ਅੰਮ੍ਰਿਤਸਰ 22 ਜੁਲਾਈ ( ) ਸਿੱਖ ਧਰਮ ਦੇ ਮੋਢੀ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਨਵੰਬਰ 2016 ਨੂੰ ਮਨਾਉਣ ਤੇ ਹੋਰ ਗੁਰਧਾਮਾਂ ਦੇ ਦਰਸ਼ਨਾਂ ਲਈ ਪਾਕਿਸਤਾਨ ਜਥੇ ‘ਚ ਜਾਣ ਦੇ ਚਾਹਵਾਨ ਸ਼ਰਧਾਲੂ ਆਪਣੇ ਹਲਕਾ ਮੈਂਬਰ ਸ਼੍ਰੋਮਣੀ ਕਮੇਟੀ ਦੀ ਸਿਫਾਰਸ਼ ਸਹਿਤ 25 ਜੁਲਾਈ 2016 ਤੀਕ ਆਪਣੇ ਪਾਸਪੋਰਟ ਦਫ਼ਤਰ ਸ਼੍ਰੋਮਣੀ ਕਮੇਟੀ ਦੇ ਯਾਤਰਾ ਵਿਭਾਗ ਵਿਖੇ ਜਮ੍ਹਾਂ ਕਰਵਾਉਣ।
ਇਥੋਂ ਜਾਰੀ ਪ੍ਰੈਸ ਬਿਆਨ ‘ਚ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਕਿਹਾ ਕਿ ਜਿਹੜੇ ਯਾਤਰੂ ਮਹੀਨਾ ਨਵੰਬਰ 2016 ‘ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਸਿੱਖ ਗੁਰਧਾਮਾਂ ਦੇ ਦਰਸ਼ਨ ਕਰਨ ਲਈ ਜਾਣਾ ਚਾਹੁੰਦੇ ਹਨ ਉਹ ਆਪਣੇ-ਆਪਣੇ ਪਾਸਪੋਰਟ, ਸ਼ਨਾਖ਼ਤ ਲਈ ਵੋਟਰ ਕਾਰਡ/ਰਾਸ਼ਨ ਕਾਰਡ ਜਾਂ ਅਧਾਰ ਕਾਰਡ ਸਮੇਤ ਦਫ਼ਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਯਾਤਰਾ ਵਿਭਾਗ ਵਿਖੇ 25 ਜੁਲਾਈ 2016 ਤੀਕ ਜਮ੍ਹਾਂ ਕਰਵਾਉਣ ਤਾਂ ਜੋ ਵੀਜ਼ਾ ਲੱਗਣ ਲਈ ਉਨ੍ਹਾਂ ਦੇ ਪਾਸਪੋਰਟ ਸੂਚੀ ‘ਚ ਸ਼ਾਮਲ ਕਰਕੇ ਅਗਲੇਰੀ ਕਾਰਵਾਈ ਲਈ ਪੰਜਾਬ ਸਰਕਾਰ ਨੂੰ ਭੇਜੇ ਜਾ ਸਕਣ।
ਸ. ਬੇਦੀ ਨੇ ਕਿਹਾ ਕਿ ਸ਼ਰਧਾਲੂ ਹੋਰ ਕਿਸੇ ਵੀ ਕਿਸਮ ਦੀ ਜਾਣਕਾਰੀ ਹਾਸਲ ਕਰਨ ਲਈ ਦਫਤਰ ਸ਼੍ਰੋਮਣੀ ਕਮੇਟੀ ਦੇ ਟੈਲੀਫੋਨ ਨੰ: 0183-2553957,58, 59 ਐਕਸਟੈਂਸ਼ਨ 249 ‘ਤੇ ਸੰਪਰਕ ਕਰ ਸਕਦੇ ਹਨ।