ਅੰਮ੍ਰਿਤਸਰ ੧੮ ਨਵੰਬਰ ( ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਗੁਰੂ ਸਾਹਿਬਾਨ ਦੀਆਂ ਤਸਵੀਰਾਂ ਐਡਿਟ ਕਰਕੇ ਫਿਰਕੂ ਭਾਵਨਾਵਾਂ ਫੈਲਾਉਣ ਦੇ ਮਕਸਦ ਹੇਠ ਸੋਸ਼ਲ ਸਾਈਟ ‘ਤੇ ਪਾਉਣ ਵਾਲੇ ਸ਼ਰਾਰਤੀ ਅਨਸਰਾਂ ਖਿਲਾਫ ਸਾਈਬਰ ਕ੍ਰਾਇਮ ਸੈਲ ਰਾਹੀਂ ਪੜਤਾਲ ਕਰਵਾਈ ਜਾਵੇਗੀ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਰਦਿਆਂ ਕਿਹਾ ਕਿ ਸੋਸ਼ਲ ਸਾਈਟ ‘ਤੇ ਆਏ ਦਿਨ ਸ਼ਰਾਰਤੀ ਅਨਸਰਾਂ ਵੱਲੋਂ ਸਿੱਖ ਗੁਰੂ ਸਾਹਿਬਾਨ ਦੀਆਂ ਤਸਵੀਰਾਂ ਤੇ ਪਵਿੱਤਰ ਧਾਰਮਿਕ ਅਸਥਾਨਾਂ ਨਾਲ ਛੇੜਛਾੜ ਕਰਕੇ ਘਿਨਾਉਣੀਆਂ ਹਰਕਤਾਂ ਕੀਤੀਆਂ ਜਾ ਰਹੀਆਂ ਹਨ।ਉਨ੍ਹਾਂ ਕਿਹਾ ਕਿ ਸਾਰੇ ਹੀ ਧਰਮ ਸਤਿਕਾਰਯੋਗ ਹਨ।ਸਿੱਖ ਹਰੇਕ ਧਰਮ ਦਾ ਦਿਲੋਂ ਸਤਿਕਾਰ ਕਰਦੇ ਹਨ, ਪਰ ਇਸ ਦਾ ਇਹ ਮਤਲਬ ਨਹੀਂ ਕਿ ਸਿੱਖ ਗੁਰੂ ਸਾਹਿਬਾਨ ਖਿਲਾਫ਼ ਵਰਤੀ ਜਾਂਦੀ ਭੱਦੀ ਸ਼ਬਦਾਵਲੀ ਅਤੇ ਤਸਵੀਰਾਂ ਐਡਿਟ ਕਰਕੇ ਗਲਤ ਰੰਗਤ ਦੇਂਦਿਆਂ ਸ਼ੋਸ਼ਲ ਸਾਈਟਾਂ ‘ਤੇ ਪਾਈਆਂ ਜਾਣ।
ਉਨ੍ਹਾਂ ਕਿਹਾ ਕਿ ਸਾਈਬਰ ਕ੍ਰਾਈਮ ਸੈਲ ਨੂੰ ਪੱਤਰ ਲਿਖ ਕੇ ਸ਼ਿਕਾਇਤ ਦਰਜ ਕਰਨ ਲਈ ਕਿਹਾ ਗਿਆ ਹੈ ਅਤੇ ਮੰਗ ਕੀਤੀ ਗਈ ਹੈ ਕਿ ਅਜਿਹਾ ਕਰਨ ਵਾਲੇ ਸ਼ਰਾਰਤੀ ਅਨਸਰਾਂ ਦਾ ਤੁਰੰਤ ਪਤਾ ਲਗਾ ਕੇ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।ਉਨ੍ਹਾਂ ਕਿਹਾ ਕਿ ਕੁਝ ਸ਼ਰਾਰਤੀ ਲੋਕ ਜਿਨ੍ਹਾਂ ਦਾ ਆਪਣਾ ਕੋਈ ਧਰਮ ਨਹੀਂ ਹੁੰਦਾ ਉਹ ਸੋਸ਼ਲ ਸਾਈਟਾਂ ਤੇ ਅਜਿਹੇ ਪੇਜ ਬਣਾ ਕੇ ਭੜਕਾਊ ਕਾਰਵਾਈਆਂ ਨੂੰ ਅੰਜਾਮ ਦਿੰਦੇ ਹਨ ਤਾਂ ਜੋ ਆਪਸੀ ਭਾਈਚਾਰਕ ਸਾਂਝ ਨੂੰ ਠੇਸ ਪਹੁੰਚਾਈ ਜਾਵੇ ਤੇ ਦੇਸ਼ ਦੀ ਸ਼ਾਂਤੀ ਭੰਗ ਕੀਤੀ ਜਾਵੇ।ਉਨ੍ਹਾਂ ਕਿਹਾ ਕਿ ਕਿਸੇ ਵੀ ਗੁਰੂ ਸਾਹਿਬਾਨ, ਦੇਵੀ ਦੇਵਤਿਆਂ ਪੈਗੰਬਰਾਂ ਪ੍ਰਤੀ ਜੇਕਰ ਕੋਈ ਮਾੜੀ ਸੋਚ ਰੱਖਦਾ ਹੈ ਤਾਂ ਅਜਿਹੇ ਵਿਅਕਤੀ ਭਾਵੇਂ ਕਿਸੇ ਵੀ ਫਿਰਕੇ ਸਮਾਜ ਨਾਲ ਸਬੰਧਤ ਹੋਣ ਉਨ੍ਹਾਂ ਦੀ ਤੁਰੰਤ ਸ਼ਨਾਖਤ ਕਰਕੇ ਉਨ੍ਹਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।
ਉਨ੍ਹਾਂ ਸੋਸ਼ਲ ਮੀਡੀਆ ਦੀ ਵਰਤੋਂ ਕਰਨ ਵਾਲੇ ਸਾਰੇ ਭੈਣ ਭਰਾਵਾਂ ਨੂੰ ਅਪੀਲ ਕੀਤੀ ਕਿ ਅਜਿਹੇ ਲੋਕਾਂ ਦਾ ਬਾਈਕਾਟ ਕੀਤਾ ਜਾਵੇ ਤੇ ਬਿਲਕੁਲ ਲਾਇਕ ਜਾਂ ਸ਼ੇਅਰ ਨਾ ਕੀਤਾ ਜਾਵੇ।ਉਨ੍ਹਾਂ ਕਿਹਾ ਕਿ ਅਜਿਹੇ ਦੋਸ਼ੀਆਂ ਦਾ ਪਤਾ ਲਗਾਉਣ ਲਈ ਸਹਾਇਤਾ ਕੀਤੀ ਜਾਵੇ।