** ਚੇਤਿ ਗੋਵਿੰਦੁ ਅਰਾਧੀਐ ਹੋਵੈ ਅਨੰਦੁ ਘਣਾ ॥ ਸੰਤ ਜਨਾ ਮਿਲਿ ਪਾਈਐ ਰਸਨਾ ਨਾਮੁ ਭਣਾ॥ ** ** ਸਮੁੱਚੀ ਨਾਨਕ ਨਾਮ ਲੇਵਾ ਸੰਗਤ ਨੂੰ ਚੇਤ ਸੰਗਰਾਂਦ ਦੇ ਪਵਿੱਤਰ ਦਿਹਾੜੇ ’ਤੇ ਨਵੇਂ ਨਾਨਕਸ਼ਾਹੀ ਵਰ੍ਹੇ ਸੰਮਤ 557 ਦੀਆਂ ਲੱਖ-ਲੱਖ ਵਧਾਈਆਂ **
ਸ਼ਬਦ ਗੁਰੂ ਯਾਤਰਾ ਗੁਰਦੁਆਰਾ ਜਨਮ ਅਸਥਾਨ ਬਾਬਾ ਦੀਪ ਸਿੰਘ ਜੀ ਪਹੂਵਿੰਡ ਤੋਂ ਅਗਲੇ ਪੜਾਅ ਲਈ ਰਵਾਨਾ


ਅੰਮ੍ਰਿਤਸਰ, ੧੦ ਜਨਵਰੀ– ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਅਰੰਭ ਕੀਤੀ ਗਈ ਸ਼ਬਦ ਗੁਰੂ ਯਾਤਰਾ ਅੱਜ ਚੌਥੇ ਦਿਨ ਗੁਰਦੁਆਰਾ ਜਨਮ ਅਸਥਾਨ ਬਾਬਾ ਦੀਪ ਸਿੰਘ ਜੀ ਪਹੂਵਿੰਡ ਤੋਂ ਅਗਲੇ ਪੜਾਅ ਲਈ ਰਵਾਨਾ ਹੋਈ। ਇਸ ਮੌਕੇ ਭਾਈ ਸਵਿੰਦਰ ਸਿੰਘ ਨੇ ਅਰੰਭਤਾ ਦੀ ਅਰਦਾਸ ਕੀਤੀ ਅਤੇ ਪਾਵਨ ਹੁਕਮਨਾਮਾ ਮੁੱਖ ਗ੍ਰੰਥੀ ਭਾਈ ਪ੍ਰਗਟ ਸਿੰਘ ਨੇ ਸੰਗਤ ਨੂੰ ਸਰਵਣ ਕਰਵਾਇਆ। ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦੇਣ ਮਗਰੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ ਨੇ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ। ਸ਼ਬਦ ਗੁਰੂ ਯਾਤਰਾ ਵਿਚ ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੇ ਵੀ ਹਾਜ਼ਰੀ ਭਰੀ। ਇਸ ਮੌਕੇ ਸੰਗਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ‘ਤੇ ਫੁੱਲਾਂ ਦੀ ਭਰਵੀਂ ਵਰਖਾ ਕੀਤੀ ਗਈ। ਇਸ ਤੋਂ ਇਲਾਵਾ ਵੱਖ-ਵੱਖ ਪੜਾਵਾਂ ‘ਤੇ ਸੰਗਤ ਨੇ ਭਰਵਾਂ ਸਵਾਗਤ ਕਰਦਿਆਂ ਜਿਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕੀਤੇ ਉਥੇ ਹੀ ਪੰਜ ਪਿਆਰੇ ਸਾਹਿਬਾਨ ਨੂੰ ਸਿਰੋਪਾਓ ਦਿੱਤੇ। ਆਰੰਭਤਾ ਸਮੇਂ ਵੱਖ-ਵੱਖ ਪ੍ਰਮੁੱਖ ਸ਼ਖ਼ਸੀਅਤਾਂ ਵਿਚ ਸਾਬਕਾ ਵਿਧਾਇਕ ਪ੍ਰੋ. ਵਿਰਸਾ ਸਿੰਘ ਵਲਟੋਹਾ, ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਕਰਨਲ ਜੀ. ਐਸ. ਸੰਧੂ, ਕੈਪਟਨ ਬਲਵੰਤ ਸਿੰਘ, ਸ. ਅਮਰਜੀਤ ਸਿੰਘ ਸਰਪੰਚ ਆਦਿ ਮੌਜੂਦ ਸਨ।
