ਪ੍ਰਬੰਧ ਨੂੰ ਮੁੱਖ ਰੱਖਦੇ ਹੋਏ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਇੰਚਾਰਜ ਅਖੰਡਪਾਠਾਂ ਅਤੇ ਇੰਚਾਰਜ ਰਾਗੀ ਸਿੰਘਾਂ ਨੂੰ ਨੰਬਰ ਜਾਰੀ ਕੀਤੇ ਗਏ ਹਨ ਕਿਰਪਾ ਕਰਕੇ ਅੱਗੇ ਤੋਂ ਆਪ ਜੀ ਇਹਨਾਂ ਨੰਬਰਾਂ ਤੇ ਸੰਪਰਕ ਕਰਨ ਦੀ ਕ੍ਰਿਪਾਲਤਾ ਕਰਨੀ ਜੀ। ਇੰਚਾਰਜ ਰਾਗੀ ਸਿੰਘਾਂ : 75280-13134 ਇੰਚਾਰਜ ਅਖੰਡਪਾਠਾਂ : 75280-13135

ਨਗਰ ਕੀਰਤਨ ‘ਚ ਉਤਸ਼ਾਹ ਨਾਲ ਹਿੱਸਾ ਲੈ ਕੇ ਸੰਗਤ ਨੇ ਪ੍ਰਗਟਾਈ ਸ਼ਰਧਾ

ਅੰਮ੍ਰਿਤਸਰ, ੧੩ ਅਗਸਤ- ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਪੰਜ ਤਖ਼ਤ ਸਾਹਿਬਾਨ ਲਈ ਸਜਾਏ ਗਏ ਅੰਤਰਰਾਸ਼ਟਰੀ ਨਗਰ ਕੀਰਤਨ ਪ੍ਰਤੀ ਸੰਗਤਾਂ ਵਿਚ ਭਾਰੀ ਉਤਸ਼ਾਹ ਹੈ ਅਤੇ ਉਹ ਥਾਂ-ਥਾਂ ‘ਤੇ ਨਗਰ ਕੀਰਤਨ ਦੇ ਸਵਾਗਤ ਲਈ ਵੱਡੀ ਗਿਣਤੀ ਵਿਚ ਪੁੱਜ ਰਹੀਆਂ ਹਨ। ਅੱਜ ਜਿਉਂ ਹੀ ਨਗਰ ਕੀਰਤਨ ਹਰਿਆਣਾ ਦੇ ਗੁਰਦੁਅਰਾ ਸਾਹਿਬ ਕਪਾਲ ਮੋਚਨ ਬਿਲਾਸਪੁਰ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ ਤਾਂ ਹਜ਼ਾਰਾਂ ਸੰਗਤਾਂ ਨੇ ਸ਼ਰਧਾ ਤੇ ਸਤਿਕਾਰ ਨਾਲ ਸ਼ਮੂਲੀਅਤ ਕੀਤੀ। ਇਸ ਮੌਕੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਹਰਪਾਲ ਸਿੰਘ ਨੇ ਅਰਦਾਸ ਕੀਤੀ ਅਤੇ ਸੰਗਤਾਂ ਨੂੰ ਪਾਵਨ ਹੁਕਮਨਾਮਾ ਵੀ ਸਰਵਣ ਕਰਵਾਇਆ। ਆਰੰਭਤਾ ਤੋਂ ਪਹਿਲਾਂ ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਵੀ ਭੇਟ ਕੀਤੇ ਗਏ। ਕਪਾਲ ਮੋਚਨ ਤੋਂ ਨਗਰ ਕੀਰਤਨ ਦੀ ਅੱਗੇ ਰਵਾਨਗੀ ਸਮੇਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਬਲਦੇਵ ਸਿੰਘ ਕਾਇਮਪੁਰ, ਬੀਬੀ ਮਨਜੀਤ ਕੌਰ ਗਧੌਲਾ, ਮੀਤ ਸਕੱਤਰ ਸ. ਕਰਮਬੀਰ ਸਿੰਘ ਕਿਆਮਪੁਰ, ਇੰਚਾਰਜ ਸ. ਗੁਰਦਿਆਲ ਸਿੰਘ, ਸ. ਪਰਮਜੀਤ ਸਿੰਘ ਤੇ ਸ. ਮੰਗਪ੍ਰੀਤ ਸਿੰਘ, ਸੁਪਰਵਾਈਜ਼ਰ ਸ. ਗੁਰਿੰਦਰ ਸਿੰਘ ਦੇਵੀਦਾਸਪੁਰ, ਬਾਬਾ ਸੁੱਖਾ ਸਿੰਘ, ਸ. ਲਾਜਵੰਤ ਸਿੰਘ, ਸ. ਜਸਵੰਤ ਸਿੰਘ ਮੰਧਾਰ, ਸ. ਅਮਰਜੀਤ ਸਿੰਘ ਮੰਗੀ, ਸ. ਪ੍ਰਮਿੰਦਰ ਸਿੰਘ ਕੋਤਰਖਾਨਾ, ਸ. ਅਮਰਜੀਤ ਸਿੰਘ ਵਕੀਲ, ਸ. ਬਲਜੀਤ ਸਿੰਘ ਮੰਧਾਰ, ਸ. ਤੇਜਾ ਸਿੰਘ ਬਿਲਾਸਪੁਰ, ਸ. ਸੁਰਿੰਦਰ ਸਿੰਘ ਬਲਾਚੋਰ ਆਦਿ ਮੌਜੂਦ ਸਨ।
ਇਸੇ ਦੌਰਾਨ ਨਗਰ ਕੀਰਤਨ ਦਾ ਕਪਾਲ ਮੋਚਨ ਤੋਂ ਅੱਗੇ ਵੱਖ-ਵੱਖ ਥਾਵਾਂ ‘ਤੇ ਸੰਗਤਾਂ ਨੇ ਫੁੱਲਾਂ ਦੀ ਵਰਖਾ ਕਰਕੇ ਸਵਾਗਤ ਕੀਤਾ। ਪੰਜ ਪਿਆਰੇ ਅਤੇ ਨਿਸ਼ਾਨਚੀ ਸਿੰਘਾਂ ਨੂੰ ਸੰਗਤਾਂ ਨੇ ਸਿਰੋਪਾਓ ਵੀ ਭੇਟ ਕੀਤੇ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਲਈ ਰੁਮਾਲਾ ਸਾਹਿਬ ਭੇਟ ਕਰਕੇ ਸ਼ਰਧਾ ਪ੍ਰਗਟਾਈ। ਸੰਗਤਾਂ ਵੱਲੋਂ ਵੱਖ-ਵੱਖ ਥਾਵਾਂ ‘ਤੇ ਲੰਗਰ ਲਗਾਏ ਗਏ ਅਤੇ ਗਤਕਾ ਅਤੇ ਬੈਂਡ ਪਾਰਟੀਆਂ ਵੱਲੋਂ ਵੀ ਨਗਰ ਕੀਰਤਨ ਦੀ ਸ਼ੋਭਾ ਵਧਾਈ ਗਈ।