** ਚੇਤਿ ਗੋਵਿੰਦੁ ਅਰਾਧੀਐ ਹੋਵੈ ਅਨੰਦੁ ਘਣਾ ॥ ਸੰਤ ਜਨਾ ਮਿਲਿ ਪਾਈਐ ਰਸਨਾ ਨਾਮੁ ਭਣਾ॥ ** ** ਸਮੁੱਚੀ ਨਾਨਕ ਨਾਮ ਲੇਵਾ ਸੰਗਤ ਨੂੰ ਚੇਤ ਸੰਗਰਾਂਦ ਦੇ ਪਵਿੱਤਰ ਦਿਹਾੜੇ ’ਤੇ ਨਵੇਂ ਨਾਨਕਸ਼ਾਹੀ ਵਰ੍ਹੇ ਸੰਮਤ 557 ਦੀਆਂ ਲੱਖ-ਲੱਖ ਵਧਾਈਆਂ **

ਅੰਮ੍ਰਿਤਸਰ, ੯ ਅਗਸਤ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਗੁਰੂ ਰਾਮਦਾਸ ਇੰਸਟੀਟਿਊਟ ਆਫ ਮੈਡੀਕਲ ਸਾਇੰਸਜ਼ ਅਤੇ ਯੂਨੀਵਰਸਿਟੀ ਦੀ ਕੰਟੀਨ ਵਿਚ ਮਾਸਾਹਾਰੀ ਭੋਜਨ ਸਬੰਧੀ ਮਾਮਲੇ ਦੀ ਪੜਤਾਲ ਕਰਵਾਏਗੀ। ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਇਕ ਸਬ-ਕਮੇਟੀ ਦਾ ਗਠਨ ਕੀਤਾ ਹੈ, ਜਿਸ ਵਿਚ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਸੁਰਜੀਤ ਸਿੰਘ ਭਿੱਟੇਵਡ, ਮੈਂਬਰ ਸ. ਹਰਜਾਪ ਸਿੰਘ ਸੁਲਤਾਨਵਿੰਡ, ਸਕੱਤਰ ਡਾ. ਰੂਪ ਸਿੰਘ ਨੂੰ ਸ਼ਾਮਲ ਕੀਤਾ ਗਿਆ ਹੈ ਅਤੇ ਇਸ ਕਮੇਟੀ ਨੂੰ ਸ. ਹਰਭਜਨ ਸਿੰਘ ਮਨਾਵਾਂ ਵਧੀਕ ਸਕੱਤਰ ਕੋਆਰਡੀਨੇਟ ਕਰਨਗੇ।
ਸ਼੍ਰੋਮਣੀ ਕਮੇਟੀ ਦਫਤਰ ਤੋਂ ਜਾਰੀ ਬਿਆਨ ਵਿਚ ਪ੍ਰਧਾਨ ਪ੍ਰੋ: ਬਡੂੰਗਰ ਨੇ ਆਖਿਆ ਕਿ ਸਾਹਮਣੇ ਆਏ ਇਸ ਮਾਮਲੇ ਸਬੰਧੀ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਵੱਲੋਂ ਮਾਮਲੇ ਦੀ ਪੜਤਾਲ ਲਈ ਆਦੇਸ਼ ਕੀਤਾ ਗਿਆ ਹੈ, ਜਿਸ ‘ਤੇ ਅਮਲ ਕਰਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਪੜਤਾਲ ਕਰਵਾਈ ਜਾਵੇਗੀ। ਪ੍ਰੋ: ਬਡੂੰਗਰ ਨੇ ਕਿਹਾ ਕਿ ਬਣਾਈ ਗਈ ਸਬ-ਕਮੇਟੀ ਨੂੰ ੧੫ ਦਿਨਾਂ ਦੇ ਅੰਦਰ-ਅੰਦਰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਰਿਪੋਰਟ ਪੇਸ਼ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਆਖਿਆ ਕਿ ਇਸ ਬਾਰੇ ਦਫਤਰੀ ਹੁਕਮ ਜਾਰੀ ਕਰ ਦਿੱਤੇ ਗਏ ਹਨ।

ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਜ਼ਮੀਨ ਮਾਮਲੇ ‘ਚ ਕਮੇਟੀ ਬਣਾਈ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਜ਼ਮੀਨ ਮਾਮਲੇ ਵਿਚ ਪੜਤਾਲ ਕਰਨ ਲਈ ਸਬ-ਕਮੇਟੀ ਗਠਿਤ ਕਰ ਦਿੱਤੀ ਹੈ। ਇਸ ਕਮੇਟੀ ਵਿਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਾਇਮਪੁਰ, ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ, ਅੰਤ੍ਰਿੰਗ ਕਮੇਟੀ ਮੈਂਬਰ ਸ. ਨਿਰਮਲ ਸਿੰਘ ਹਰਿਆਓ, ਸ. ਸੁਰਜੀਤ ਸਿੰਘ ਕਾਲਾਬੂਲਾ, ਸ. ਕੁਲਵੰਤ ਸਿੰਘ ਮੰਨਣ, ਮੈਂਬਰ ਬੀਬੀ ਰਣਜੀਤ ਕੌਰ ਮਾਹਿਲਪੁਰ, ਸਕੱਤਰ ਡਾ. ਰੂਪ ਸਿੰਘ ਤੇ ਮੀਤ ਸਕੱਤਰ ਸ. ਸਕੱਤਰ ਸਿੰਘ (ਕੋਆਰਡੀਨੇਟਰ) ਨੂੰ ਸ਼ਾਮਲ ਕੀਤਾ ਹੈ। ਪ੍ਰੋ: ਬਡੂੰਗਰ ਨੇ ਇਸ ਕਮੇਟੀ ਨੂੰ ਇੱਕ ਮਹੀਨੇ ਦੇ ਅੰਦਰ-ਅੰਦਰ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ। ਦੱਸਣਯੋਗ ਹੈ ਕਿ ਬੀਤੇ ਕੱਲ੍ਹ ਸਿੱਖ ਗੁਰਦੁਆਰਾ ਜੁਡੀਸ਼ਲ ਕਮਿਸ਼ਨ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਜ਼ਮੀਨ ਮਾਮਲੇ ਵਿਚ ਕਮੇਟੀ ਗਠਿਤ ਕਰਨ ਲਈ ਕਿਹਾ ਗਿਆ ਸੀ।