ਪ੍ਰਬੰਧ ਨੂੰ ਮੁੱਖ ਰੱਖਦੇ ਹੋਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਇੰਚਾਰਜ ਅਖੰਡਪਾਠਾਂ ਅਤੇ ਇੰਚਾਰਜ ਰਾਗੀ ਸਿੰਘਾਂ ਨੂੰ ਨੰਬਰ ਜਾਰੀ ਕੀਤੇ ਗਏ ਹਨ ਕਿਰਪਾ ਕਰਕੇ ਅੱਗੇ ਤੋਂ ਆਪ ਜੀ ਇਹਨਾਂ ਨੰਬਰਾਂ ਤੇ ਸੰਪਰਕ ਕਰਨ ਦੀ ਕ੍ਰਿਪਾਲਤਾ ਕਰਨੀ ਜੀ। ਇੰਚਾਰਜ ਰਾਗੀ ਸਿੰਘਾਂ : 75280-13134 ਇੰਚਾਰਜ ਅਖੰਡਪਾਠਾਂ : 75280-13135

ਦਿਨੋਂ-ਦਿਨ ਪਿੰਡਾਂ ਵਿੱਚ ਗੁਰੂ ਸਾਹਿਬ ਦੇ ਨਿਰਾਦਰ ਦੀਆਂ ਵੱਧ ਰਹੀਆਂ ਘਟਨਾਵਾਂ ਚਿੰਤਾਜਨਕ

ਅੰਮ੍ਰਿਤਸਰ 3 ਸਤੰਬਰ (       ) ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹਲਕਾ ਸ੍ਰੀ ਹਰਗੋਬਿੰਦਪੁਰ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਕੀੜੀ ਅਫਗਾਨਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗਾਂ ਦੀ ਬੇਅਦਬੀ ਅਤੇ ਤਰਨਤਾਰਨ ਦੇ ਪਿੰਡ ਡਿਬੀਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਗੁਟਕਾ ਸਾਹਿਬ ਦੇ ੧੬ ਅੰਗ ਪਾੜੇ ਜਾਣ ਦੀਆਂ ਘਟਨਾਵਾਂ ਨੂੰ ਨਿੰਦਣਯੋਗ ਕਰਾਰ ਦਿੰਦਿਆਂ ਪ੍ਰਸ਼ਾਸਨ ਤੋਂ ਦੋਸ਼ੀਆਂ ਦੀ ਜਲਦ ਤੋਂ ਜਲਦ ਗ੍ਰਿਫਤਾਰੀ ਦੀ ਮੰਗ ਕੀਤੀ ਹੈ।ਉਨ੍ਹਾਂ ਕਿਹਾ ਕਿ ਪੰਜਾਬ ਦਾ ਸਮੁੱਚਾ ਪ੍ਰਸ਼ਾਸਨ ਆਪਣੀ ਜ਼ਿੰਮੇਵਾਰੀ ਵਿੱਚ ਢਿੱਲ ਨਾ ਵਰਤੇ।ਉਨ੍ਹਾਂ ਪੰਜਾਬ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਦਿਨੋਂ-ਦਿਨ ਵੱਧ ਰਹੀਆਂ ਘਟਨਾਵਾਂ ਦੁਖਦਾਈ ਤੇ ਸਹਿਣ ਤੋਂ ਬਾਹਰ ਹਨ।ਇਹ ਗੰਭੀਰ ਤੇ ਚਿੰਤਾਜਨਕ ਮਾਮਲਾ ਹੈ ਜਿਸ ‘ਤੇ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ।
ਇਥੋਂ ਜਾਰੀ ਪ੍ਰੈਸ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਸਾਂਝੀਵਾਲਤਾ ਤੇ ਸਰਬੱਤ ਦੇ ਭਲੇ ਦਾ ਸੰਦੇਸ਼ ਦੇਂਦੀ ਹੈ, ਪਰ ਕੁਝ ਸਿਰ ਫਿਰੇ ਵਿਅਕਤੀ ਬਾਰ-ਬਾਰ ਗੁਰੂ ਸਾਹਿਬ ਦਾ ਅਪਮਾਨ ਕਰਕੇ ਦੇਸ਼ ਦੀ ਸ਼ਾਂਤੀ ਨੂੰ ਲਾਂਬੂ ਲਾਉਣਾ ਚਾਹੁੰਦੇ ਹਨ, ਜੋ ਕਦਾਚਿਤ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਇਸ ਮੰਦਭਾਗੀ ਘਟਨਾ ਨਾਲ ਦੇਸ਼-ਵਿਦੇਸ਼ ਵਿਚ ਬੈਠੇ ਸਮੂੰਹ ਸਿੱਖ ਸਮੁਦਾਏ ਦੇ ਲੋਕਾਂ ਵਿੱਚ ਰੋਸ ਤੇ ਰੋਹ ਪਾਇਆ ਜਾ ਰਿਹਾ ਹੈ।ਉਨ੍ਹਾਂ ਪ੍ਰਸਾਸ਼ਨ ਨੂੰ ਅਪੀਲ ਕੀਤੀ ਕਿ ਉਹ ਇਸ ਘਟਨਾ ਦੀ ਬਾਰੀਕੀ ਨਾਲ ਜਾਂਚ ਕਰਦਿਆਂ ਦੋਸ਼ੀਆਂ ਖਿਲਾਫ ਕਾਨੂੰਨ ਅਨੁਸਾਰ ਸਖਤ ਤੋਂ ਸਖਤ ਕਾਰਵਾਈ ਕਰਨ।ਉਨ੍ਹਾਂ ਸਮੁੱਚੀਆਂ ਸਿੱਖ ਸੰਗਤਾਂ ਨੂੰ ਆਪਣੀ ਸਦਭਾਵਨਾ ਬਣਾਈ ਰੱਖਣ ਦੀ ਅਪੀਲ ਵੀ ਕੀਤੀ।
ਜਥੇਦਾਰ ਅਵਤਾਰ ਸਿੰਘ ਨੇ ਤਰਨ ਤਾਰਨ ਦੇ ਪਿੰਡ ਖਾਰਾ ਇੱਟਾ ਵਾਲਾ ਦੇ ਗੁਰਦੁਆਰਾ ਸਾਹਿਬ ਵਿਖੇ ਅਣਪਛਾਤੇ ਚੋਰਾਂ ਵੱਲੋਂ ਚੋਰੀ ਦੌਰਾਨ ਸੇਵਾਦਾਰ ਨੂੰ ਜਿਊਂਦਾ ਸਾੜਣ ਦੀ ਘਟਨਾ ਨੂੰ ਮੰਦਭਾਗੀ ਦੱਸਿਆ ਹੈ।ਉਨ੍ਹਾਂ ਕਿਹਾ ਕਿ ਪੰਜਾਬ ਦੇ ਹਾਲਾਤ ਬਦ ਤੋਂ ਬਦਤਰ ਹੋ ਗਏ ਹਨ ਤੇ ਅਜਿਹੀਆਂ ਕਾਰਵਾਈਆਂ ਨੂੰ ਅੰਜ਼ਾਮ ਦੇਣ ਵਾਲੇ ਅਨਸਰਾਂ ਨੂੰ ਕਾਨੂੰਨ ਦੀ ਕੋਈ ਪ੍ਰਵਾਹ ਨਹੀਂ ਰਹੀ ਜੋ ਚਿੰਤਾ ਦਾ ਵਿਸ਼ਾ ਹੈ।ਉਨ੍ਹਾਂ ਸਰਹਾਲੀ ਤੇ ਤਰਨਤਾਰਨ ਪੁਲਿਸ ਨੂੰ ਇਸ ਘਿਨਾਉਣੀ ਘਟਨਾ ਦੇ ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕਰਕੇ ਸਖਤ ਤੋਂ ਸਖਤ ਸਜ਼ਾ ਦੇਣ ਦੀ ਮੰਗ ਕੀਤੀ ਹੈ।