ਅੰਮ੍ਰਿਤਸਰ, 30 ਨਵੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਚੁਣੇ ਗਏ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਹੋਰ ਅਹੁਦੇਦਾਰਾਂ ਨੂੰ ਵਧਾਈਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਅਮਰੀਕਾ ਦੇ ਸਿੱਖ ਧਰਮਾ ਇੰਟਰਨੈਸ਼ਨਲ ਦੀ ਮੁਖੀ ਬੀਬੀ ਇੰਦਰਜੀਤ ਕੌਰ ਨੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਸ. ਹਰਪਾਲ ਸਿੰਘ ਜੱਲ੍ਹਾ ਤੇ ਜਨਰਲ ਸਕੱਤਰ ਸ. ਗੁਰਬਚਨ ਸਿੰਘ ਕਰਮੂੰਵਾਲਾ ਨੂੰ ਪੱਤਰ ਰਾਹੀਂ ਮੁਬਾਰਕਬਾਦ ਭੇਜੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਅਹੁਦੇਦਾਰਾਂ ਵਜੋਂ ਆਪ ਦੀਆਂ ਸਮੁੱਚੇ ਵਿਸ਼ਵ ਵਿਚ ਵੱਸਦੇ ਸਿੱਖਾਂ ਪ੍ਰਤੀ ਜ਼ਿੰਮੇਵਾਰੀਆਂ ਵਧੀਆਂ ਹਨ। ਬੀਬੀ ਇੰਦਰਜੀਤ ਕੌਰ ਨੇ ਵਧਾਈ ਦਿੰਦਿਆਂ ਸਿੱਖਾਂ ਦੀ ਪਾਰਲੀਮੈਂਟ ਅਤੇ ਸਿਰਮੌਰ ਸੰਸਥਾ ਸ਼੍ਰੋਮਣੀ ਕਮੇਟੀ ਵਿਚ ਪ੍ਰਾਪਤ ਹੋਈਆਂ ਨਵੀਂਆਂ ਜ਼ਿੰਮੇਵਾਰੀਆਂ ਨੂੰ ਸੁਯੋਗ ਅਗਵਾਈ ਨਾਲ ਨਿਭਾਉਣ ਅਤੇ ਸਿੱਖੀ ਕਦਰਾਂ-ਕੀਮਤਾਂ ਤੇ ਧਰਮ ਪ੍ਰਚਾਰ ਦੇ ਕਾਰਜਾਂ ਨੂੰ ਹੋਰ ਸੁਚਾਰੂ ਢੰਗ ਨਾਲ ਚਲਾਉਣ ਲਈ ਸ਼ੁੱਭ ਕਾਮਨਾਵਾਂ ਵੀ ਭੇਜੀਆਂ। ਇਸ ਤੋਂ ਇਲਾਵਾ ਭਾਈ ਮਹਿੰਦਰ ਸਿੰਘ ਨਿਸ਼ਕਾਮ ਸੇਵਕ ਜੱਥਾ ਬਰਮਿੰਘਮ ਯੂ.ਕੇ. ਅਤੇ ਸਿੱਖ ਵਿਦਵਾਨ ਤੇ ਕਥਾਵਾਚਕ ਗਿਆਨੀ ਗੁਰਬਖਸ਼ ਸਿੰਘ ਗੁਲਸ਼ਨ ਨੇ ਵੀ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਪ੍ਰਧਾਨ ਬਣਨ ‘ਤੇ ਹਾਰਦਿਕ ਵਧਾਈ ਦਿੱਤੀ ਹੈ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਸ. ਗੁਰਬਚਨ ਸਿੰਘ ਕਰਮੂੰਵਾਲਾ ਨੇ ਸ਼੍ਰੋਮਣੀ ਕਮੇਟੀ ਦਾ ਜਨਰਲ ਸਕੱਤਰ ਦੀ ਸੇਵਾ ਮਿਲਣ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪਰਸਤ ਸ. ਪ੍ਰਕਾਸ਼ ਸਿੰਘ ਬਾਦਲ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਮੈਂਬਰ ਪਾਰਲੀਮੈਂਟ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੁੱਚੇ ਮੈਂਬਰਾਂ ਦਾ ਧੰਨਵਾਦ ਕਰਦਿਆਂ ਆਪਣੀ ਜ਼ਿੰਮੇ ਲੱਗੀ ਸੇਵਾ ਨੂੰ ਤਨਦੇਹੀ ਨਾਲ ਨਿਭਾਉਣ ਦੀ ਵਚਨਬੱਧਤਾ ਦਾ ਪ੍ਰਗਟਾਵਾ ਕੀਤਾ ਹੈ।