ਸ਼੍ਰੋਮਣੀ ਕਮੇਟੀ ਵੱਲੋਂ ਅੰਮ੍ਰਿਤਸਰ ਦੀਆਂ ਗੁਰਦੁਆਰਾ ਕਮੇਟੀਆਂ ਦੇ ਨੁਮਾਇੰਦਿਆਂ ਨਾਲ ਇਕੱਤਰਤਾ
ਅੰਮ੍ਰਿਤਸਰ, ੨੭ ਅਗਸਤ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੰਮ੍ਰਿਤਸਰ ਸ਼ਹਿਰ ਦੇ ਵੱਖ ਵੱਖ ਗੁਰਦੁਆਰਾ ਸਾਹਿਬਾਨ ਦੀਆਂ ਕਮੇਟੀਆਂ ਦੇ ਨੁਮਾਇੰਦਿਆਂ ਤੇ ਸਭਾ-ਸੁਸਾਇਟੀਆਂ ਨਾਲ ਇਕੱਤਰਤਾ ਕਰ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਅਤੇ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕਰਵਾਏ ਜਾਣ ਵਾਲੇ ਸਮਾਗਮਾਂ ਨੂੰ ਯਾਦਗਾਰੀ ਬਣਾਉਣ ਲਈ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ ਤੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਇਕੱਤਰਤਾ ਵਿਚ ਸਭਾ ਸੁਸਾਇਟੀਆਂ ਦੇ ਨੁਮਾਇੰਦਿਆਂ ਨੂੰ ਸਮਾਗਮਾਂ ਦੀ ਰੂਪ ਰੇਖਾ ਤੋਂ ਜਾਣੂ ਕਰਵਾਇਆ ਅਤੇ ਸਹਿਯੋਗ ਦੀ ਅਪੀਲ ਕੀਤੀ, ਜਿਸ ‘ਤੇ ਹਾਜ਼ਰ ਸ਼ਖਸੀਅਤਾਂ ਨੇ ਜੈਕਾਰਿਆਂ ਦੀ ਗੂੰਜ ਵਿਚ ਹਰ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ ਦਿੱਤਾ। ਡਾ. ਰੂਪ ਸਿੰਘ ਨੇ ਦੱਸਿਆ ਕਿ ਇਸ ਵਾਰ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਸਜਾਏ ਜਾਣ ਵਾਲੇ ਨਗਰ ਕੀਰਤਨ ਦੇ ਰੂਟ ਦਾ ਪਹਿਲਾਂ ਨਾਲੋਂ ਵਿਸਥਾਰ ਕਰਨ ਲਈ ਵਿਚਾਰ ਕੀਤਾ ਜਾ ਰਿਹਾ ਹੈ, ਤਾਂ ਜੋ ਵੱਧ ਤੋਂ ਵੱਧ ਸੰਗਤਾਂ ਨਗਰ ਕੀਰਤਨ ਦੇ ਦਰਸ਼ਨ ਕਰ ਸਕਣ। ਉਨ੍ਹਾਂ ਗੁਰੂ ਘਰਾਂ ਦੀਆਂ ਕਮੇਟੀਆਂ ਤੇ ਸਭਾ-ਸੁਸਾਇਟੀਆਂ ਨੂੰ ਅਪੀਲ ਕੀਤੀ ਕਿ ਨਗਰ ਕੀਰਤਨ ਵਿਚ ਸ਼ਮੂਲੀਅਤ ਦੇ ਨਾਲ ਨਾਲ ਨਗਰ ਕੀਰਤਨ ਤੋਂ ਬਾਅਦ ਸਾਫ਼ ਸਫ਼ਾਈ ਵੱਲ ਉਚੇਚਾ ਧਿਆਨ ਦਿੱਤਾ ਜਾਵੇ। ਡਾ .