ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕੇਂਦਰੀ ਮੰਤਰੀ ਸ੍ਰੀ ਪ੍ਰਕਾਸ਼ ਜਾਵੇਡਕਰ ਨੂੰ ਲਿਖਿਆ ਪੱਤਰ
ਅੰਮ੍ਰਿਤਸਰ, ੧੨ ਜੁਲਾਈ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਭਾਰਤ ਦੇ ਹਿਊਮਨ ਰਿਸੋਰਸ ਡਿਵੈਲਪਮੈਂਟ ਮੰਤਰੀ ਸ੍ਰੀ ਪ੍ਰਕਾਸ਼ ਜਾਵੇਡਕਰ ਨੂੰ ਇੱਕ ਪੱਤਰ ਲਿਖ ਕੇ ਸਿੱਖ ਬੱਚਿਆਂ ਨੂੰ ਵੱਖ-ਵੱਖ ਪ੍ਰੀਖਿਆਵਾਂ ਦੌਰਾਨ ਕੱਕਾਰ ਉਤਾਰਨ ਲਈ ਮਜ਼ਬੂਰ ਕਰਨ ਦੇ ਨਾਜ਼ੁਕ ਮਸਲੇ ਦਾ ਜਲਦ ਹੱਲ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਲਿਖਿਆ ਕਿ ਅਕਸਰ ਹੀ ਸਿੱਖ ਬੱਚਿਆਂ ਨੂੰ ਦੇਸ਼ ਵਿਚ ਵੱਖ-ਵੱਖ ਥਾਈਂ ਹੁੰਦੀਆਂ ਪ੍ਰੀਖਿਆਵਾਂ ਵਿਚ ਬੈਠਣ ਲਈ ਕ੍ਰਿਪਾਨ ਜਾਂ ਕੜਾ ਉਤਾਰਨ ਲਈ ਮਜ਼ਬੂਰ ਕੀਤਾ ਜਾਂਦਾ ਹੈ, ਜੋ ਸਿੱਖ ਰਹਿਣੀ ਦੇ ਵਿਰੁੱਧ ਹੈ। ਉਨ੍ਹਾਂ ਕਿਹਾ ਕਿ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਖਾਲਸਾ ਸਾਜਣਾ ਸਮੇਂ ਕੀਤੀ ਗਈ ਪੰਜ ਕੱਕਾਰੀ ਰਹਿਤ ਦੀ ਬਖਸ਼ਿਸ਼ ਸਿੱਖਾਂ ਲਈ ਅਹਿਮ ਹੈ ਜਿਸ ਤਹਿਤ ਅੰਮ੍ਰਿਤਧਾਰੀ ਸਿੰਘਾਂ ਲਈ ਕੇਸ, ਕੰਘਾ, ਕੜਾ, ਕਿਰਪਾਨ ਤੇ ਕਛਹਿਰਾ ਪਹਿਨਣੇ ਲਾਜ਼ਮੀ ਹਨ। ਪ੍ਰੋ: ਬਡੂੰਗਰ ਨੇ ਕਿਹਾ ਕਿ ਗੁਰੂ ਹੁਕਮ ਅਨੁਸਾਰ ਸਿੱਖ ਆਪਣੇ ਕੱਕਾਰਾਂ ਨੂੰ ਸਦਾ ਅੰਗ-ਸੰਗ ਰੱਖਦੇ ਹਨ। ਜਦੋਂ ਵੀ ਕਿਤੇ ਸਿੱਖਾਂ ਨੂੰ ਇਨ੍ਹਾਂ ਧਾਰਮਿਕ ਚਿਨ੍ਹਾਂ ਨੂੰ ਉਤਾਰਨ ਲਈ ਮਜਬੂਰ ਕੀਤਾ ਜਾਂਦਾ ਹੈ ਤਾਂ ਸਿੱਖਾਂ ਵਿਚ ਭਾਰੀ ਰੋਸ ਅਤੇ ਪੱਖਪਾਤ ਦੀ ਭਾਵਨਾ ਪੈਦਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਕੱਕਾਰ ਉਤਾਰਨ ਲਈ ਮਜ਼ਬੂਰ ਕਰਨਾ ਸਿੱਖਾਂ ਨੂੰ ਸੰਵਿਧਾਨਕ ਤੌਰ ‘ਤੇ ਮਿਲੇ ਧਾਰਮਿਕ ਅਜ਼ਾਦੀ ਦੇ ਅਧਿਕਾਰ ਦੀ ਵੀ ਉਲੰਘਣਾ ਹੈ।
ਪ੍ਰੋ: ਬਡੂੰਗਰ ਨੇ ਕਿਹਾ ਕਿ ਇਹ ਮਾਮਲਾ ਕਈ ਵਾਰ ਸਬੰਧਤ ਅਧਿਕਾਰੀਆਂ ਦੇ ਧਿਆਨ ਵਿਚ ਲਿਆਂਦਾ ਗਿਆ ਪਰੰਤੂ ਇਸ ਗੰਭੀਰ ਮਸਲੇ ਦਾ ਸਥਾਈ ਤੌਰ ‘ਤੇ ਕੋਈ ਹੱਲ ਨਹੀਂ ਕੀਤਾ ਗਿਆ। ਉਨ੍ਹਾਂ ਸ੍ਰੀ ਪ੍ਰਕਾਸ਼ ਜਾਵੇਡਕਰ ਨੂੰ ਇਸ ਨਾਜ਼ੁਕ ਧਾਰਮਿਕ ਮਸਲੇ ਵੱਲ ਨਿੱਜੀ ਤੌਰ ‘ਤੇ ਧਿਆਨ ਦਿੰਦਿਆਂ ਅੰਮ੍ਰਿਤਧਾਰੀ ਸਿੱਖ ਬੱਚਿਆਂ ਦੇ ਕੱਕਾਰਾਂ ਸਮੇਤ ਪ੍ਰੀਖਿਆ ਵਿਚ ਬੈਠਣ ਨੂੰ ਯਕੀਨੀ ਬਣਾਉਣ ਲਈ ਸਬੰਧਤ ਅਧਿਕਾਰੀਆਂ/ਵਿਭਾਗਾਂ ਨੂੰ ਤੁਰੰਤ ਹਿਦਾਇਤਾਂ ਜਾਰੀ ਕਰਨ ਦੀ ਮੰਗ ਕੀਤੀ।