ਅੰਮ੍ਰਿਤਸਰ ੨੮ ਦਸੰਬਰ ( ) – ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫ਼ਤਿਹ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਆਯੋਜਿਤ ਕੀਤੇ ਗਏ ਸ਼ਹੀਦੀ ਜੋੜ ਮੇਲ ਦੌਰਾਨ ਹਰ ਪੱਖੋਂ ਸਹਿਯੋਗ ਦੇਣ ਵਾਲੀਆਂ ਸਮੂਹ ਧਾਰਮਿਕ ਜਥੇਬੰਦੀਆਂ ਤੇ ਸੰਗਤ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਧੰਨਵਾਦ ਪ੍ਰਗਟ ਕੀਤਾ ਹੈ।
ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਪੁੱਜੀ ਸੰਗਤ ਵੱਲੋਂ ਸ਼ਮੂਲੀਅਤ ਕਰਕੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਆਪਣਾ ਸ਼ਰਧਾ ਤੇ ਸਤਿਕਾਰ ਭੇਟ ਕੀਤਾ ਗਿਆ ਹੈ।ਇਸ ਦੇ ਨਾਲ ਹੀ ਜੋੜ ਮੇਲ ਸਮਾਗਮਾਂ ਨੂੰ ਸਫਲ ਕਰਨ ਹਿਤ ਆਪਣੀਆਂ ਸੇਵਾਵਾਂ ਦੇਣ ਵਾਲੀਆਂ ਸਮੂਹ ਧਾਰਮਿਕ ਜਥੇਬੰਦੀਆਂ, ਲੰਗਰ ਤੇ ਜੋੜਿਆਂ ਦੀ ਸੇਵਾ ਕਰਨ ਵਾਲੀਆਂ ਸਭਾ-ਸੁਸਾਇਟੀਆਂ, ਸੰਤ-ਮਹਾਂਪੁਰਸ਼ਾਂ, ਨਿਹੰਗ ਸਿੰਘ ਜਥੇਬੰਦੀਆਂ ਤੇ ਵੱਡੀ ਗਿਣਤੀ ਵਿੱਚ ਸੰਗਤ ਵੱਲੋਂ ਦਿੱਤੇ ਸਹਿਯੋਗ ਦੀ ਜਿੰਨੀ ਸ਼ਲਾਘਾ ਕੀਤੀ ਜਾਵੇ ਉਹ ਘੱਟ ਹੈ।