ਰਹੀ ਸੀ। ਜਿਸ ਵਿੱਚ ਮੀਰੀ-ਪੀਰੀ ਦੇ ਮਾਲਿਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਅਤੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸ਼ਸਤਰ-ਬਸਤਰ ਅਤੇ ਹੱਥ ਲਿਖਤ ਪੋਥੀ ਸੁਸ਼ੋਭਿਤ ਸੀ। ਦੂਰ ਦੁਰਾਡੇ ਤੋਂ ਆਈਆਂ ਸੰਗਤਾਂ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਨਤਮਸਤਿਕ ਹੋ ਕੇ ਅਤੇ ਸ਼ਸਤਰਾਂ-ਬਸਤਰਾਂ ਦੇ ਦਰਸ਼ਨ-ਦੀਦਾਰੇ ਕਰਕੇ ਨਿਹਾਲ ਹੋ ਰਹੀਆਂ ਸਨ। ਨਗਰ ਕੀਰਤਨ ਦੇ ਅੱਗੇ-ਅੱਗੇ ਨਗਾਰਚੀ ਸਿੰਘ ਚੜ੍ਹਦੀ ਕਲਾ ਦਾ ਪ੍ਰਤੀਕ ਨਗਾਰਾ ਵਜਾ ਰਹੇ ਸਨ। ਨਗਰ ਕੀਰਤਨ ‘ਚ ਧਾਰਮਿਕ ਸਭਾ ਸੁਸਾਇਟੀਆਂ, ਗੱਤਕਾ ਪਾਰਟੀਆਂ, ਅਕਾਲ ਅਕੈਡਮੀ ਬੜੂ ਸਾਹਿਬ, ਗੋਮਤੀ, ਖਾਲਸਾ ਇੰਟਰ ਕਾਲਜ ਅਤੇ ਵੀ ਕੇ ਪਬਲਿਕ ਸਕੂਲ (ਪੀਲੀਭੀਤ), ਸ੍ਰੀ ਗੁਰੂ ਨਾਨਕ ਦੇਵ ਐਜ਼ੂਕੇਸ਼ਨਲ ਅਕੈਡਮੀ, ਮੋਹਣਾਪੁਰ ਦੇ ਵਿਦਿਆਰਥੀ ਤੇ ਵਿਦਿਆਰਥਣਾ ਤੋਂ ਇਲਾਵਾ ਵੱਡੀ ਗਿਣਤੀ ‘ਚ ਸੰਗਤ ਨੇ ਸਤਿਨਾਮੁ ਵਾਹਿਗੁਰੂ ਦਾ ਜਾਪੁ ਕਰਦਿਆਂ ਹੋਇਆਂ ਸ਼ਮੂਲੀਅਤ ਕੀਤੀ।
ਰਸਤੇ ਵਿੱਚ ਜਗ੍ਹਾ-ਜਗ੍ਹਾ ਸੰਗਤਾਂ ਵੱਲੋਂ ਬੜੀ ਸ਼ਰਧਾ-ਭਾਵਨਾ ਤੇ ਸਤਿਕਾਰ ਸਹਿਤ ਜੁਗੋ-ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੇ ਗੁਰੂ ਸਾਹਿਬ ਦੇ ਪਵਿੱਤਰ ਸ਼ਸਤਰਾਂ ਦੇ ਦਰਸ਼ਨ ਦੀਦਾਰੇ ਕੀਤੇ ਗਏ। ਵੱਖ-ਵੱਖ ਪੜਾਵਾਂ ਤੇ ਸੰਗਤਾਂ ਨੇ ਪ੍ਰਸ਼ਾਦੇ ਦੇ ਲੰਗਰ, ਫਲਾਂ ਦੇ ਲੰਗਰ, ਮਠਿਆਈਆਂ ਅਤੇ ਚਾਹ ਦੇ ਲੰਗਰ ਲਗਾ ਕੇ ਨਗਰ-ਕੀਰਤਨ ਵਿੱਚ ਸ਼ਾਮਿਲ ਸੰਗਤਾਂ ਦੀ ਸੇਵਾ ਕੀਤੀ।
ਗੁਰਦੁਆਰਾ ਦਮਦਮਾ ਸਾਹਿਬ ਦਾ ਪ੍ਰਬੰਧ ਚਲਾ ਰਹੇ ਬਾਬਾ ਇਕਬਾਲ ਸਿੰਘ ਨੇ ਪੰਜ ਪਿਆਰੇ ਸਾਹਿਬਾਨ, ਨਿਸ਼ਾਨਚੀ ਸਾਹਿਬਾਨ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੀਤ ਸਕੱਤਰ ਸ੍ਰ: ਚਾਨਣ ਸਿੰਘ ਨੇ ਬਾਬਾ ਹਰਪਾਲ ਸਿੰਘ ਤੇ ਸਮੁੱਚੀ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਤੇ ਸੇਵਾਦਾਰਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਦੇ ਇਲਾਵਾ ਉਨ੍ਹਾਂ ਪੀਲੀਭੀਤ ਦੇ ਐਸ ਪੀ ਸ੍ਰ: ਨਿਰਮਲਜੀਤ ਸਿੰਘ, ਸ੍ਰ: ਸਰਬਜੀਤ ਸਿੰਘ ਆਈ ਪੀ ਐਸ, ਸ੍ਰ: ਜੈ ਪਾਲ ਸਿੰਘ ਰੀਡਰ ਅਤੇ ਸ੍ਰੀ ਰੂਪ ਪ੍ਰਕਾਸ਼ ਸੀਨੀਅਰ ਕਾਂਸਟੇਬਲ ਜੋ ਸਾਰਾ ਰਸਤਾ ਸਕਿਉਰਿਟੀ ਅਤੇ ਟਰੈਫਿਕ ਕੰਟਰੋਲ ਦਾ ਪ੍ਰਬੰਧ ਸੰਭਾਲ ਰਹੇ ਹਨ ਨੂੰ ਵੀ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
