ਅੰਮ੍ਰਿਤਸਰ, 25 ਅਗਸਤ-
ਸਿੱਖ ਵਿਦਵਾਨ ਤੇ ਇਤਿਹਾਸਕਾਰ ਸ. ਸਵਰਨ ਸਿੰਘ ਚੂਸਲੇਵੜ੍ਹ ਦੇ ਅਕਾਲ ਚਲਾਣਾ ਕਰ ਜਾਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ. ਸਵਰਨ ਸਿੰਘ ਚੂਸਲੇਵੜ੍ਹ ਨੇ ਸਿੱਖ ਇਤਿਹਾਸ ਦੇ ਪ੍ਰਚਾਰ ਪ੍ਰਸਾਰ ਲਈ ਜ਼ਿਕਰਯੋਗ ਸੇਵਾਵਾਂ ਕੀਤੀਆਂ ਹਨ। ਗੁਰਮਤਿ ਕੈਂਪਾਂ ਵਿਚ ਇਤਿਹਾਸਕ ਲੈਕਚਰਾਂ ਰਾਹੀਂ ਨੌਜੁਆਨ ਪੀੜ੍ਹੀ ਨੂੰ ਇਤਿਹਾਸ ਪੜ੍ਹਨ ਲਈ ਪ੍ਰੇਰਿਤ ਕਰਨਾ ਉਨ੍ਹਾਂ ਦੀ ਪਹਿਲ ਰਹੀ ਹੈ। ਸ. ਸਵਰਨ ਸਿੰਘ ਵੱਲੋਂ ਸਿੱਖ ਇਤਿਹਾਸ ਨਾਲ ਸਬੰਧਤ ਕਈ ਪੁਸਤਕਾਂ ਲਿਖੀਆਂ ਗਈਆਂ, ਜੋ ਅਗਲੀ ਪੀੜ੍ਹੀ ਲਈ ਪ੍ਰੇਰਣਾ ਸਰੋਤ ਹਨ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸ. ਸਵਰਨ ਸਿੰਘ ਚੂਸਲੇੜ੍ਹ ਦਾ ਅਕਾਲ ਚਲਾਣਾ ਸਿੱਖ ਪੰਥ ਅਤੇ ਪਰਿਵਾਰ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ। ਐਡਵੋਕੇਟ ਧਾਮੀ ਨੇ ਸ. ਸਵਰਨ ਸਿੰਘ ਚੂਸਲੇਵੜ੍ਹ ਦੇ ਪਰਿਵਾਰ ਨਾਲ ਸੰਵੇਦਨਾ ਪ੍ਰਗਟ ਕਰਦਿਆਂ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖ਼ਸ਼ਣ।