ਅੰਮ੍ਰਿਤਸਰ 12 ਜੁਲਾਈ – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਮੀਰੀ-ਪੀਰੀ ਧਾਰਨ ਦਿਵਸ 14 ਜੁਲਾਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੰਗਤਾਂ ਦੇ ਸਹਿਯੋਗ ਸਦਕਾ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ।
ਇਥੋਂ ਜਾਰੀ ਪ੍ਰੈਸ ਬਿਆਨ ‘ਚ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 12 ਜੁਲਾਈ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋ ਗਏ ਹਨ, ਜਿਨ੍ਹਾਂ ਦੇ ਭੋਗ 14 ਜੁਲਾਈ ਨੂੰ ਸਵੇਰੇ 9:00 ਵਜੇ ਪੈਣਗੇ। ਉਪਰੰਤ ਧਾਰਮਿਕ ਦੀਵਾਨ ਸੱਜਣਗੇ, ਜਿਸ ਵਿੱਚ ਰਾਗੀ ਤੇ ਢਾਡੀ ਜਥੇ ਕੀਰਤਨ ਤੇ ਬੀਰ-ਰਸੀ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ।
ਸ. ਬੇਦੀ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ-ਪੀਰੀ ਧਾਰਨ ਦਿਵਸ ਮੌਕੇ ਪਰਿਵਾਰਾਂ ਸਮੇਤ ਗੁਰੂ-ਘਰ ਹਾਜ਼ਰੀਆਂ ਭਰ ਕੇ ਆਪਣਾ ਜੀਵਨ ਸਫਲਾ ਕਰਨ।