ਭਗਤ ਕਬੀਰ ਜੀ ਦਾ ਜਨਮ ਦਿਹਾੜਾ ਅੱਜ ਮਨਾਇਆ ਜਾਵੇਗਾ
ਅੰਮ੍ਰਿਤਸਰ, 08 ਜੂਨ- ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਬਿਬੇਕਸਰ ਸਾਹਿਬ, ਸ੍ਰੀ ਅੰਮ੍ਰਿਤਸਰ ਵਿਖੇ ੧੦ ਜੂਨ ਨੂੰ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਡੀਸ਼ਨਲ ਸਕੱਤਰ ਸ. ਸੁਖਦੇਵ ਸਿੰਘ ਭੂਰਾ ਕੋਹਨਾ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਦੀ ਅਗਵਾਈ ਵਿਚ ਛੇਵੇਂ ਪਾਤਸ਼ਾਹ ਜੀ ਦੇ ਜਨਮ ਅਸਥਾਨ ਗੁਰਦੁਆਰਾ ਗੁਰੂ ਕੀ ਵਡਾਲੀ ਵਿਖੇ ੧੦ ਜੂਨ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਜਾਵੇਗਾ। ਇਸੇ ਤਰ੍ਹਾਂ ਗੁਰੂ ਸਾਹਿਬ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਸ੍ਰੀ ਬਿਬੇਕਸਰ ਸਾਹਿਬ ਵਿਖੇ ਸ੍ਰੀ ਅਖੰਡਪਾਠ ਸਾਹਿਬ ਆਰੰਭ ਕਰਵਾਏ ਗਏ ਜਿਨ੍ਹਾਂ ਦੇ ਭੋਗ ੧੦ ਜੂਨ ਦਿਨ ਸ਼ਨੀਵਾਰ ਨੂੰ ਸਵੇਰੇ ੭:੦੦ ਵਜੇ ਪਾਏ ਜਾਣਗੇ। ਉਪਰੰਤ ਹਜ਼ੂਰੀ ਰਾਗੀ ਜਥਿਆਂ ਵੱਲੋਂ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਏ ਹੁਕਮਨਾਮੇ ਦੀ ਕਥਾ ਸਵੇਰੇ ੮:੦੦ ਵਜੇ ਤੋਂ ੯:੩੦ ਵਜੇ ਤਕ ਹੋਵੇਗੀ। ਇਸੇ ਦਿਨ ਸ਼ਾਮ ਨੂੰ ਮਹਾਨ ਗੁਰਮਤਿ ਸਮਾਗਮ ਰਾਤ ੧੦:੦੦ ਵਜੇ ਤੋਂ ੧੨:੦੦ ਵਜੇ ਤਕ ਕਰਵਾਇਆ ਜਾਵੇਗਾ, ਜਿਸ ਵਿਚ ਪੰਥ ਪ੍ਰਸਿੱਧ ਰਾਗੀ ਜਥੇ, ਢਾਡੀ, ਕਵੀਸ਼ਰ ਗੁਰਬਾਣੀ ਕੀਰਤਨ ਤੇ ਗੁਰਮਤਿ ਵਿਚਾਰ ਸੰਗਤਾਂ ਨੂੰ ਸਰਵਣ ਕਰਾਉਣਗੇ। ਅਰਦਾਸ ਉਪਰੰਤ ਫੁੱਲਾਂ ਦੀ ਵਰਖਾ ਹੋਵੇਗੀ ਅਤੇ ਮਨਮੋਹਕ ਆਤਿਸ਼ਬਾਜ਼ੀ ਚਲਾਈ ਜਾਵੇਗੀ। ਸ. ਭੂਰਾ ਨੇ ਦੱਸਿਆ ਕਿ ਸ਼੍ਰੋਮਣੀ ਭਗਤ ਕਬੀਰ ਜੀ ਦੇ ਜਨਮ ਦਿਹਾੜੇ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਰਖਵਾਏ ਗਏ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ੯ ਜੂਨ ਦਿਨ ਸ਼ੁੱਕਰਵਾਰ ਨੂੰ ਸਵੇਰੇ ੧੦:੦੦ ਵਜੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ, ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ਪਾਏ ਜਾਣਗੇ।