ਜੈਤਸਰੀ ਮਹਲਾ ੫ ਘਰੁ ੩ ਦੁਪਦੇ ੴ ਸਤਿਗੁਰ ਪ੍ਰਸਾਦਿ॥ ਦੇਹੁ ਸੰਦੇਸਰੋ ਕਹੀਅਉ ਪ੍ਰਿਅ ਕਹੀਅਉ ॥ ਬਿਸਮੁ ਭਈ ਮੈ ਬਹੁ ਬਿਧਿ ਸੁਨਤੇ ਕਹਹੁ ਸੁਹਾਗਨਿ ਸਹੀਅਉ ॥੧॥ ਰਹਾਉ ॥ ਸ਼ੁੱਕਰਵਾਰ, ੮ ਚੇਤ (ਸੰਮਤ ੫੫੭ ਨਾਨਕਸ਼ਾਹੀ) ੨੧ ਮਾਰਚ, ੨੦੨੫ (ਅੰਗ: ੭੦੦)

ਧਾਰਮਿਕ ਜਥੇਬੰਦੀਆਂ ਅਮਨ ਸ਼ਾਂਤੀ ਨਾਲ ਸਹਿਯੋਗੀ ਬਣ ਕੇ ਇਹ ਪਵਿੱਤਰ ਦਿਹਾੜਾ ਮਨਾਉਣ : ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ

4-06-2016ਅੰਮ੍ਰਿਤਸਰ 4 ਜੂਨ- ਸਿੱਖ ਜਗਤ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜੂਨ 1984 ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ।ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਆਰੰਭਤਾ ਦੀ ਅਰਦਾਸ ਭਾਈ ਰਾਜਦੀਪ ਸਿੰਘ ਨੇ ਕੀਤੀ ਤੇ ਹੁਕਮਨਾਮਾ ਭਾਈ ਜੋਗਾ ਸਿੰਘ ਗ੍ਰੰਥੀ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਲਿਆ।
    ਸੰਗਤਾਂ ਨੂੰ ਸੰਬੋਧਨ ਕਰਦਿਆਂ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕਿਹਾ ਕਿ ਰੁਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਭਗਤੀ ਅਤੇ ਸ਼ਕਤੀ ਦੇ ਪ੍ਰਤੀਕ ਸ੍ਰੀ ਅਕਾਲ ਤਖਤ ਸਾਹਿਬ ਤੇ ਹੋਰ ਇਤਿਹਾਸਕ ਗੁਰਦੁਆਰਾ ਸਾਹਿਬਾਨ ਉਪਰ ਜੂਨ 1984 ‘ਚ ਸਮੇਂ ਦੀ ਕੇਂਦਰ ਸਰਕਾਰ ਵੱਲੋਂ ਆਪਣੇ ਹੀ ਦੇਸ਼ ਦੀ ਫੌਜ ਕੋਲੋ ਤੋਪਾਂ-ਟੈਕਾਂ ਨਾਲ ਹਮਲਾ ਕਰਵਾ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੂਹ ‘ਚ ਹਜ਼ਾਰਾਂ ਸਿੱਖ ਸੰਗਤਾਂ, ਜਿਨ੍ਹਾਂ ਵਿੱਚ ਨੌਜਵਾਨ, ਬਜੁਰਗ, ਬੱਚੇ ਤੇ ਬੱਚੀਆਂ ਸ਼ਾਮਲ ਸਨ ਨੂੰ ਸ਼ਹੀਦ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਅਜਿਹੇ ਸਾਕੇ ਕੌਮੀ ਵਿਰਸੇ ਦਾ ਇਤਿਹਾਸ ਬਣ ਜਾਂਦੇ ਹਨ ਜੋ ਭੁੱਲਣਯੋਗ ਨਹੀਂ ਹੁੰਦੇ।ਇਹ ਸਿੱਖ ਕੌਮ ਨਾਲ ਅੱਜ ਦੇ ਜਾਗਰੂਕ ਅਤੇ ਵਿਕਸਤ ਯੁੱਗ ਵਿੱਚ ਵਾਪਰਿਆ ਬਹੁਤ ਵੱਡਾ ਘੱਲੂਘਾਰਾ ਸੀ।