ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਬੁੱਧਵਾਰ, ੧੩ ਚੇਤ (ਸੰਮਤ ੫੫੭ ਨਾਨਕਸ਼ਾਹੀ) ੨੬ ਮਾਰਚ, ੨੦੨੫ (ਅੰਗ: ੭੦੬)

ਅੰਮ੍ਰਿਤਸਰ 17  ਅਗਸਤ – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬਟਾਲਾ ਦੇ ਪਿੰਡ ਮਰੜ ਨਵੀਂ ਪੱਤੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗਾਂ ਦੀ ਬੇਅਦਬੀ ਅਤੇ ਟਾਂਡਾ ਉੜਮੁੜ ਦੇ ਪਿੰਡ ਬਾਬਕ ਦੇ ਗੁਰਦੁਆਰਾ ਸਾਹਿਬ ਵਿਖੇ ਸਰਕਟ ਸ਼ਾਰਟ ਹੋਣ ਕਾਰਨ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਤਿੰਨ ਪਾਵਨ ਸਰੂਪ ਅਗਨ ਭੇਟ ਹੋ ਜਾਣ ਦੀਆਂ ਘਟਨਾਵਾਂ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।

ਇਥੋਂ ਜਾਰੀ ਪ੍ਰੈਸ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ ਪਾਵਨ ਬਾਣੀ ਸਮੁੱਚੀ ਲੋਕਾਈ ਨੂੰ ਸੇਧ ਦਿੰਦੀ ਹੈ, ਪ੍ਰੰਤੂ ਕੁਝ ਸ਼ਰਾਰਤੀ ਤੇ ਅਧਰਮੀ ਲੋਕ ਜਾਣ-ਬੁਝ ਕੇ ਅਜਿਹੀਆਂ ਹਿਰਦੇ ਵੇਦਕ ਘਟਨਾਵਾਂ ਨੂੰ ਅੰਜਾਮ ਦੇ ਕੇ ਪੰਜਾਬ ਦੇ ਸ਼ਾਂਤ ਮਾਹੌਲ ਨੂੰ ਖ਼ਰਾਬ ਕਰਨਾ ਚਾਹੁੰਦੇ ਹਨ।ਉਨ੍ਹਾਂ ਕਿਹਾ ਕਿ ਗੁਰੂ ਘਰ ਦੇ ਨਿੰਦਕਾਂ, ਦੋਖੀਆਂ ਤੇ ਸ਼ਰਾਰਤੀ ਲੋਕਾਂ ਵੱਲੋਂ ਬਾਰ-ਬਾਰ ਲੁਕਵੇਂ ਢੰਗ ਨਾਲ ਗੁਰੂ ਸਾਹਿਬ ਤੇ ਗੁਰਬਾਣੀ ਦਾ ਅਪਮਾਨ ਕਰਨਾ ਅਸਹਿਣਯੋਗ ਹੈ।ਉਨ੍ਹਾਂ ਕਿਹਾ ਕਿ ਅਜਿਹੇ ਲੋਕਾਂ ਦਾ ਪਤਾ ਲਗਾ ਕੇ ਉਨ੍ਹਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ।ਟਾਂਡਾ ਉੜਮੁੜ ਦੇ ਗੁਰਦੁਆਰਾ ਭਗਤ ਰਵਿਦਾਸ ਜੀ ਵਿਖੇ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਸਰਕਟ ਸ਼ਾਰਟ ਹੋ ਜਾਣ ਕਾਰਨ ਅਗਨ ਭੇਟ ਹੋਣ ਤੇ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਮੇਂ-ਸਮੇਂ ‘ਤੇ ਪ੍ਰਿੰਟ ਅਤੇ ਇਲੈਕਟ੍ਰੋਨਿਕ ਮਾਧਿਅਮ ਰਾਹੀਂ ਪਿੰਡਾਂ, ਸ਼ਹਿਰਾਂ ਦੀਆਂ ਗੁਰਦੁਆਰਾ ਕਮੇਟੀਆਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਪ੍ਰਤੀ ਅਵੇਸਲਾਪਨ ਛੱਡਣ ਲਈ ਕਿਹਾ ਜਾਂਦਾ ਹੈ, ਪ੍ਰੰਤੂ ਕਮੇਟੀਆਂ ਵੱਲੋਂ ਧਿਆਨ ਨਾ ਦਿੱਤਾ ਜਾਣਾ ਬੇਹੱਦ ਦੁੱਖਦਾਈ ਹੈ।ਉਨ੍ਹਾਂ ਇਕ ਵਾਰ ਫਿਰ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਤੇ ਸੰਗਤਾਂ ਨੂੰ ਅਗਾਊਂ ਸੁਚੇਤ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੁੱਖਆਸਨ ਅਸਥਾਨ ਤੇ ਵਾਇਰਿੰਗ ਵਾਸਤੇ ਵਧੀਆ ਕਿਸਮ ਦੀ ਤਾਰ, ਸਵਿਚ ਅਤੇ ਉਪਕਰਨ ਵਰਤੇ ਜਾਣ।ਉਨ੍ਹਾਂ ਕਿਹਾ ਕਿ ਇਨ੍ਹਾਂ ਹਿਰਦੇਵੇਦਕ ਘਟਨਾਵਾਂ ਨੂੰ ਰੋਕਣ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਬਿਜਲੀ ਨਾਲ ਚੱਲਣ ਵਾਲੇ ਉਪਕਰਨ ਤੋਂ ਥੋੜ੍ਹੀ ਦੂਰ ਰੱਖੇ ਜਾਣ ਤੇ ਸੁੱਖਆਸਨ ਕਰਨ ਤੋਂ ਬਾਅਦ ਬੰਦ ਕਰ ਦਿੱਤੇ ਜਾਣ ਤਾਂ ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਦਬ ਸਤਿਕਾਰ ਨੂੰ ਬਹਾਲ ਰੱਖਿਆ ਜਾ ਸਕੇ।ਉਨ੍ਹਾਂ ਗੁਰਦੁਆਰਾ ਕਮੇਟੀ ਦੇ ਪ੍ਰਬੰਧਕਾਂ ਨੂੰ ਤਾੜਨਾ ਕਰਦਿਆਂ ਕਿਹਾ ਕਿ ਅਗਾਂਹ ਤੋਂ ਕਿਸੇ ਗੁਰਦੁਆਰਾ ਸਾਹਿਬ ਅਜਿਹੀ ਘਟਨਾ ਵਾਪਰਦੀ ਹੈ ਤਾਂ ਉਸ ਲਈ ਉਥੋਂ ਦੀ ਕਮੇਟੀ ਜ਼ਿੰਮੇਵਾਰ ਹੋਵੇਗੀ ਤੇ ਉਸ ਵਿਰੁੱਧ ਕਾਨੂੰਨੀ ਅਤੇ ਧਾਰਮਿਕ ਕਾਰਵਾਈ ਹੋਵੇਗੀ।

