ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਆਸਾ ਮਹਲਾ ੫ ॥ ਦਿਨੁ ਰਾਤਿ ਕਮਾਇਅੜੋ ਸੋ ਆਇਓ ਮਾਥੈ ॥ ਜਿਸੁ ਪਾਸਿ ਲੁਕਾਇਦੜੋ ਸੋ ਵੇਖੀ ਸਾਥੈ ॥ ਬੁੱਧਵਾਰ, ੧੮ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੩੦ ਅਪ੍ਰੈਲ, ੨੦੨੫ (ਅੰਗ: ੪੬੧)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 30 ਮਈ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

ਸ੍ਰੀ ਨਨਕਾਣਾ ਸਾਹਿਬ ਵਿਖੇ ਹੀ ਭਾਈ ਮਰਦਾਨਾ ਜੀ ਦੇ ਨਾਮ ’ਤੇ ਗੁਰਬਾਣੀ ਸੰਗੀਤ ਅਕੈਡਮੀ ਸਥਾਪਤ ਕਰਨ ਨੂੰ ਪ੍ਰਵਾਨਗੀ
ਸ਼੍ਰੋਮਣੀ ਕਮੇਟੀ ਵੱਲੋਂ ਕੁਲਦੀਪ ਨਈਅਰ ਤੋਂ ਸਨਮਾਨ ਵਾਪਸ ਲੈਣ ਦਾ ਫੈਸਲਾ
ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਲਏ ਅਹਿਮ ਫੈਸਲੇ
ਫਤਹਿਗੜ੍ਹ ਸਾਹਿਬ, 10 ਅਕਤੂਬਰ (             ) – ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਪ੍ਰੋ: ਕਿਰਪਾਲ ਸਿੰਘ ਬਡੂੰਗਰ ਦੀ ਅਗਵਾਈ ਵਿਚ ਹੋਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਨੇ ਅੱਜ ਅਹਿਮ ਫੈਸਲੇ ਕਰਦਿਆਂ ਜਿਥੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਸਿੱਖ ਅਜਾਇਬ ਘਰ ਬਣਾਉਣ ਦਾ ਫੈਸਲਾ ਕੀਤਾ ਉਥੇ ਹੀ ਸ੍ਰੀ ਨਨਕਾਣਾ ਸਾਹਿਬ ਵਿਖੇ ਬੱਚਿਆਂ ਨੂੰ ਗੁਰਮਤਿ ਸੰਗੀਤ ਦੀ ਸਿਖਲਾਈ ਦੇਣ ਲਈ ਭਾਈ ਮਰਦਾਨਾ ਜੀ ਦੇ ਨਾਮ ’ਤੇ ਗੁਰਬਾਣੀ ਸੰਗੀਤ ਅਕੈਡਮੀ ਸਥਾਪਤ ਕਰਨ ਨੂੰ ਵੀ ਪ੍ਰਵਾਨਗੀ ਦਿੱਤੀ। ਇਸ ਤੋਂ ਇਲਾਵਾ ਜੂਨ 1984 ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਕੀਤੇ ਗਏ ਫੌਜੀ ਹਮਲੇ ਦੌਰਾਨ ਸ਼ਹੀਦ ਹੋਏ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਪ੍ਰਤੀ ਮੰਦਭਾਸ਼ਾ ਲਿਖਣ ਵਾਲੇ ਲੇਖਕ ਕੁਲਦੀਪ ਨਈਅਰ ਦਾ ਸਨਮਾਨ ਵਾਪਸ ਲੈਣ ਦਾ ਵੀ ਫੈਸਲਾ ਕੀਤਾ ਗਿਆ। ਮੀਟਿੰਗ ਦੀ ਅਰੰਭਤਾ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਹਰਪਾਲ ਸਿੰਘ ਵੱਲੋਂ ਕੀਤੀ ਅਰਦਾਸ ਨਾਲ ਹੋਈ।
