ਪ੍ਰਬੰਧ ਨੂੰ ਮੁੱਖ ਰੱਖਦੇ ਹੋਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਇੰਚਾਰਜ ਅਖੰਡਪਾਠਾਂ ਅਤੇ ਇੰਚਾਰਜ ਰਾਗੀ ਸਿੰਘਾਂ ਨੂੰ ਨੰਬਰ ਜਾਰੀ ਕੀਤੇ ਗਏ ਹਨ ਕਿਰਪਾ ਕਰਕੇ ਅੱਗੇ ਤੋਂ ਆਪ ਜੀ ਇਹਨਾਂ ਨੰਬਰਾਂ ਤੇ ਸੰਪਰਕ ਕਰਨ ਦੀ ਕ੍ਰਿਪਾਲਤਾ ਕਰਨੀ ਜੀ। ਇੰਚਾਰਜ ਰਾਗੀ ਸਿੰਘਾਂ : 75280-13134 ਇੰਚਾਰਜ ਅਖੰਡਪਾਠਾਂ : 75280-13135
ਅੰਮ੍ਰਿਤਸਰ, 18 ਅਕਤੂਬਰ-
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਨਜ਼ਦੀਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੁਖਆਸਨ ਵਾਸਤੇ ਅਸਥਾਨ ਦੀ ਤਿਆਰੀ ਕਰਵਾਈ ਗਈ ਹੈ, ਜਿਸ ਵਿਚ ਅੱਜ ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਸੁਸ਼ੋਭਿਤ ਕੀਤੇ ਗਏ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਜਿਥੇ ਰੋਜ਼ਾਨਾ ਵੱਡੀ ਗਿਣਤੀ ’ਚ ਸੰਗਤ ਨਤਮਸਤਕ ਹੁੰਦੀ ਹੈ, ਉਥੇ ਹੀ ਬਹੁਤ ਸਾਰੀਆਂ ਸੰਗਤਾਂ ਦੀ ਇਸ ਪਾਵਨ ਅਸਥਾਨ ’ਤੇ ਸ੍ਰੀ ਅਖੰਡ ਪਾਠ ਸਾਹਿਬ ਕਰਵਾਉਣ ਦੀ ਵੀ ਭਾਵਨਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਖੰਡ ਪਾਠ ਸਾਹਿਬ ਦੀ ਸੰਪੂਰਨਤਾ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਸੁਖਆਸਨ ਕਰ ਲਈ ਕਮਰਿਆਂ ਦਾ ਨਵੀਨੀਕਰਨ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਇਸ ਕਾਰਜ ਦੀ ਸੇਵਾ ਸ. ਪ੍ਰਭਜੋਤ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਕਰਵਾਈ ਗਈ ਹੈ। ਇਸ ਤੋਂ ਪਹਿਲਾਂ ਵੀ ਇਸ ਪਰਿਵਾਰ ਨੇ ਸਮੇਂ-ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੇਵਾਵਾਂ ਵਿਚ ਹਿੱਸਾ ਪਾਇਆ ਹੈ। ਇਸੇ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ. ਪ੍ਰਭਜੋਤ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਸਮੇਂ-ਸਮੇਂ ’ਤੇ ਕੀਤੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਗਿਆਨੀ ਸੁਲਤਾਨ ਸਿੰਘ ਨੇ ਸ. ਪ੍ਰਭਜੋਤ ਸਿੰਘ ਤੇ ਸ. ਸੁਰਿੰਦਰਪਾਲ ਸਿੰਘ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ, ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ. ਗੁਰਮੀਤ ਸਿੰਘ ਬੂਹ, ਸ. ਬਲਦੇਵ ਸਿੰਘ ਕਲਿਆਣ, ਸ. ਜਗਸੀਰ ਸਿੰਘ ਮਾਂਗੇਆਣਾ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸਕੱਤਰ ਸ. ਪ੍ਰਤਾਪ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਕੁਲਵਿੰਦਰ ਸਿੰਘ ਰਮਦਾਸ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਸ. ਪ੍ਰਭਜੋਤ ਸਿੰਘ, ਸ. ਸੁਰਿੰਦਰਪਾਲ ਸਿੰਘ, ਸ. ਇੰਦਰਪਾਲ ਸਿੰਘ, ਸ. ਜਸਬੀਰ ਸਿੰਘ ਘੁੰਮਣ, ਸੁਪ੍ਰਡੰਟ ਸ. ਨਿਸ਼ਾਨ ਸਿੰਘ, ਮੈਨੇਜਰ ਸ. ਨਰਿੰਦਰ ਸਿੰਘ, ਸ. ਸਤਨਾਮ ਸਿੰਘ ਰਿਆੜਾ, ਸ. ਇਕਬਾਲ ਸਿੰਘ, ਸ. ਬਿਕਰਮਜੀਤ ਸਿੰਘ ਝੰਗੀ, ਸ. ਗੁਰਿੰਦਰ ਸਿੰਘ ਦੇਵੀਦਾਸਪੁਰਾ, ਸ. ਯੁਵਰਾਜ ਸਿੰਘ ਅਤੇ ਹੋਰ ਮੌਜੂਦ ਸਨ।