ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਆਸਾ ਮਹਲਾ ੫ ॥ ਦਿਨੁ ਰਾਤਿ ਕਮਾਇਅੜੋ ਸੋ ਆਇਓ ਮਾਥੈ ॥ ਜਿਸੁ ਪਾਸਿ ਲੁਕਾਇਦੜੋ ਸੋ ਵੇਖੀ ਸਾਥੈ ॥ ਬੁੱਧਵਾਰ, ੧੮ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੩੦ ਅਪ੍ਰੈਲ, ੨੦੨੫ (ਅੰਗ: ੪੬੧)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 30 ਮਈ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

ਅਹਿਮਦਾਬਾਦ ਵਿਖੇ ੨੪ ਫ਼ਰਵਰੀ ਨੂੰ ਹੋਵੇਗਾ ਵਿਸ਼ਾਲ ਗੁਰਮਤਿ ਸਮਾਗਮ


ਅੰਮ੍ਰਿਤਸਰ, ੧੫ ਜਨਵਰੀ- ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਜਰਾਤ ਦੀ ਸਿੱਖ ਸੰਗਤ ਅਤੇ ਉਥੋਂ ਦੀ ਸੂਬਾ ਸਰਕਾਰ ਵੱਲੋਂ ੨੪ ਫ਼ਰਵਰੀ ਨੂੰ ਇਕ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ। ਇਹ ਸਮਾਗਮ ਗੁਜਰਾਤ ਦੇ ਸ਼ਹਿਰ ਅਹਿਮਦਾਬਾਦ ਵਿਖੇ ਹੋਵੇਗਾ। ਇਸ ਸਬੰਧ ਵਿਚ ਘੱਟਗਿਣਤੀ ਕਮਿਸ਼ਨ ਗੁਜਰਾਤ ਦੀ ਚੇਅਰਪਰਸਨ ਅਤੇ ਗੁਰਮਤਿ ਸਮਾਗਮ ਦੀ ਕਨਵੀਨਰ ਬੀਬੀ ਪਰਮਜੀਤ ਕੌਰ ਛਾਬੜਾ, ਗੁਰੂ ਨਾਨਕ ਐਜੂਕੇਸ਼ਨ ਸੁਸਾਇਟੀ ਗੁਜਰਾਤ ਦੇ ਚੇਅਰਮੈਨ ਸ. ਹਰਭਜਨ ਸਿੰਘ, ਗੁਰਦੁਆਰਾ ਗੁਰੂ ਨਾਨਕ ਦਰਬਾਰ ਅਹਿਮਦਾਬਾਦ ਦੇ ਸਕੱਤਰ ਸ. ਰਜਿੰਦਰ ਸਿੰਘ ਅਤੇ ਗੁਰਦੁਆਰਾ ਸਾਹਿਬ ਬੇਟ ਦੁਆਰਕਾ ਦੇ ਟਰੱਸਟੀ ਸ. ਗੁਰਚਰਨ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨਾਲ ਮੁਲਾਕਾਤ ਕਰਕੇ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਡਾ. ਰੂਪ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੂੰ ਸਮਾਗਮ ਵਿਚ ਸ਼ਾਮਲ ਹੋਣ ਦਾ ਸੱਦਾ ਵੀ ਦਿੱਤਾ। ਡਾ. ਰੂਪ ਸਿੰਘ ਨੇ ਦੱਸਿਆ ਕਿ ਪਹਿਲੇ ਪਾਤਸ਼ਾਹ ਜੀ ਦਾ ੫੫੦ਵਾਂ ਪ੍ਰਕਾਸ਼ ਗੁਰਪੁਰਬ ਸਮੁੱਚੇ ਸਿੱਖ ਜਗਤ ਵੱਲੋਂ ਕੌਮਾਂਤਰੀ ਪੱਧਰ ‘ਤੇ ਮਨਾਇਆ ਜਾ ਰਿਹਾ ਹੈ ਅਤੇ ਇਸੇ ਸਬੰਧ ਵਿਚ ਹੀ ਵੱਖ-ਵੱਖ ਰਾਜਾਂ ਵਿਚ ਗੁਰਮਤਿ ਸਮਾਗਮ ਕੀਤੇ ਜਾ ਰਹੇ ਹਨ। ਉਨ੍ਹਾਂ ਗੁਜਰਾਤ ਸਰਕਾਰ ਵੱਲੋਂ ਕੀਤੇ ਜਾ ਰਹੇ ਗੁਰਮਤਿ ਸਮਾਗਮ ਲਈ ਹਰ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ ਦਿੱਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਮਨਜੀਤ ਸਿੰਘ ਬਾਠ, ਸ. ਅਵਤਾਰ ਸਿੰਘ ਸੈਂਪਲਾ ਤੇ ਸ. ਬਲਵਿੰਦਰ ਸਿੰਘ ਜੌੜਾਸਿੰਘਾ ਨੇ ਗੁਜਰਾਤ ਤੋਂ ਆਏ ਵਫ਼ਦ ਮੈਂਬਰਾਂ ਨੂੰ ਸਨਮਾਨਿਤ ਵੀ ਕੀਤਾ। ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਗੁਜਰਾਤ ਵਿਖੇ ਚੱਲ ਰਹੇ ਸਿੱਖ ਮਿਸ਼ਨ ਦੇ ਇੰਚਾਰਜ ਭਾਈ ਪਰਮਜੀਤ ਸਿੰਘ ਅਤੇ ਪ੍ਰਚਾਰਕ ਭਾਈ ਸ਼ਿਵਤਾਰ ਸਿੰਘ ਵੀ ਮੌਜੂਦ ਸਨ। ਇਸੇ ਦੌਰਾਨ ਗੁਜਰਾਤ ਤੋਂ ਪਹੁੰਚੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਦੀਦਾਰੇ ਵੀ ਕੀਤੇ।