

ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵਾਤਾਵਰਨ ਦੀ ਸਾਂਭ-ਸੰਭਾਲ ਅਤੇ ਸ਼ੁੱਧਤਾ ਲਈ ਲਗਾਤਾਰ ਯਤਨ ਕਰ ਰਹੀ ਹੈ। ਸ੍ਰੀ ਦਰਬਾਰ ਸਾਹਿਬ ਵਿਖੇ ਗੁਰੂ ਕਾ ਬਾਗ ਵੀ ਇਸੇ ਦਾ ਹੀ ਹਿੱਸਾ ਹੈ। ਡਾ. ਰੂਪ ਸਿੰਘ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਦੇ ਫੈਸਲੇ ਅਨੁਸਾਰ ਸ਼੍ਰੋਮਣੀ ਕਮੇਟੀ ਨਾਲ ਸਬੰਧਤ ਇਤਿਹਾਸਕ ਗੁਰਦੁਆਰਿਆਂ ਅੰਦਰ ਵੀ ਇੱਕ-ਇੱਕ ਏਕੜ ਵਿਚ ਜੰਗਲ ਸਥਾਪਿਤ ਕੀਤੇ ਜਾ ਰਹੇ ਹਨ। ਜਿਨ੍ਹਾਂ ਵਿਚ ਵਿਰਾਸਤੀ ਬੂਟੇ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਤੇ ਗੁਰਦੁਆਰਾ ਬਾਬਾ ਬੀਰ ਸਿੰਘ ਰੱਤੋਕੇ ਵਿਖੇ ਬੂਟੇ ਲਗਾ ਕੇ ਇਸ ਕਾਰਜ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਗੁਰੂ ਘਰ ਪੁੱਜਦੀਆਂ ਸੰਗਤਾਂ ਇਥੋਂ ਸੇਧ ਪ੍ਰਾਪਤ ਕਰ ਕੇ ਆਪਣੇ ਘਰਾਂ ਅੰਦਰ ਵੱਧ ਤੋਂ ਵੱਧ ਹਰਿਆਵਲ ਭਰਪੂਰ ਅਤੇ ਸੁਗੰਧੀ ਵਾਲੇ ਬੂਟੇ ਲਗਾਉਣ। ਉਨ੍ਹਾਂ ਸੰਗਤ ਨੂੰ ਸੁਨੇਹਾ ਦਿੱਤਾ ਕਿ ਉਹ ਵੱਧ ਤੋਂ ਵੱਧ ਬੂਟੇ ਲਗਾਉਣ, ਤਾਂ ਜੋ ਕੁਦਰਤੀ ਵਾਤਾਵਰਨ ਬਰਕਰਾਰ ਰਹੇ।