ਜਥੇਦਾਰ ਅਵਤਾਰ ਸਿੰਘ ਨੇ ਸੰਗਰੂਰ ਦੇ ਪਿੰਡ ਮਹਿਲਾ ਚੌਕ ਵਿਖੇ ਕਿਸੇ ਸਿਰਫਿਰੇ ਵੱਲੋਂ ਕੁਰਾਨ ਸ਼ਰੀਫ ਦੇ ਪੱਤਰੇ ਪਾੜ ਕੇ ਸੁੱਟਣ ਦੀ ਘਟਨਾ ਦੀ ਵੀ ਨਿਖੇਧੀ ਕਰਦਿਆਂ ਗ੍ਰਿਫਤਾਰ ਕੀਤੇ ਗਏ ਦੋਸ਼ੀ ਨੂੰ ਸਖਤ ਸਜ਼ਾ ਦੇਣ ਦੀ ਮੰਗ ਕੀਤੀ ਹੈ।ਉਨ੍ਹਾਂ ਕਿਹਾ ਕਿ ਸਿੱਖ ਧਰਮ ਸਾਰੇ ਧਰਮਾਂ ਤੇ ਪਵਿੱਤਰ ਗ੍ਰੰਥਾਂ ਦਾ ਸਤਿਕਾਰ ਕਰਦਾ ਹੈ।ਇਸ ਲਈ ਕਿਸੇ ਵੀ ਪਾਵਨ-ਪਵਿੱਤਰ ਗ੍ਰੰਥ ਦੀ ਬੇਅਦਬੀ ਕਰਨ ਵਾਲੇ ਨੂੰ ਕਦਾਚਿਤ ਵੀ ਮੁਆਫ਼ ਨਹੀਂ ਕਰਨਾ ਚਾਹੀਦਾ।