ਉਨ੍ਹਾਂ ਕਿਹਾ ਕਿ ਇਨ੍ਹਾਂ ਸ਼ਹੀਦਾਂ ਦੀ ਯਾਦ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਹਨ, ਜਿਨ੍ਹਾਂ ਦੇ ਭੋਗ 6 ਜੂਨ ਨੂੰ ਪੈਣਗੇ।ਉਨ੍ਹਾਂ ਸਮੂਹ ਧਾਰਮਿਕ ਜਥੇਬੰਦੀਆਂ, ਸਭਾ ਸੁਸਾਇਟੀਆਂ ਨੂੰ ਅਪੀਲ ਕੀਤੀ ਕਿ ਉਹ ਅਮਨ ਸ਼ਾਂਤੀ ਨਾਲ ਸਹਿਯੋਗੀ ਬਣ ਕੇ ਇਹ ਪਵਿੱਤਰ ਦਿਹਾੜਾ ਮਨਾਉਂਦਿਆਂ ਸਿੱਖ ਕੌਮ ਦੀ ਚੜ੍ਹਦੀ ਕਲਾ ਲਈ ਸ਼ਹੀਦ ਹੋਏ ਸਿੰਘਾਂ/ਸਿੰਘਣੀਆਂ ਨੂੰ ਸ਼ਰਧਾਂਜਲੀ ਭੇਟ ਕਰਕੇ ਸਤਿਗੁਰਾਂ ਦੀਆਂ ਖੁਸ਼ੀਆਂ ਪ੍ਰਾਪਤ ਕਰਨ।
ਇਸ ਮੌਕੇ ਭਾਈ ਮਨਜੀਤ ਸਿੰਘ ਮੈਂਬਰ ਸ਼੍ਰੋਮਣੀ ਕਮੇਟੀ ਨੇ ਕਿਹਾ ਕਿ ਜੂਨ 1984 ਦੇ ਹਮਲੇ ਵਿੱਚ ਮਹਾਨ ਸ਼ਹੀਦਾਂ ਨੇ ਸ਼ਹੀਦੀਆਂ ਦੇ ਕੇ ਸਮੇਂ ਦੀ ਕੇਂਦਰ ਸਰਕਾਰ ਨੂੰ ਮੂੰਹ ਤੋੜ ਜਵਾਬ ਦਿੰਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੀ ਪਵਿੱਤਰਤਾ ਨੂੰ ਕਾਇਮ ਰੱਖਿਆ।ਉਨ੍ਹਾਂ ਕਿਹਾ ਕਿ ਇਨ੍ਹਾਂ ਸ਼ਹੀਦਾਂ ਦੀ ਯਾਦ ‘ਚ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਹਨ।ਉਨ੍ਹਾਂ ਸਮੂਹ ਜਥੇਬੰਦੀਆਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਉਹ ਇਸ ਦਿਨ ਸ਼ਾਂਤੀ ਬਣਾਈ ਰੱਖਣ ਤੇ ਬਿਨਾਂ ਕਿਸੇ ਰੋਲੇ ਦੇ ਗੁਰੂ ਦੀ ਹਜ਼ੂਰੀ ਵਿੱਚ ਬੈਠ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ।
ਇਸ ਮੌਕੇ ਸ. ਹਰਚਰਨ ਸਿੰਘ ਮੁੱਖ ਸਕੱਤਰ, ਸ. ਸੁਖਦੇਵ ਸਿੰਘ ਭੂਰਾਕੋਹਨਾ ਵਧੀਕ ਸਕੱਤਰ, ਸ. ਸੁਲੱਖਣ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ. ਹਰਜਿੰਦਰ ਸਿੰਘ ਵਧੀਕ ਮੈਨੇਜਰ, ਸ. ਲਖਬੀਰ ਸਿੰਘ ਮੀਤ ਮੈਨੇਜਰ, ਭਾਈ ਸੁਬੇਗ ਸਿੰਘ, ਭਾਈ ਭਾਗ ਸਿੰਘ ਤੇ ਭਾਈ ਹਰਜੀਤ ਸਿੰਘ ਗ੍ਰੰਥੀ, ਭਾਈ ਜਗਦੇਵ ਸਿੰਘ ਹੈੱਡ ਪ੍ਰਚਾਰਕ, ਸ. ਕਰਨੈਲ ਸਿੰਘ ਪੀਰ ਮੁਹੰਮਦ, ਸ. ਜਗਬੀਰ ਸਿੰਘ ਘੁੰਮਣ, ਸ. ਕਾਰਜ ਸਿੰਘ, ਸ. ਸਰਬਜੀਤ ਸਿੰਘ ਤੇ ਸ. ਜਸਵਿੰਦਰ ਸਿੰਘ ਕੋਟ ਖਾਲਸਾ ਤੋਂ ਇਲਾਵਾ ਸਿੱਖ ਸੰਗਤਾਂ ਮੌਜੂਦ ਸਨ।