ਪ੍ਰਬੰਧ ਨੂੰ ਮੁੱਖ ਰੱਖਦੇ ਹੋਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਇੰਚਾਰਜ ਅਖੰਡਪਾਠਾਂ ਅਤੇ ਇੰਚਾਰਜ ਰਾਗੀ ਸਿੰਘਾਂ ਨੂੰ ਨੰਬਰ ਜਾਰੀ ਕੀਤੇ ਗਏ ਹਨ ਕਿਰਪਾ ਕਰਕੇ ਅੱਗੇ ਤੋਂ ਆਪ ਜੀ ਇਹਨਾਂ ਨੰਬਰਾਂ ਤੇ ਸੰਪਰਕ ਕਰਨ ਦੀ ਕ੍ਰਿਪਾਲਤਾ ਕਰਨੀ ਜੀ। ਇੰਚਾਰਜ ਰਾਗੀ ਸਿੰਘਾਂ : 75280-13134 ਇੰਚਾਰਜ ਅਖੰਡਪਾਠਾਂ : 75280-13135
ਸਾਰਾਗੜ੍ਹੀ ਦੀ ਜੰਗ ‘ਚ ਸ਼ਹੀਦ ਹੋਏ ਸਿੱਖ ਫੌਜੀਆਂ ਦੀ ਯਾਦ ‘ਚ ਕੀਤਾ ਜਾਵੇਗਾ ਵਿਸ਼ਾਲ ਧਾਰਮਿਕ ਸਮਾਗਮ
ਸਿੱਖ ਰੈਸਲਰ ਇੰਦਰਪ੍ਰੀਤ ਸਿੰਘ ਤੇ ਕ੍ਰਿਕਟ ਖਿਡਾਰਨ ਹਰਮਨਪ੍ਰੀਤ ਕੌਰ ਨੂੰ ਮਿਲੇਗਾ ਇੱਕ-ਇੱਕ ਲੱਖ ਰੁਪਿਆ


ਆਲਮਗੀਰ/ਲੁਧਿਆਣਾ, ੨੨ ਜੁਲਾਈ (         )-  ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ੨੦੧੯ ਵਿਚ ਆ ਰਹੇ ੫੫੦ ਸਾਲਾ ਪ੍ਰਕਾਸ਼ ਪੁਰਬ ਮੌਕੇ ਕਰਵਾਏ ਜਾਣ ਵਾਲੇ ਸਮਾਗਮਾਂ ਦੀ ਰੂਪ-ਰੇਖਾ ਤਿਆਰ ਕਰਨ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਅੱਜ ਇਥੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਆਲਮਗੀਰ ਵਿਖੇ ਕੀਤੀ ਗਈ ਧਰਮ ਪ੍ਰਚਾਰ ਕਮੇਟੀ ਦੀ ਮੀਟਿੰਗ ਵਿਚ ਨੌਂ ਮੈਬਰੀ ਕਮੇਟੀ ਦਾ ਗਠਨ ਕੀਤਾ ਗਿਆ। ਇਕੱਤਰਤਾ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ੫੫੦ ਸਾਲਾ ਪ੍ਰਕਾਸ਼ ਪੁਰਬ ਸਮੁੱਚੇ ਵਿਸ਼ਵ ਦੀ ਸੰਗਤ ਵੱਲੋਂ ਕੌਮਾਂਤਰੀ ਪੱਧਰ ‘ਤੇ ਪਹਿਲੇ ਪਾਤਸ਼ਾਹ ਜੀ ਨਾਲ ਸਬੰਧਤ ਅਸਥਾਨ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਖਾਲਸਾਈ ਜਾਹੋ ਜਲਾਲ ਨਾਲ ਮਨਾਇਆ ਜਾਵੇਗਾ, ਜਿਸ ਦੀਆਂ ਤਿਆਰੀਆਂ ਸਬੰਧੀ ਵਿਚਾਰ ਵਟਾਂਦਰੇ ਤੋਂ ਬਾਅਦ ਇੱਕ ਕਮੇਟੀ ਬਣਾਈ ਗਈ ਹੈ। ਇਹ ਕਮੇਟੀ ਸਥਾਨਕ ਪੱਧਰ ਤੇ ਵੱਖ-ਵੱਖ ਨੁਮਾਇੰਦਿਆਂ ਨਾਲ ਗੱਲਬਾਤ ਕਰ ਕੇ ਆਪਣੀ ਮੁਕੰਮਲ ਰਿਪੋਰਟ ਦੇਵੇਗੀ ਜਿਸ ਅਨੁਸਾਰ ਹੋਣ ਵਾਲੇ ਧਾਰਮਿਕ ਸਮਾਗਮਾਂ ਸਬੰਧੀ ਅਗਲੇ ਪ੍ਰਬੰਧ ਕੀਤੇ ਜਾਣਗੇ। ਪ੍ਰੋ. ਬਡੂੰਗਰ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਦਸ ਗੁਰੂ ਸਾਹਿਬਾਨ ਦੇ ਜੀਵਨ ਫਲਸਫੇ ਨੂੰ ਸੰਗਤਾਂ ਤਕ ਪਹੁੰਚਾਉਣ ਲਈ ਵੱਡੀ ਪੱਧਰ ਤੇ ਕਿਤਾਬਚੇ ਛਾਪ ਕੇ ਭੇਟਾ ਰਹਿਤ ਵੰਡਣ ਦਾ ਵੀ ਫੈਸਲਾ ਕੀਤਾ ਗਿਆ ਹੈ।
ਇਕੱਤਰਤਾ ਵਿਚ ਲਏ ਗਏ ਹੋਰ ਫੈਸਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਸਾਰਾਗੜ੍ਹੀ ਦੀ ਜੰਗ ਦੌਰਾਨ ਸ਼ਹੀਦ ਹੋਏ ੩੬ ਸਿੱਖ ਬਟਾਲੀਅਨ ਦੇ ਸਿੱਖ ਫੌਜੀਆਂ ਦੀ ਯਾਦ ਨੂੰ ਸਮਰਪਿਤ ੧੨ ਸਤੰਬਰ ਨੂੰ ਗੁਰਦੁਆਰਾ ਗੁਰੂਸਰ ਵਜੀਦਪੁਰ (ਫਿਰੋਜਪੁਰ) ਵਿਖੇ ਵਿਸ਼ਾਲ ਸਮਾਗਮ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਜਲੰਧਰ ਦੇ ਵਸਨੀਕ ਗੁਰਸਿੱਖ ਰੈਸਲਰ ਕਾਕਾ ਇੰਦਰਪ੍ਰੀਤ ਸਿੰਘ (ਸੁੱਪਰ ਖਾਲਸਾ) ਜਿਸ ਨੇ ਸਿੱਖਾਂ ਦੀ ਸ਼ਾਨ ਵਧਾਈ ਹੈ, ਨੂੰ ਰੈਸਲਿੰਗ ਟ੍ਰੇਨਿੰਗ ਜਾਰੀ ਰੱਖਣ ਲਈ ਇੱਕ ਲੱਖ ਰੁਪਏ ਦੀ ਸ਼ਹਾਇਤਾ ਦਿੱਤੀ ਜਾਵੇਗੀ। ਇਸੇ ਤਰ੍ਹਾਂ ਮੋਗਾ ਦੀ ਰਹਿਣ ਵਾਲੀ ਬੀਬਾ ਹਰਮਨਪ੍ਰੀਤ ਕੌਰ ਜਿਸ ਨੇ ਭਾਰਤੀ ਕ੍ਰਿਕਟ ਟੀਮ ਵਿਚ ਸ਼ਾਮਲ ਹੋ ਕੇ ਚੱਲ ਰਹੇ ਮਹਿਲਾ ਵਰਲਡ ਕੱਪ ਦੌਰਾਨ ਅਸਟ੍ਰੇਲੀਆ ਖਿਲਾਫ ਖੇਡ ਕੇ ਵਧੀਆ ਪ੍ਰਦ੍ਰਸ਼ਨ ਕਰਦਿਆਂ ਦੇਸ਼, ਸੂਬੇ ਅਤੇ ਕੌਮ ਦਾ ਨਾਂ ਦੁਨੀਆਂ ਭਰ ਵਿਚ ਰੌਸ਼ਨ ਕੀਤਾ ਹੈ। ਉਸ ਨੂੰ ਵੀ ਸ਼੍ਰੋਮਣੀ ਕਮੇਟੀ ਵੱਲੋਂ ਇੱਕ ਲੱਖ ਰੁਪਏ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਇਕੱਤਰਤਾ ਵਿਚ ਉੱਤਰ ਪ੍ਰਦੇਸ਼ ਦੇ ਫਿਮਡ ਜਵਾਨਾ, ਮਾਲ ਮਾਜ਼ਰਾ ਵਿਖੇ ਸਿਕਲੀਗਰ ਸਿੱਖਾਂ ਵੱਲੋਂ ਉਸਾਰੇ ਜਾ ਰਹੇ ਗੁਰਦੁਆਰਾ ਸਾਹਿਬ ਲਈ ਇੱਕ ਲੱਖ ਰੁਪਏ ਅਤੇ ਅੰਮ੍ਰਿਤਸਰ ਸਥਿਤ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦਰਵਾਜੇ ਦੀ ਉਸਾਰੀ ਲਈ ਵੀ ਇੱਕ ਲੱਖ ਰੁਪਏ ਸਹਾਇਤਾ ਦੇਣ ਦੀ ਪ੍ਰਵਾਨਗੀ ਦਿੱਤੀ ਗਈ।
ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਚੱਲਦੇ ਸਕੂਲਾਂ-ਕਾਲਜਾਂ ਨਾਲ ਸਬੰਧਤ ਵਿਦਿਆ ਕਮੇਟੀ ਦੀ ਹੋਈ ਇਕੱਤਰਤਾ ਵਿਚ ਸ਼੍ਰੋਮਣੀ ਕਮੇਟੀ ਦੇ ਡਾਇਰੈਕਟੋਰੇਟ ਸਿੱਖਿਆ ਨੂੰ ਸਥਾਈ ਰੂਪ ਦੇਣ ਲਈ ਇੱਕ ਦਸ ਮੈਂਬਰੀ ਕਮੇਟੀ ਬਣਾਈ ਗਈ। ਇਸ ਇਕੱਤਰਤਾ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਸਕੂਲਾਂ ਕਾਲਜਾਂ ਦੀਆਂ ਖਾਲਸਾਈ ਖੇਡਾਂ ੨੦੧੭ ਇਸ ਵਰ੍ਹੇ ਮਾਤਾ ਗੁਜਰੀ ਕਾਲਜ ਫਤਹਿਗੜ੍ਹ ਸਾਹਿਬ ਵਿਖੇ ਕਰਵਾਉਣ ਦਾ ਫੈਸਲਾ ਕੀਤਾ ਗਿਆ। ਸ਼੍ਰੋਮਣੀ ਕਮੇਟੀ ਅਧਨਿ ਚੱਲਦੇ ਏਡਡ ਵਿਦਿਅਕ ਅਦਾਰਿਆਂ ਦੇ ਸਟਾਫ ਨੂੰ ੭ ਫੀਸਦੀ ਮਹਿਗਾਈ ਭੱਤਾ ਦੇਣ ਦੀ ਪ੍ਰਵਾਨਗੀ ਦੇਣ ਤੇ ਵੀ ਮਹਿਰ ਲਗਾਈ ਗਈ। ਇਸ ਤੋਂ ਇਲਾਵਾ ਖਾਲਸਾ ਕਾਲਜ ਗੜ੍ਹਦੀਵਾਲਾ ਵਿਖਲ਼ੇ ਮਲਟੀਪਰਪਜ ਹਾਲ ਬਣਾਉਣ ਦਾ ਵੀ ਫੈਸਲਾ ਹੋਇਆ। ਪ੍ਰੋ. ਬਡੂੰਗਰ ਨੇ ਦੱਸਿਆ ਕਿ ਸਕੂਲਾਂ ਕਾਲਜਾਂ ਦੇ ਬੱਚਿਆਂ ਦੀ ਸਹੂਲਤ ਲਈ ਮਘ ਅਨੁਸਾਰ ਬੱਸਾਂ ਜਨਰੇਟਰ ਅਤੇ ਹੋਰ ਸਮਾਨ ਖ੍ਰੀਦਣ ਨੂੰ ਵੀ ਮਨਜੂਰੀ ਦਿੱਤੀ ਗਈ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਾਇਮਪੁਰ, ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ, ਜਨਰਲ ਸਕੱਤਰ ਸ. ਅਮਰਜੀਤ ਸਿੰਘ ਚਾਵਲਾ, ਸ. ਅਜਾਇਬ ਸਿੰਘ ਅਭਿਆਸੀ, ਸ. ਅਵਤਾਰ ਸਿੰਘ ਵਣਵਾਲਾ, ਸ. ਰਾਮਪਾਲ ਸਿੰਘ ਬਹਿਣੀਵਾਲ, ਸ. ਪ੍ਰਿਤਪਾਲ ਸਿੰਘ, ਸ. ਤਜਿੰਦਰਪਾਲ ਸਿੰਘ, ਸ. ਸੁਖਵਰਸ਼ ਸਿੰਘ, ਸ. ਮਨਜੀਤ ਸਿੰਘ ਬੱਪੀਆਣਾ, ਸ. ਚਰਨ ਸਿੰਘ ਆਲਮਗੀਰ, ਸ. ਹਰਪਾਲ ਸਿੰਘ ਜੱਲਾ, ਸ. ਹਰਚਰਨ ਸਿੰਘ ਮੁੱਖ ਸਕੱਤਰ, ਸ. ਸੁਖਦੇਵ ਸਿੰਘ ਭੁਰਾ ਕੋਹਨਾ ਤੇ ਮਹਿੰਦਰ ਸਿੰਘ ਆਹਲੀ ਐਡੀ. ਸਕੱਤਰ, ਸ. ਸਿਮਰਜੀਤ ਸਿੰਘ ਤੇ ਸ. ਜਗਜੀਤ ਸਿੰਘ ਜੱਗੀ ਮੀਤ ਸਕੱਤਰ, ਡਾ. ਧਰਮਿੰਦਰ ਸਿੰਘ ਉੱਭਾ ਡਾਇਰੈਕਟਰ, ਸ. ਭਗਵੰਤ ਸਿੰਘ ਧੰਗੇੜਾ ਨਿੱਜੀ ਸਹਾਇਕ, ਡਾ. ਜਤਿੰਦਰ ਸਿੰਘ ਸਿੱਧੂ, ਪ੍ਰਿੰਸੀਪਲ ਸਤਵੰਤ ਕੌਰ ਡਿਪਟੀ ਡਾਇਰੈਕਟਰ, ਡਾ. ਕੁਲਦੀਪ ਕੌਰ, ਸ. ਨਿਸ਼ਾਨ ਸਿੰਘ ਜਫਰਵਾਲ ਮੈਨੇਜਰ ਆਦਿ ਹਾਜ਼ਰ ਸਨ।