ਇਕੱਤਰਤਾ ਤੋਂ ਬਾਅਦ ਪ੍ਰੈਸ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਲਏ ਗਏ ਫੈਸਲਿਆਂ ਸਬੰਧੀ ਦੱਸਿਆ ਕਿ 2019 ਵਿਚ ਆ ਰਹੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਕੌਮਾਂਤਰੀ ਪੱਧਰ ’ਤੇ ਮਨਾਉਣ ਲਈ ਤਿਆਰੀਆਂ ਆਰੰਭ ਦਿੱਤੀਆਂ ਗਈਆਂ ਹਨ ਅਤੇ ਇਸ ਵਾਰ 4 ਨਵੰਬਰ 2017 ਨੂੰ ਆ ਰਹੇ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਵਿਖੇ ਵਿਸ਼ਾਲ ਕਵੀ ਦਰਬਾਰ, ਕੀਰਤਨ ਦਰਬਾਰ ਅਤੇ ਢਾਡੀ ਦਰਬਾਰ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਅੰਤ੍ਰਿੰਗ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਨਨਕਾਣਾ ਸਾਹਿਬ ਵਿਖੇ ਇੱਕ ਵਿਸ਼ਾਲ ਸਿੱਖ ਅਜਾਇਬ ਘਰ ਸਥਾਪਤ ਕਰਨ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ੍ਰੀ ਨਨਕਾਣਾ ਸਾਹਿਬ ਵਿਖੇ ਹੀ ਗੁਰਬਾਣੀ ਸੰਗੀਤ ਅਕੈਡਮੀ ਖੋਲ੍ਹੀ ਜਾਵੇਗੀ ਅਤੇ ਇਸਦੇ ਨਾਲ ਹੀ ਪਾਕਿਸਤਾਨ ਦੇ ਗੁਰਦੁਆਰਾ ਸਾਹਿਬਾਨ ਵਿਖੇ ਨਿਤਨੇਮ ਦੀਆਂ ਬਾਣੀਆਂ, ਸੁਖਮਨੀ ਸਾਹਿਬ ਦੇ ਗੁਟਕਾ ਸਾਹਿਬ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਟੀਕ ਦੇ ਨਾਲ ਹੀ ਤਬਲਾ, ਹਾਰਮੋਨੀਅਮ ਸਮੇਤ ਸੰਗੀਤ ਦਾ ਹੋਰ ਸਾਜ਼ੋ-ਸਮਾਨ ਦਿੱਤਾ ਜਾਵੇਗਾ ਅਤੇ ਇਸਦੀ ਆਗਿਆ ਸਬੰਧੀ ਪ੍ਰਕਿਰਿਆ ਨੂੰ ਸਰਲ ਬਣਾਉਂਦਿਆਂ ਅਧਿਕਾਰ ਸ਼੍ਰੋਮਣੀ ਕਮੇਟੀ ਦੇ ਸਕੱਤਰ ਨੂੰ ਦੇ ਦਿੱਤੇ ਗਏ ਹਨ। ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਰਾਏ ਬੁਲਾਰ ਜੀ ਦੇ ਨਾਮ ‘ਤੇ ਇੱਕ ਲਾਇਬ੍ਰੇਰੀ ਬਣਾਉਣ ਨੂੰ ਵੀ ਪ੍ਰਵਾਨਗੀ ਦਿੱਤੀ ਗਈ ਹੈ। ਰਾਏ ਬੁਲਾਰ ਜੀ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਲਗਾਉਣ ਸਮੇਂ ਉਨ੍ਹਾਂ ਦੇ ਪਰਿਵਾਰ ਨੂੰ ਵੀ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਆਉਣ ਲਈ ਸੱਦਾ ਦਿੱਤਾ ਜਾਵੇਗਾ। 
