ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਸੋਮਵਾਰ, ੨੩ ਹਾੜ (ਸੰਮਤ ੫੫੭ ਨਾਨਕਸ਼ਾਹੀ) ੭ ਜੁਲਾਈ, ੨੦੨੫ (ਅੰਗ: ੭੦੯)

ਅੰਮ੍ਰਿਤਸਰ, 10 ਅਕਤੂਬਰ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਰਸਤਿਆਂ ਦੀ ਸਾਫ਼ ਸਫਾਈ ਵੱਲ ਪ੍ਰਸ਼ਾਸਨ ਨੂੰ ਵਿਸ਼ੇਸ਼ ਧਿਆਨ ਦੇਣ ਲਈ ਕਿਹਾ ਹੈ। ਇਸ ਸਬੰਧੀ ਗੱਲ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੂਰੇ ਵਿਸ਼ਵ ਦੇ ਲੋਕਾਂ ਲਈ ਆਸਥਾ ਦਾ ਕੇਂਦਰ ਹੈ। ਦੇਸ਼ ਵਿਦੇਸ਼ ਦੀਆਂ ਸੰਗਤਾਂ ਵੱਡੀ ਗਿਣਤੀ ਵਿਚ ਇਥੇ ਨਤਮਸਤਕ ਹੋਣ ਪੁੱਜਦੀਆਂ ਹਨ ਅਤੇ ਅੰਮ੍ਰਿਤਸਰ ਸਥਿਤ ਇਤਿਹਾਸਕ ਅਸਥਾਨਾਂ ਦੀ ਯਾਤਰਾ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਸਾਹਿਬ ਨੂੰ ਆਉਂਦੇ ਰਸਤਿਆਂ ਦੀ ਹਾਲਤ ਤਰਸਯੋਗ ਬਣੀ ਹੋਈ ਹੈ। ਸੁਲਤਾਨਵਿੰਡ ਗੇਟ ਤੋਂ ਬਜ਼ਾਰ ਕਹੀਆਂ ਵਾਲਾ ਦਾ ਰਸਤਾ ਕਈ ਥਾਵਾਂ ਤੋਂ ਟੁੱਟਿਆ ਹੋਇਆ ਹੈ ਅਤੇ ਦੋਹੀਂ ਪਾਸੀ ਪਾਣੀ ਦੀ ਨਿਕਾਸੀ ਵਾਲਾ ਨਾਲਾ ਬਾਹਰ ਵਹਿ ਰਿਹਾ ਹੈ। ਉਨ੍ਹਾਂ ਕਿਹਾ ਕਿ ਰਸਤੇ ਵਿਚ ਗੰਦਗੀ ਕਾਰਨ ਜਿਥੇ ਬਦਬੂ ਆਉਂਦੀ ਹੈ, ਉਥੇ ਹੀ ਜਾਮ ਲੱਗਣ ਕਰਕੇ ਸੰਗਤਾਂ ਨੂੰ ਭਾਰੀ ਮੁਸ਼ਕਲ ਪੇਸ਼ ਆਉਂਦੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਨੂੰ ਆਉਂਦੇ ਰਸਤਿਆਂ ’ਤੇ ਸੀਵਰੇਜ ਬੰਦ ਹੋਣ ਕਾਰਨ ਵੀ ਬਜ਼ਾਰਾਂ ਵਿਚ ਪਾਣੀ ਖੜ੍ਹ ਜਾਂਦਾ ਹੈ, ਜੋ ਸੰਗਤਾਂ ਲਈ ਭਾਰੀ ਮੁਸ਼ਕਲ ਦਾ ਕਾਰਨ ਬਣਦਾ ਹੈ।
ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਕਈ ਵਾਰ ਸਰਕਾਰ ਅਤੇ ਪ੍ਰਸ਼ਾਸਨ ਨੂੰ ਪੱਤਰ ਲਿਖੇ ਗਏ ਹਨ ਅਤੇ ਅਧਿਕਾਰੀਆਂ ਨੂੰ ਟੈਲੀਫੋਨ ਕਰਕੇ ਵੀ ਇਸ ਪਾਸੇ ਧਿਆਨ ਦੇਣ ਲਈ ਕਿਹਾ ਗਿਆ ਹੈ। ਪਰੰਤੂ ਪ੍ਰਸ਼ਾਸਨ ਤੇ ਸਰਕਾਰ ਵੱਲੋਂ ਇਸ ਪਾਸੇ ਧਿਆਨ ਨਹੀਂ ਦਿੱਤਾ ਜਾਂਦਾ। ਸ਼੍ਰੋਮਣੀ ਕਮੇਟੀ ਸਕੱਤਰ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਦੁਨੀਆਂ ਭਰ ਤੋਂ ਸ਼ਰਧਾਲੂ ਆਉਂਦੇ ਹਨ ਅਤੇ ਸਰਕਾਰ ਨੂੰ ਚਾਹੀਦਾ ਹੈ ਕਿ ਸ੍ਰੀ ਦਰਬਾਰ ਸਾਹਿਬ ਨੂੰ ਆਉਂਦੇ ਰਸਤਿਆਂ ਵੱਲ ਵਿਸ਼ੇਸ਼ ਧਿਆਨ ਦੇਵੇ, ਤਾਂ ਜੋ ਸ਼ਰਧਾਲੂ ਇਥੋਂ ਚੰਗਾ ਸੁਨੇਹਾ ਲੈ ਕੇ ਜਾਣ।