ਅੰਮ੍ਰਿਤਸਰ, 28 ਅਪ੍ਰੈਲ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਮਾਨ ਸਿੰਘ ਦੇ ਮਾਤਾ ਅਮਰਜੀਤ ਕੌਰ ਨਮਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਅੰਤਮ ਅਰਦਾਸ ਉਨ੍ਹਾਂ ਦੇ ਜੱਦੀ ਪਿੰਡ ਭਿੱਟੇਵਡ ਜ਼ਿਲ੍ਹਾ ਗੁਰਦਾਸਪੁਰ ਵਿਖੇ ਹੋਈ। ਇਸ ਮੌਕੇ ਵੱਖ-ਵੱਖ ਧਾਰਮਿਕ, ਰਾਜਨੀਤਕ, ਸਮਾਜਿਕ ਸ਼ਖ਼ਸੀਅਤਾਂ ਦੇ ਨਾਲ-ਨਾਲ ਸਭਾ-ਸੁਸਾਇਟੀਆਂ ਤੇ ਸੰਪ੍ਰਦਾਵਾਂ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ। ਭਾਈ ਰਾਜਦੀਪ ਸਿੰਘ ਵੱਲੋਂ ਅਰਦਾਸ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਪਾਵਨ ਹੁਕਮਨਾਮਾ ਸੰਗਤਾਂ ਨੂੰ ਸਰਵਣ ਕਰਵਾਇਆ।
ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਮਾਤਾ ਅਮਰਜੀਤ ਕੌਰ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਦਿਆਂ ਕਿਹਾ ਕਿ ਜੋ ਵੀ ਪ੍ਰਾਣੀ ਸੰਸਾਰ ‘ਤੇ ਪੈਦਾ ਹੁੰਦਾ ਹੈ, ਉਸ ਨੇ ਇਕ ਦਿਨ ਅਵੱਸ਼ ਹੀ ਇਸ ਫਾਨੀ ਸੰਸਾਰ ਤੋਂ ਵਿਦਾ ਹੋਣਾ ਹੈ। ਮੌਤ ਇਕ ਅਟੱਲ ਸਚਾਈ ਹੈ ਪਰ ਉਨ੍ਹਾਂ ਲੋਕਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਂਦਾ ਹੈ ਜਿਨ੍ਹਾਂ ਨੇ ਕੋਈ ਨੇਕ ਕਰਮ ਕੀਤਾ ਹੋਵੇ। ਉਨ੍ਹਾਂ ਕਿਹਾ ਕਿ ਮਾਤਾ ਅਮਰਜੀਤ ਕੌਰ ਗੁਰਮਤਿ ਨੂੰ ਪ੍ਰਣਾਏ ਹੋਏ ਸਨ ਅਤੇ ਇਸੇ ਸਦਕਾ ਹੀ ਗਿਆਨੀ ਮਾਨ ਸਿੰਘ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗ੍ਰੰਥੀ ਵਜੋਂ ਸੇਵਾ ਨਿਭਾ ਰਹੇ ਹਨ। ਸਿੰਘ ਸਾਹਿਬ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਹਾਜ਼ਰੀ ਵੀ ਲਗਵਾਈ। ਇਸ ਮੌਕੇ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਅਤੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਗਿਆਨੀ ਮਾਨ ਸਿੰਘ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦਿੱਤਾ। ਇਸ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਤਿੰਦਰਬੀਰ ਸਿੰਘ ਅਤੇ ਭਾਈ ਸੁਖਜਿੰਦਰ ਸਿੰਘ ਦੇ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਕਥਾਵਾਚਕ ਭਾਈ ਸਰਬਜੀਤ ਸਿੰਘ ਲੁਧਿਆਣਾ ਤੇ ਪ੍ਰਿੰਸੀਪਲ ਬਲਜੀਤ ਸਿੰਘ ਨੇ ਸੰਗਤਾਂ ਨੂੰ ਗੁਰਮਤਿ ਵਿਚਾਰਾਂ ਨਾਲ ਜੋੜਿਆ। ਸਟੇਜ ਦੀ ਸੇਵਾ ਦੂਰਦਰਸ਼ਨ ਦੇ ਸਾਬਕਾ ਨਿਊਜ਼ ਲੀਡਰ ਸ. ਤੀਰਥ ਸਿੰਘ ਢਿੱਲੋਂ ਨੇ ਨਿਭਾਈ।
ਇਸ ਮੌਕੇ ਸਿੰਘ ਸਾਹਿਬ ਗਿਆਨੀ ਜਸਵਿੰਦਰ ਸਿੰਘ, ਗਿਆਨੀ ਫੂਲਾ ਸਿੰਘ ਹੈੱਡ ਗ੍ਰੰਥੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਅਮਰੀਕ ਸਿੰਘ ਸ਼ਾਹਪੁਰ ਗੋਰਾਇਆ, ਮੈਂਬਰ ਸ. ਗੁਰਿੰਦਰਪਾਲ ਸਿੰਘ ਗੋਰਾ, ਸ. ਰਤਨ ਸਿੰਘ ਜਫਰਵਾਲ, ਸ. ਸੁਰਜੀਤ ਸਿੰਘ ਤੁਗਲਵਾਲ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਵਧੀਕ ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ ਤੇ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਰਘਬੀਰ ਸਿੰਘ ਮੰਡ ਮੈਨੇਜਰ ਸ੍ਰੀ ਦਰਬਾਰ ਸਾਹਿਬ, ਸ. ਫ਼ਤਹਿਜੰਗ ਸਿੰਘ ਬਾਜਵਾ, ਸ. ਨਰਿੰਦਰ ਸਿੰਘ ਬਾੜਾ, ਸ. ਗੁਰਿੰਦਰ ਸਿੰਘ ਲਖਨ ਕੇ ਪੱਡਾ, ਸ. ਤਰਸੇਮ ਸਿੰਘ ਨਿਹੰਗ ਸਿੰਘ, ਭਾਈ ਰਾਜਿੰਦਰ ਸਿੰਘ, ਸ. ਸੂਬਾ ਸਿੰਘ, ਸ. ਗੁਰਚਰਨ ਸਿੰਘ ਘਰਿੰਡਾ, ਭਾਈ ਭਗਤ ਸਿੰਘ, ਸ. ਕਸ਼ਮੀਰ ਸਿੰਘ ਬਰਿਆਰ, ਸ. ਲਖਵਿੰਦਰ ਸਿੰਘ ਮੁਲਤਾਨੀ, ਕੈਪਟਨ ਅਜੀਤ ਸਿੰਘ, ਭਾਈ ਸਤਬੀਰ ਸਿੰਘ, ਸ. ਗੁਰਤਿੰਦਰਪਾਲ ਸਿੰਘ ਮੈਨੇਜਰ ਗੁਰਦੁਆਰਾ ਕੰਧ ਸਾਹਿਬ, ਸ. ਰਣਜੀਤ ਸਿੰਘ ਮੈਨੇਜਰ ਗੁਰਦੁਆਰਾ ਬੁਰਜ ਸਾਹਿਬ, ਗਿਆਨੀ ਜੋਗਾ ਸਿੰਘ ਭਾਗੋਵਾਲੀਆ, ਸ. ਮੋਹਨ ਸਿੰਘ ਕੋਟ ਧੰਦਲ, ਸ. ਮੋਹਨ ਸਿੰਘ ਬੱਲ, ਸ. ਮਲਕੀਤ ਸਿੰਘ ਮਧਰਾ, ਸ. ਬਲਦੇਵ ਸਿੰਘ ਸੇਖਵਾਂ, ਸ. ਨਰਿੰਦਰ ਸਿੰਘ ਸੇਖਵਾਂ ਸਮੇਤ ਵੱਡੀ ਗਿਣਤੀ ਵਿਚ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਸੰਗਤਾਂ ਹਾਜ਼ਰ ਸਨ।