ਇਹ ਨਗਰ ਕੀਰਤਨ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ੩੧ ਦਸੰਬਰ ਨੂੰ ਪਹੁੰਚਕੇ ਦਸਮ ਪਿਤਾ ਦੇ ਪ੍ਰਕਾਸ਼ ਦਿਹਾੜੇ ਸਬੰਧੀ ਸਮਾਗਮਾ ਵਿੱਚ ਸ਼ਮੂਲੀਅਤ ਕਰੇਗਾ। ਨਗਰ-ਕੀਰਤਨ ਗੁਰਦੁਆਰਾ ਦਮਦਮਾ ਸਾਹਿਬ ਗੋਮਤੀਪੁਲ ਤੋਂ ਰਵਾਨਾ ਹੋ ਕੇ ਪੂਰਨਪੁਰ, ਨਿਰੰਜਨਪੁਰ, ਕਠਾਰ, ਗੋਲਾ, ਲਖੀਮਪੁਰ ਖੀਰੀ ਤੇ ਸੀਤਾਪੁਰ ਤੋਂ ਹੁੰਦਾ ਹੋਇਆ ਰਾਤ ਦਾ ਵਿਸ਼ਰਾਮ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਲਖਨਊ , ਉੱਤਰ ਪ੍ਰਦੇਸ਼ ਵਿਖੇ ਕਰੇਗਾ। ਅੱਜ ਲਖਨਊ ਤੋਂ ਰਵਾਨਾ ਹੋ ਕੇ ਬਾਰਾਬੰਕੀ, ਫੈਜ਼ਾਬਾਦ ਤੋਂ ਹੁੰਦਾ ਹੋਇਆ ਰਾਤ ਦਾ ਵਿਸ਼ਰਾਮ ਸ੍ਰੀ ਗੁਰੂ ਨਾਨਕ ਗੋਬਿੰਦ ਧਾਮ ਅਯੁੱਧਿਆ ਜ਼ਿਲ੍ਹਾ ਫੈਜ਼ਾਬਾਦ (ਉੱਤਰ ਪ੍ਰਦੇਸ਼) ਵਿਖੇ ਕਰੇਗਾ।
ਇਸ ਮੌਕੇ ਸ੍ਰ: ਲਖਬੀਰ ਸਿੰਘ ਵਧੀਕ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰ: ਇੰਦਰ ਮੋਹਣ ਸਿੰਘ ‘ਅਨਜਾਣ’ ਇੰਚਾਰਜ ਪਬਲੀਸਿਟੀ, ਸ੍ਰ: ਤੇਜਿੰਦਰ ਸਿੰਘ ਪੱਡਾ ਸ੍ਰ: ਸਤਨਾਮ ਸਿੰਘ ਇੰਚਾਰਜ, ਸ੍ਰ: ਗੁਲਜ਼ਾਰ ਸਿੰਘ ਸੁਪਰਵਾਈਜ਼ਰ, ਬਾਬਾ ਜਸਵੰਤ ਸਿੰਘ ਤੇ ਬਾਬਾ ਇਕਬਾਲ ਸਿੰਘ, ਬਾਬਾ ਅਜਾਇਬ ਸਿੰਘ ਜੀ ਹਜ਼ੂਰ ਸਾਹਿਬ ਵਾਲੇ, ਬਾਬਾ ਅਰਜਨ ਸਿੰਘ, ਬਾਪੂ ਬਲਦੇਵ ਸਿੰਘ, ਸ੍ਰ: ਅਜਮੇਰ ਸਿੰਘ ਛੀਨਾ, ਸ੍ਰ: ਬਲਰਾਜ ਸਿੰਘ, ਸ੍ਰ: ਰਣਜੀਤ ਸਿੰਘ ਹੁੰਦਲ, ਸ੍ਰ: ਜਸਬੀਰ ਸਿੰਘ ਖਹਿਰਾ, ਸ੍ਰ: ਮਹਿੰਦਰ ਸਿੰਘ ਹੁੰਦਲ ਮਨਾਲਾ, ਬੀਬੀ ਇੰਦਰਜੀਤ ਕੌਰ ਖਾਲਸਾ ਮੁਖ ਪ੍ਰਬੰਧਕ ਗੁਰਦੁਆਰਾ ਖਾਲਸਾ ਨਿਵਾਸ, ਭਾਈ ਅਮਰੀਕ ਸਿੰਘ, ਸ੍ਰ: ਭੂਪਿੰਦਰ ਸਿੰਘ, ਸ੍ਰ: ਬਲਵੀਰ ਸਿੰਘ, ਸ੍ਰ: ਮੰਗਲ ਸਿੰਘ, ਸ੍ਰ: ਲਖਬੀਰ ਸਿੰਘ ਮੈਂਬਰ, ਸਰਦਾਰ ਕੰਵਲਜੀਤ ਸਿੰਘ ਤੇ ਸਰਦਾਰਨੀ ਪ੍ਰਕਾਸ਼ ਕੌਰ, ਸ੍ਰ: ਯਾਦਵਿੰਦਰ ਸਿੰਘ ਤੇ ਸ੍ਰ: ਅਰਸ਼ਦੀਪ ਸਿੰਘ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦਾ ਸਟਾਫ ਤੇ ਵੱਡੀ ਗਿਣਤੀ ‘ਚ ਸੰਗਤਾਂ ਹਾਜ਼ਰ ਸਨ।