ਅੰਮ੍ਰਿਤਸਰ ੨੮ ਦਸੰਬਰ ( ) – ਸ. ਸਤਪਾਲ ਸਿੰਘ ਖਾਲਸਾ ਤੇ ਸ. ਬਹਾਦਰ ਸਿੰਘ ਦੀ ਅਗਵਾਈ ‘ਚ ਵੱਖ-ਵੱਖ ਦੇਸ਼ਾਂ ਨਾਲ ਸਬੰਧਤ ੪੫ ਵਿਅਕਤੀਆਂ ਜਿਨ੍ਹਾਂ ਨੇ ਸਿੱਖ ਧਰਮ ਨੂੰ ਅਪਨਾਇਆ ਹੈ ਉਨ੍ਹਾਂ ਨੂੰ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਿਕ ਹੋਣ ਤੇ ਦਫਤਰ ਸ਼੍ਰੋਮਣੀ ਕਮੇਟੀ ਵਿਖੇ ਭਾਈ ਰਾਮ ਸਿੰਘ ਅੰਤ੍ਰਿੰਗ ਕਮੇਟੀ ਮੈਂਬਰ, ਸ. ਹਰਚਰਨ ਸਿੰਘ ਮੁੱਖ ਸਕੱਤਰ ਤੇ ਡਾ. ਰੂਪ ਸਿੰਘ ਸਕੱਤਰ ਨੇ ਸਿਰੋਪਾਓ, ਧਾਰਮਿਕ ਪੁਸਤਕਾਂ ਦਾ ਸੈਟ ਤੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਿਤ ਕੀਤਾ।
ਜ਼ਿਕਰਯੋਗ ਹੈ ਕਿ ਇਹ ਵਫਦ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ੩੫੦ ਸਾਲਾ ਪ੍ਰਕਾਸ਼ ਦਿਵਸ ਨੂੰ ਸਮਰਪਿਤ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ (ਬਿਹਾਰ) ਵਿਖੇ ਹੋਣ ਵਾਲੇ ਗੁਰਮਤਿ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਵਿਸ਼ੇਸ਼ ਤੌਰ ‘ਤੇ ਅਮਰੀਕਾ ਤੋਂ ਪਹੁੰਚਿਆ ਹੈ। ਵਫਦ ਵਿੱਚ ਸ਼ਾਮਲ ਮੈਂਬਰ ਅਮਰੀਕਾ, ਚੀਨ, ਅਰਜਨਟੀਨਾ, ਇਟਲੀ, ਰੂਸ, ਇੰਗਲੈਂਡ ਤੇ ਕੈਨੇਡਾ ਨਾਲ ਸਬੰਧਤ ਹਨ।
ਇਸ ਮੌਕੇ ਸ. ਹਰਚਰਨ ਸਿੰਘ ਮੁੱਖ ਸਕੱਤਰ ਨੇ ਵਫਦ ਨੂੰ ਸੰਬੋਧਨ ਕਰਦਿਆਂ ਕਿਹਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ. ਸਤਪਾਲ ਸਿੰਘ ਖਾਲਸਾ ਦੀ ਅਗਵਾਈ ‘ਚ ਆਏ ਵਫਦ ਦਾ ਤਹਿ ਦਿਲੋਂ ਸਵਾਗਤ ਕੀਤਾ ਜਾਂਦਾ ਹੈ।ਉਨ੍ਹਾਂ ਕਿਹਾ ਕਿ ਸ. ਸਤਪਾਲ ਸਿੰਘ ਵੱਲੋਂ ਵਫਦ ‘ਚ ਸ਼ਾਮਲ ਵੱਖ-ਵੱਖ ਦੇਸ਼ਾਂ ਦੇ ਲੋਕਾਂ ਨੂੰ ਸਿੱਖੀ ਨਾਲ ਜੋੜਨ ਦਾ ਉਪਰਾਲਾ ਸ਼ਲਾਘਾਯੋਗ ਹੈ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਆਏ ਇਸ ਵਫਦ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਦੌਰਾਨ ਹਰ ਤਰ੍ਹਾਂ ਦੀ ਸਹੂਲਤ ਮੁਹੱਈਆਂ ਕਰਵਾਈ ਜਾਵੇਗੀ।
ਵਿਦੇਸ਼ੀ ਵਫਦ ਵੱਲੋਂ ਸ. ਸਤਪਾਲ ਸਿੰਘ ਨੇ ਸ਼੍ਰੋਮਣੀ ਕਮੇਟੀ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕੀਤਾ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਗਿਆ ਹੈ ਜਿਸ ਨੂੰ ਸ਼ਬਦਾਂ ਵਿੱਚ ਬਿਆਨ ਨਹੀਂ ਕੀਤਾ ਜਾ ਸਕਦਾ।ਵਫਦ ਦੇ ਮੈਂਬਰਾਂ ਨੇ ਸਿੱਖ ਧਰਮ ਸਬੰਧੀ ਜਾਣਕਾਰੀ ਪ੍ਰਾਪਤ ਕਰਕੇ ਇਸ ਦੀਆਂ ਅਮੀਰ ਪਰੰਪਰਾਵਾਂ ਦੀ ਸ਼ਲਾਘਾ ਕੀਤੀ।
ਇਸ ਮੌਕੇ ਸ. ਹਰਭਜਨ ਸਿੰਘ ਮਨਾਵਾਂ ਵਧੀਕ ਸਕੱਤਰ, ਸ. ਸਿਮਰਜੀਤ ਸਿੰਘ ਮੀਤ ਸਕੱਤਰ, ਸ. ਸੁਖਬੀਰ ਸਿੰਘ ਵਧੀਕ ਮੈਨੇਜਰ ਤੇ ਹੋਰ ਹਾਜ਼ਰ ਸਨ।