ਅੰਮ੍ਰਿਤਸਰ 19 ਦਸੰਬਰ ( ) – ਬਾਦਸ਼ਾਹ ਦਰਵੇਸ਼, ਕਲਗੀਧਰ ਪਿਤਾ, ਸਰਬੰਸਦਾਨੀ, ਦਸਮੇਸ਼ ਪਿਤਾ, ਸਾਹਿਬ-ਏ-ਕਮਾਲ, ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ੩੫੦ ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਕਮੇਟੀ) ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਦੀ ਆਰੰਭਤਾ ਅੱਜ ੨੦ ਦਸੰਬਰ ਨੂੰ ਸਵੇਰੇ ੯.੦੦ ਵਜੇ ਹੋਵੇਗੀ।
ਸ. ਹਰਭਜਨ ਸਿੰਘ ਮਨਾਵਾਂ ਵਧੀਕ ਸਕੱਤਰ ਧਰਮ ਪ੍ਰਚਾਰ ਕਮੇਟੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ੩੫੦ ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਨਗਰ ਕੀਰਤਨ ਦੀ ਆਰੰਭਤਾ ਸਮੇਂ ਪ੍ਰੋ. ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਉਚੇਚੇ ਤੌਰ ‘ਤੇ ਸ਼ਾਮਲ ਹੋਣਗੇ।ਉਨ੍ਹਾਂ ਕਿਹਾ ਕਿ ਇਹ ਨਗਰ ਕੀਰਤਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਤੋਂ ਆਰੰਭ ਹੋ ਕੇ ੩੧ ਦਸੰਬਰ ਨੂੰ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ (ਬਿਹਾਰ) ਵਿਖੇ ਸੰਪੰਨ ਹੋਵੇਗਾ।ਉਨ੍ਹਾਂ ਦੱਸਿਆ ਕਿ ਨਗਰ ਕੀਰਤਨ ਵਿੱਚ ਗੁਰੂ ਸਾਹਿਬਾਨਾਂ ਦੀਆਂ ਇਤਿਹਾਸਕ ਨਿਸ਼ਾਨੀਆਂ (ਸ਼ਸਤਰ-ਬਸਤਰ) ਵਾਲੀ ਬੱਸ ਵੀ ਸ਼ਾਮਲ ਹੋਵੇਗੀ।ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਪਰਿਵਾਰਾਂ ਸਮੇਤ ਨਗਰ ਕੀਰਤਨ ਵਿੱਚ ਹਾਜ਼ਰੀਆਂ ਭਰ ਕੇ ਗੁਰੂ-ਘਰ ਦੀਆਂ ਬਖਸ਼ਿਸ਼ਾਂ ਦੇ ਪਾਤਰ ਬਣਨ।