ਰੂਪ ਸਿੰਘ ਨੇ ਦੱਸਿਆ ਕਿ ਇਸ ਵਾਰ ਜਿਥੇ ਸ਼ਹਿਰ ਦੇ ਹਰ ਸਕੂਲ, ਕਾਲਜ, ਸਭਾ ਸੁਸਾਇਟਆਂ ਨਾਲ ਨਿੱਜੀ ਤੌਰ ‘ਤੇ ਸੰਪਰਕ ਕਰ ਕੇ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਵਿਚ ਸ਼ਾਮਲ ਹੋਣ ਲਈ ਕਿਹਾ ਜਾਵੇਗਾ ਉਥੇ ਹੀ ਸ਼ਹਿਰ ਵਾਸੀਆਂ ਨੂੰ ਸਮਗਾਮਾਂ ਵਿਚ ਹਾਜ਼ਰੀ ਭਰਨ ਲਈ ਪ੍ਰੇਰਤ ਕਰਨ ਲਈ ਬੇਨਤੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਹਰ ਵਾਰ ਦੀ ਤਰ੍ਹਾਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਰਾਗ ਦਰਬਾਰ ਦੇ ਨਾਲ ਇਸ ਵਾਰ ਸੰਗਤਾਂ ਸ੍ਰੀ ਗੁਰੂ ਰਾਮਦਾਸ ਜੀ ਦੀ ਬਾਣੀ ‘ਤੇ ਅਧਾਰਿਤ ਪੜਤਾਲ ਗਾਇਨ ਕੀਰਤਨ ਸਮਾਗਮ ਦਾ ਵੀ ਅਨੰਦ ਮਾਣ ਸਕਣਗੀਆਂ। ਉਨ੍ਹਾਂ ਗੁਰੂ ਘਰਾਂ ਤੇ ਸਭਾ ਸੁਸਾਇਟੀਆਂ ਦੇ ਅਹੁਦੇਦਾਰਾਂ ਨੂੰ ਕਿਹਾ ਕਿ ਉਹ ਗੁਰਪੁਰਬ ਮੌਕੇ ਸੰਗਤਾਂ ਨੂੰ ਵਾਤਾਵਰਣ ਦੀ ਸ਼ੁਧਤਾ ਲਈ ਬੂਟੇ ਲਗਾਉਣ ਦੇ ਨਾਲ ਨਾਲ ਗੁਰਪੁਰਬ ਸਮੇਂ ਘਿਉ ਦੇ ਦੀਵੇ ਬਾਲਣ ਲਈ ਪ੍ਰੇਰਤ ਕਰਨ। ਉਨ੍ਹਾਂ ਕਿਹਾ ਕਿ ਗੁਰਪੁਰਬ ਸਮਾਗਮਾਂ ਨੂੰ ਯਾਦਗਾਰੀ ਬਣਾਉਣ ਲਈ ਕੋਈ ਕਸਰ ਨਹੀਂ ਰਹਿਣ ਦਿੱਤੀ ਜਾਵੇਗੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਬਾਵਾ ਸਿੰਘ ਗੁਮਾਨਪੁਰਾ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਭਾਈ ਰਾਜਿੰਦਰ ਸਿੰਘ ਮਹਿਤਾ, ਸਕੱਤਰ ਸ. ਦਿਲਜੀਤ ਸਿੰਘ ਬੇਦੀ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾ ਕੋਹਨਾ, ਸ. ਪ੍ਰਤਾਪ ਸਿੰਘ, ਮੈਨੇਜਰ ਸ. ਮੁਖਤਾਰ ਸਿੰਘ, ਸ਼ਹਿਰ ਦੇ ਗੁਰਦੁਆਰਾ ਸਾਹਿਬਾਨ ਦੀਆਂ ਕਮੇਟੀਆਂ ਦੇ ਨੁਮਾਇੰਦਿਆਂ ਅਤੇ ਪ੍ਰਮੁੱਖ ਸ਼ਖਸੀਅਤਾਂ ਵਿੱਚੋਂ ਸ. ਅਵਤਾਰ ਸਿੰਘ ਟਰੱਕਾਂ ਵਾਲੇ, ਸ. ਚਰਨ ਸਿੰਘ, ਸ. ਬਲਤੇਜ ਸਿੰਘ, ਸ. ਜਸਬੀਰ ਸਿੰਘ, ਸ. ਸਤਬੀਰ ਸਿੰਘ, ਸ. ਸਰਵਣ ਸਿੰਘ, ਸ. ਜਗਜੀਤ ਸਿੰਘ, ਸ. ਸੁਖਦੇਵ ਸਿੰਘ ਔਜਲਾ, ਸ. ਲਖਬੀਰ ਸਿੰਘ ਧੰਜੂ, ਸ. ਨਿਰਵੈਲ ਸਿੰਘ, ਸ. ਜਗਦੀਸ਼ ਸਿੰਘ ਵਡਾਲਾ, ਸ. ਗੁਰਮੀਤ ਸਿੰਘ ਠੇਕੇਦਾਰ, ਸ. ਜਗਜੀਤ ਸਿੰਘ ਸੋਹਲ, ਸ. ਅਜੈਬ ਸਿੰਘ, ਸ. ਹਰਦੀਪ ਸਿੰਘ, ਸ. ਤਰਲੋਕ ਸਿੰਘ, ਸ. ਤਰਲੋਚਨ ਸਿੰਘ ਘਈ (ਛੇਹਰਟਾ), ਸ. ਬਲਵੰਤ ਸਿੰਘ, ਸ. ਰਛਪਾਲ ਸਿੰਘ, ਸ. ਵਰਿੰਦਰ ਸਿੰਘ, ਸ. ਜਤਿੰਦਰਬੀਰ ਸਿੰਘ ਆਦਿ ਮੌਜੂਦ ਸਨ।