ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਸੋਰਠਿ ਮਹਲਾ ੫ ॥ ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥ ਕੋਇ ਨ ਪਹੁਚਨਹਾਰਾ ਦੂਜਾ ਅਪੁਨੇ ਸਾਹਿਬ ਕਾ ਭਰਵਾਸਾ ॥੧॥ ਸ਼ਨਿੱਚਰਵਾਰ, ੨੧ ਹਾੜ (ਸੰਮਤ ੫੫੭ ਨਾਨਕਸ਼ਾਹੀ) ੫ ਜੁਲਾਈ, ੨੦੨੫ (ਅੰਗ: ੬੦੯)

10 ਜਨਵਰੀ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਲਈ ਆਰੰਭ ਕੀਤਾ ਜਾਵੇਗਾ ਨਗਰ ਕੀਰਤਨ
ਅੰਮ੍ਰਿਤਸਰ, 23 ਦਸੰਬਰ-
ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਗੁਰਪੁਰਬ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਪੰਥਕ ਜਾਹੋ ਜਲਾਲ ਨਾਲ ਮਨਾਇਆ ਜਾਵੇਗਾ। ਇਸ ਸਬੰਧ ਵਿਚ 15 ਤੋਂ 17 ਜਨਵਰੀ 2024 ਤੱਕ ਵਿਸ਼ੇਸ਼ ਤੌਰ ’ਤੇ ਗੁਰਮਤਿ ਸਮਾਗਮ ਆਯੋਜਤ ਕੀਤੇ ਜਾਣਗੇ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਲੈ ਕੇ ਗਠਤ ਕੀਤੀ ਗਈ ਸਬ-ਕਮੇਟੀ ਦੀ ਇਥੇ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਅੱਜ ਹੋਈ ਇਕੱਤਰਤਾ ਦੌਰਾਨ 17 ਜਨਵਰੀ ਨੂੰ ਮਨਾਏ ਜਾਣ ਵਾਲੇ ਪ੍ਰਕਾਸ਼ ਗੁਰਪੁਰਬ ਦੀ ਰੂਪ ਰੇਖਾ ਤੈਅ ਕੀਤੀ ਗਈ।
ਇਕੱਤਰਤਾ ’ਚ ਲਏ ਫੈਸਲੇ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ ਨੇ ਦੱਸਿਆ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ 17 ਜਨਵਰੀ ਨੂੰ ਵਿਸ਼ਾਲ ਗੁਰਮਤਿ ਸਮਾਗਮ ਦਾ ਪ੍ਰਬੰਧ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪ੍ਰਕਾਸ਼ ਪੁਰਬ ਸਮਾਗਮਾਂ ਦੀ ਆਰੰਭਤਾ 10 ਜਨਵਰੀ ਨੂੰ ਸ੍ਰੀ ਅਨੰਦਪੁਰ ਸਾਹਿਬ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਲਈ ਵਿਸ਼ਾਲ ਨਗਰ ਕੀਰਤਨ ਦੀ ਆਰੰਭਤਾ ਕਰਕੇ ਕੀਤੀ ਜਾਵੇਗੀ। ਇਹ ਨਗਰ ਕੀਰਤਨ ਗੁਰੂ ਗੋਬਿੰਦ ਸਿੰਘ ਮਾਰਗ ’ਤੇ ਸਜਾਇਆ ਜਾਵੇਗਾ, ਜੋ ਵੱਖ-ਵੱਖ ਪੜਾਵਾਂ ਮਗਰੋਂ 16 ਜਨਵਰੀ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸੰਪੰਨ ਹੋਵੇਗਾ। ਉਨ੍ਹਾਂ ਦੱਸਿਆ ਕਿ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ 15 ਜਨਵਰੀ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ ਅਤੇ 17 ਜਨਵਰੀ ਨੂੰ ਭੋਗ ਉਪਰੰਤ ਪ੍ਰਕਾਸ਼ ਪੁਰਬ ਦਾ ਮੁੱਖ ਸਮਾਗਮ ਕੀਤਾ ਜਾਵੇਗਾ। ਭਾਈ ਮਹਿਤਾ ਨੇ ਦੱਸਿਆ ਕਿ ਇਨ੍ਹਾਂ ਸਮਾਗਮਾਂ ਦੌਰਾਨ ਤਖ਼ਤ ਸਾਹਿਬਾਨ ਦੇ ਜਥੇਦਾਰ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਿੰਘ ਸਾਹਿਬਾਨ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ, ਪੰਥਕ ਜਥੇਬੰਦੀਆਂ ਦੇ ਨੁਮਾਇੰਦੇ, ਪੰਥ ਪ੍ਰਸਿੱਧ ਰਾਗੀ, ਕਥਾਵਾਚਕ, ਢਾਡੀ ਤੇ ਕਵੀਸ਼ਰ ਜਥੇ ਹਾਜ਼ਰੀ ਭਰਨਗੇ।
ਇਕੱਤਰਤਾ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ, ਅੰਤ੍ਰਿੰਗ ਕਮੇਟੀ ਮੈਂਬਰ ਸ. ਮੋਹਨ ਸਿੰਘ ਬੰਗੀ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਸ. ਨਵਤੇਜ ਸਿੰਘ ਕਾਉਣੀ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸ. ਅਵਤਾਰ ਸਿੰਘ ਵਣਵਾਲਾ, ਸਕੱਤਰ ਸ. ਪ੍ਰਤਾਪ ਸਿੰਘ, ਵਧੀਕ ਸਕੱਤਰ ਸ. ਬਿਜੈ ਸਿੰਘ, ਮੀਤ ਸਕੱਤਰ ਪ੍ਰੋ. ਸੁਖਦੇਵ ਸਿੰਘ, ਇੰਚਾਰਜ ਸ. ਕਰਤਾਰ ਸਿੰਘ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਮੈਨੇਜਰ ਸ. ਰਣਜੀਤ ਸਿੰਘ ਹਾਜ਼ਰ ਸਨ।