ਅੰਮ੍ਰਿਤਸਰ, 14 ਜੂਨ ( ) – ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦੇ ਸਤਿਕਾਰਤ ਪਿਤਾ ਸ. ਪ੍ਰੀਤਮ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਅਫਸੋਸ ਦਾ ਪ੍ਰਗਟਾਵਾ ਕੀਤਾ ਹੈ। ਇਥੋਂ ਜਾਰੀ ਬਿਆਨ ਵਿਚ ਪ੍ਰੋ. ਬਡੂੰਗਰ ਨੇ ਆਖਿਆ ਕਿ ਸ. ਪ੍ਰੀਤਮ ਸਿੰਘ ਦਾ ਅਕਾਲ ਚਲਾਣਾ ਦੁੱਖਮਈ ਹੈ। ਉਨ੍ਹਾਂ ਕਿਹਾ ਕਿ ਸ. ਪ੍ਰੀਤਮ ਸਿੰਘ ਧਾਰਮਿਕ ਸਰੋਕਾਰਾਂ ਨਾਲ ਜੁੜੇ ਹੋਏ ਗੁਰਸਿੱਖ ਸਨ, ਜਿਨ੍ਹਾਂ ਦੀ ਚੰਗੀ ਸਿੱਖਿਆ ਅਤੇ ਧਾਰਮਿਕ ਸੰਸਕਾਰਾਂ ਕਰਕੇ ਮਾਣਯੋਗ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੂੰ ਸਿੱਖ ਕੌਮ ਦੀ ਇਸ ਮਹਾਨ ਸੇਵਾ ਦਾ ਮਾਣ ਹਾਸਿਲ ਹੋਇਆ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਬੇਸ਼ੱਕ ਜਿਹੜਾ ਵੀ ਮਨੁੱਖ ਇਸ ਸੰਸਾਰ ’ਤੇ ਪੈਦਾ ਹੁੰਦਾ ਹੈ ਉਸ ਨੇ ਇੱਕ ਦਿਨ ਅਵੱਸ਼ ਹੀ ਇਸ ਫਾਨੀ ਸੰਸਾਰ ਤੋਂ ਤੁਰ ਜਾਣਾ ਹੈ ਪਰ ਜਿਹੜੇ ਵਿਅਕਤੀ ਆਪਣੇ ਚੰਗੇ ਸੁਭਾਅ ਅਤੇ ਧਾਰਮਿਕ, ਸਮਾਜਿਕ ਰੁਚੀਆਂ ਕਰਕੇ ਜਾਣੇ ਜਾਂਦੇ ਹਨ ਉਨ੍ਹਾਂ ਨੂੰ ਲੋਕ ਹਮੇਸ਼ਾ ਯਾਦ ਰੱਖਦੇ ਹਨ। ਉਨ੍ਹਾਂ ਕਿਹਾ ਕਿ ਸ. ਪ੍ਰੀਤਮ ਸਿੰਘ ਦਾ ਸਤਿਕਾਰ ਲੋਕਾਂ ਦੇ ਮਨਾਂ ਵਿਚ ਹਮੇਸ਼ਾ ਬਰਕਰਾਰ ਰਹੇਗਾ। ਉਨ੍ਹਾਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਣ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ, ਅੰਤ੍ਰਿੰਗ ਮੈਂਬਰ ਭਾਈ ਰਾਮ ਸਿੰਘ, ਸ. ਸੁਰਜੀਤ ਸਿੰਘ ਭਿੱਟੇਵਡ, ਭਾਈ ਗੁਰਚਰਨ ਸਿੰਘ ਗਰੇਵਾਲ, ਮੁੱਖ ਸਕੱਤਰ ਸ. ਹਰਚਰਨ ਸਿੰਘ, ਸਕੱਤਰ ਡਾ. ਰੂਪ ਸਿੰਘ ਤੇ ਸ. ਅਵਤਾਰ ਸਿੰਘ ਸੈਂਪਲਾ, ਐਡੀਸ਼ਨਲ ਸਕੱਤਰ ਸ. ਹਰਭਜਨ ਸਿੰਘ ਮਨਾਵਾਂ, ਸ. ਸੁਖਦੇਵ ਸਿੰਘ ਭੂਰਾ ਕੋਹਨਾ ਤੇ ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ ਨੇ ਵੀ ਸ. ਪ੍ਰੀਤਮ ਸਿੰਘ ਦੇ ਅਕਾਲ ਚਲਾਣੇ ’ਤੇ ਡੂੰਘੇ ਅਫਸੋਸ ਦਾ ਪ੍ਰਗਟਾਵਾ ਕੀਤਾ ਹੈ।