ਇਸ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਸੰਗਤ ਨਾਲ ਵਿਚਾਰ ਸਾਂਝੇ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਭਾਈ ਮਨਜੀਤ ਸਿੰਘ ਨੇ ਸ਼੍ਰੋਮਣੀ ਕਮੇਟੀ ਵੱਲੋਂ ੫੫੦ਵੇਂ ਪ੍ਰਕਾਸ਼ ਗੁਰਪੁਰਬ ਸਬੰਧੀ ਉਲੀਕੇ ਗਏ ਸਮਾਗਮਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਸਿੱਖਿਆਵਾਂ ਤੋਂ ਸਾਨੂੰ ਸੇਧ ਲੈਣੀ ਚਾਹੀਦੀ ਹੈ। ਇਸ ਮੌਕੇ ਸਾਬਕਾ ਵਿਧਾਇਕ ਪ੍ਰੋ. ਵਿਰਸਾ ਸਿੰਘ ਵਲਟੋਹਾ ਨੇ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਦੇ ਪ੍ਰਚਾਰ ਕਰਨ ਅਤੇ ਕੌਮ ਵਿਚ ਜਾਗਰਤੀ ਪੈਦਾ ਕਰਨ ਲਈ ਸ਼ਬਦ ਗੁਰੂ ਯਾਤਰਾ ਸ਼ੁਰੂ ਕਰਨ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਹਰ ਸਿੱਖ ਨੂੰ ਕੇਵਲ ਤੇ ਕੇਵਲ ਸ੍ਰੀ ਗੁਰੂ ਗ੍ਰੰਥ ਸਾਹਿਬ ਅੱਗੇ ਨਤਮਸਤਕ ਹੋਣਾ ਚਾਹੀਦਾ ਹੈ ਅਤੇ ਬਾਣੀ ਤੇ ਬਾਣੇ ਦੇ ਧਾਰਨੀ ਹੋਣਾ ਚਾਹੀਦਾ ਹੈ।
ਭਾਈ ਗੁਰਸੇਵਕ ਸਿੰਘ ਨੇ ਸੰਗਤ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ ਅਤੇ ਭਾਈ ਪ੍ਰਮਿੰਦਰ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ. ਕਰਮਬੀਰ ਸਿੰਘ ਮੀਤ ਸਕੱਤਰ, ਸਾਬਕਾ ਪ੍ਰਚਾਰਕ ਭਾਈ ਸੁਖਵੰਤ ਸਿੰਘ, ਭਾਈ ਕੁਲਵੰਤ ਸਿੰਘ ਗ੍ਰੰਥੀ ਤੇ ਭਾਈ ਚਰਨ ਸਿੰਘ, ਸ. ਹੀਰਾ ਸਿੰਘ ਮਨਿਹਾਰ, ਮੈਨੇਜਰ ਸ. ਧਰਮਿੰਦਰ ਸਿੰਘ ਤੇ ਸ. ਸਤਨਾਮ ਸਿੰਘ, ਸ. ਕਰਤਾਰ ਸਿੰਘ ਇੰਚਾਰਜ, ਸ. ਇਕਬਾਲ ਸਿੰਘ ਸੁਪਰਵਾਈਜ਼ਰ, ਸ. ਰੰਗਾ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤ ਮੌਜੂਦ ਸੀ।