
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਜੇ.ਆਈ.ਐਸ. ਯੂਨੀਵਰਸਿਟੀ ਕਲਕੱਤਾ ਵੱਲੋਂ ਕਲਕੱਤਾ ਦੀ ਨੈਸ਼ਨਲ ਲਾਇਬ੍ਰੇਰੀ ਵਿਖੇ ਸਾਂਝੇ ਤੌਰ ’ਤੇ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਦੌਰਾਨ ਵਿਸ਼ੇਸ਼ ਬੁਲਾਰਿਆਂ ਵਜੋਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਾਬਕਾ ਵੀ.ਸੀ. ਡਾ. ਜਸਪਾਲ ਸਿੰਘ ਅਤੇ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਸ. ਤਰਲੋਚਨ ਸਿੰਘ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਆਪਣੇ ਸੰਬੋਧਨ ਦੌਰਾਨ ਡਾ. ਰੂਪ ਸਿੰਘ ਨੇ ਆਖਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਸਰਬਸਾਂਝੀ ਵਿਚਾਰਧਾਰਾ ਮਨੁੱਖੀ ਜੀਵਨ ਦੇ ਵਿਕਾਸ ਲਈ ਬੇਹਤਰ ਅਗਵਾਈ ਕਰਦੀ ਹੈ, ਕਿਉਂਕਿ ਮਨੁੱਖ ਦੀਆਂ ਹਰ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਗੁਰੂ ਸਾਹਿਬ ਨੇ ਆਪਣੀ ਬਾਣੀ ਅੰਦਰ ਦਰਸਾਇਆ ਹੈ।