ਪ੍ਰੋ: ਬਡੂੰਗਰ ਨੇ ਅੱਗੇ ਦੱਸਿਆ ਕਿ ਜੂਨ 1984 ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ ਉਪਰ ਸਮੇਂ ਦੀ ਕੇਂਦਰੀ ਹਕੂਮਤ ਵੱਲੋਂ ਕੀਤੇ ਗਏ ਫੌਜੀ ਹਮਲੇ ਦੌਰਾਨ ਸ਼ਹੀਦ ਹੋਏ ਸੰਤ ਗਿਆਨੀ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਬਾਰੇ ਆਪਣੇ ਲੇਖ ਵਿਚ ਭੱਦੀ ਸ਼ਬਦਾਵਲੀ ਵਰਤ ਕੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੇ ਲੇਖਕ ਕੁਲਦੀਪ ਨਈਅਰ ਪਾਸੋਂ ਸਨਮਾਨ ਵਾਪਸ ਲੈਣ ਦਾ ਵੀ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕੁਲਦੀਪ ਨਈਅਰ ਵੱਲੋਂ ਵਰਤੀ ਗਈ ਸ਼ਬਦਾਵਲੀ ਕਾਰਨ ਸਿੱਖ ਜਗਤ ਵਿਚ ਰੋਸ ਦੀ ਭਾਵਨਾ ਪਾਈ ਜਾ ਰਹੀ ਸੀ, ਜਿਸ ਦੇ ਮੱਦੇਨਜ਼ਰ ਉਸ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਦਿੱਤਾ ਸ਼੍ਰੋਮਣੀ ਪੱਤਰਕਾਰ ਦਾ ਸਨਮਾਨ ਵਾਪਸ ਲੈਣ ਦਾ ਅੰਤ੍ਰਿੰਗ ਕਮੇਟੀ ਨੇ ਫੈਸਲਾ ਲਿਆ ਹੈ। 
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ 1971 ਦੀ ਜੰਗ ਵਿਚ ਬਹਾਦਰੀ ਨਾਲ ਲੜਨ ਵਾਲੇ ਸਿੱਖ ਫੌਜੀ ਅਫਸਰ ਜਨਰਲ ਜਗਜੀਤ ਸਿੰਘ ਅਰੋੜਾ ਅਤੇ ਮਾਲਵੇ ਦਾ ਇਤਿਹਾਸ ਲਿਖਣ ਵਾਲੇ ਬਾਬਾ ਵਿਸਾਖਾ ਸਿੰਘ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਲਗਾਈਆਂ ਜਾਣਗੀਆਂ। ਇਸ ਦੇ ਨਾਲ ਹੀ ਅੰਤ੍ਰਿੰਗ ਕਮੇਟੀ ਵੱਲੋਂ ਸਿੱਖ ਕੌਮ ਦੀਆਂ ਦੋ ਮਹਾਨ ਸ਼ਖਸੀਅਤਾਂ ਬਾਬਾ ਬੀਰ ਸਿੰਘ ਨੌਰੰਗਾਬਾਦੀ ਅਤੇ ਬਾਬਾ ਮਹਾਰਾਜ ਸਿੰਘ ਦੀ ਯਾਦ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਸ੍ਰੀ ਅੰਮ੍ਰਿਤਸਰ ਵਿਖੇ ਮਨਾਈ ਜਾਵੇਗੀ ਅਤੇ ਇਸ ਸਬੰਧ ਵਿਚ 8 ਨਵੰਬਰ 2017 ਨੂੰ ਇੱਕ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ। 
ਪ੍ਰੋ: ਬਡੂੰਗਰ ਨੇ ਕਿਹਾ ਕਿ ਮਨੁੱਖਤਾ ਨੂੰ ਅਧਿਆਤਮਕ ਅਗਵਾਈ ਦੇਣ ਵਾਲੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਦੀ ਤਾਦਾਦ ਵਿਚ ਸੰਗਤਾਂ ਆਪਣੀ ਆਸਥਾ ਲੈ ਕੇ ਪੁੱਜਦੀਆਂ ਹਨ ਪਰ ਦੁੱਖ ਦੀ ਗੱਲ ਹੈ ਕਿ ਪ੍ਰਸ਼ਾਸਨ ਦੀ ਢਿੱਲ ਕਾਰਨ ਸ਼ਰਧਾਲੂਆਂ ਨਾਲ ਲੁੱਟ ਖੋਹ ਦੀਆਂ ਘਟਨਾਵਾਂ ਅਕਸਰ ਵਾਪਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਟਾਟਾ ਨਗਰ ਤੋਂ ਦਰਸ਼ਨ ਕਰਨ ਪਹੁੰਚੇ ਇੱਕ ਪਰਿਵਾਰ ਨਾਲ ਵੀ ਅਜਿਹੀ ਘਟਨਾ ਵਾਪਰੀ ਹੈ ਜਿਸ ਵਿਚ ਬੀਬੀ ਸਰਬਜੀਤ ਕੌਰ ਨੂੰ ਸੱਟਾਂ ਵੀ ਲੱਗੀਆਂ ਹਨ, ਉਸਦੀ ਸਹਾਇਤਾ ਲਈ ਇੱਕ ਲੱਖ ਰੁਪਏ ਦੀ ਸਹਾਇਤਾ ਪ੍ਰਵਾਨ ਕੀਤੀ ਗਈ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਡੀ.ਜੀ.ਪੀ. ਪੰਜਾਬ ਨੂੰ ਇੱਕ ਪੱਤਰ ਲਿਖਿਆ ਜਾਵੇਗਾ। 
ਇਕੱਤਰਤਾ ਦੌਰਾਨ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਨਿਭਾਈਆਂ ਗਈਆਂ ਸੇਵਾਵਾਂ ਅਤੇ ਕੀਤੇ ਗਏ ਵਿਸ਼ਾਲ ਪ੍ਰਬੰਧਾਂ ਲਈ ਇੱਕ ਸ਼ਲਾਘਾ ਮਤਾ ਵੀ ਪਾਸ ਕੀਤਾ ਗਿਆ।
ਇਕੱਤਰਤਾ ਵਿਚ ਸੀਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਾਇਮਪੁਰ, ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ, ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ, ਅੰਤ੍ਰਿੰਗ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਸ. ਸੁਰਜੀਤ ਸਿੰਘ ਭਿੱਟੇਵਡ, ਸ. ਗੁਰਮੇਲ ਸਿੰਘ ਸੰਗਤਪੁਰਾ, ਭਾਈ ਰਾਮ ਸਿੰਘ, ਸ. ਕੁਲਵੰਤ ਸਿੰਘ ਮੰਨਣ, ਸ. ਨਿਰਮਲ ਸਿੰਘ ਹਰਿਆਓ, ਸ. ਸਤਪਾਲ ਸਿੰਘ ਤਲਵੰਡੀ ਭਾਈ, ਬੀਬੀ ਜੋਗਿੰਦਰ ਕੌਰ, ਸ. ਬਲਵਿੰਦਰ ਸਿੰਘ ਵੇਈਂਪੂਈਂ, ਸ. ਸੁਰਜੀਤ ਸਿੰਘ ਕਾਲਾਬੂਲਾ, ਸਕੱਤਰ ਡਾ. ਰੂਪ ਸਿੰਘ, ਸ. ਅਵਤਾਰ ਸਿੰਘ ਸੈਂਪਲਾ, ਸ. ਮਨਜੀਤ ਸਿੰਘ, ਐਡੀਸ਼ਨਲ ਸਕੱਤਰ ਸ. ਹਰਭਜਨ ਸਿੰਘ ਮਨਾਵਾਂ, ਸ. ਸੁਖਦੇਵ ਸਿੰਘ ਭੂਰਾ ਕੋਹਨਾ, ਸ. ਮਹਿੰਦਰ ਸਿੰਘ ਆਹਲੀ, ਸ. ਕੇਵਲ ਸਿੰਘ, ਸ. ਬਿਜੈ ਸਿੰਘ, ਸ. ਬਲਵਿੰਦਰ ਸਿੰਘ ਜੌੜਾ ਸਿੰਘਾ, ਮੀਤ ਸਕੱਤਰ ਸ. ਸਿਮਰਜੀਤ ਸਿੰਘ, ਸ. ਚਾਨਣ ਸਿੰਘ, ਸ. ਭਗਵੰਤ ਸਿੰਘ ਧੰਗੇੜਾ ਨਿੱਜੀ ਸਹਾਇਕ, ਸ. ਗੁਰਦੀਪ ਸਿੰਘ ਕੰਗ, ਸ. ਬਲਵਿੰਦਰ ਸਿੰਘ ਭਮਾਰਸੀ ਤੇ ਸ. ਗੁਰਪ੍ਰੀਤ ਸਿੰਘ ਰੋਡੇ ਮੈਨੇਜਰ, ਸ. ਪਰਮਦੀਪ ਸਿੰਘ, ਸ. ਗੁਰਨਾਮ ਸਿੰਘ ਤੇ ਸ. ਸੁਰਿੰਦਰ ਸਿੰਘ ਇੰਚਾਰਜ ਆਦਿ ਹਾਜ਼ਰ ਸਨ।